Nabaz-e-punjab.com

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉੱਦਮੀ ਨੌਜਵਾਨਾਂ ਵੱਲੋਂ ਸਮਾਜਿਕ ਚੇਤਨਾ ਪੈਦਲ ਮਾਰਚ

ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਸਮਾਜਿਕ ਕੁਰੀਤੀਆਂ ਖ਼ਿਲਾਫ਼ ਸੰਘਰਸ਼ਸ਼ੀਲ ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਕਾਰਕੁਨਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ੁੱਕਰਵਾਰ ਨੂੰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜਿਕ ਚੇਤਨਾ ਪੈਦਲ ਮਾਰਚ ਕੱਢਿਆ ਗਿਆ। ਇਸ ਸਬੰਧੀ ਇਲਾਕੇ ਦੇ ਉੱਦਮੀ ਨੌਜਵਾਨ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਇਕੱਠੇ ਹੋਏ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਦੀ ਸੋਚ ’ਤੇ ਪਹਿਰਾ ਦੇਣ ਅਤੇ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਲਾਮਬੰਦ ਕਰਨ ਦਾ ਪ੍ਰਣ ਅਤੇ ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ।
ਇਸ ਮਗਰੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸੰਸਥਾ ਦੇ ਚੇਅਰਮੈਨ ਤੇ ਸਮਾਜ ਸੇਵੀ ਆਗੂ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਮਾਜਿਕ ਚੇਤਨਾ ਪੈਦਲ ਮਾਰਚ ਕੱਢਿਆ ਗਿਆ। ਨੌਜਵਾਨਾਂ ਦੇ ਇਸ ਕਾਫ਼ਲੇ ਨੂੰ ਸੋਹਾਣਾ ਪੁਲੀਸ ਅਤੇ ਏਅਰਪੋਰਟ ਪੁਲੀਸ ਨੇ ਹਵਾਈ ਅੱਡੇ ਦੇ ਨੇੜੇ ਬੈਰੀਕੇਟ ਲਗਾ ਕੇ ਰੋਕ ਲਿਆ। ਜਿਸ ਕਾਰਨ ਨੌਜਵਾਨ ਉੱਥੇ ਹੀ ਸੜਕ ’ਤੇ ਬੈਠ ਗਏ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਅਤੇ ਸਤਵਿੰਦਰ ਸਿੰਘ ਚੈੜੀਆਂ ਨੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੰਵਿਧਾਨ ਅਨੁਸਾਰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਿਆ ਜਾਵੇ ਕਿਉਂਕਿ ਇਹ ਹਵਾਈ ਅੱਡਾ ਪੰਜਾਬ ਦੀ ਧਰਤੀ ’ਤੇ ਬਣਿਆਂ ਹੋਇਆ ਹੈ। ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸ਼ਹੀਦ ਸਾਥੀ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਪੂਰੇ ਦੇਸ਼ ਵਿੱਚ ਸਰਕਾਰੀ ਛੁੱਟੀ ਦੀ ਘੋਸ਼ਣਾ ਕੀਤੀ ਜਾਵੇ। ਇਸ ਮੌਕੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨੇ ਨੌਜਵਾਨਾਂ ਤੋਂ ਮੰਗ ਪੱਤਰ ਹਾਸਲ ਕਰਕੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਅਤੇ ਏਅਰਪੋਰਟ ਅਥਾਰਟੀ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਬਾਰੇ ਜਾਣੂ ਕਰਵਾ ਦਿੱਤਾ ਜਾਵੇਗਾ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀ ਸੰਸਥਾ ਵੱਲੋਂ ਉਕਤ ਮੰਗਾਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ.ਪੀ ਰਾਣਾ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਸਪੀਕਰ ਨੇ ਸਦਨ ਵਿੱਚ ਮੁੱਦਾ ਰੱਖਣ ਦਾ ਭਰੋਸਾ ਦਿੱਤਾ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜਦੋਂ ਤੱਕ ਸਰਕਾਰਾਂ ਉਕਤ ਮੰਗਾਂ ਨੂੰ ਪ੍ਰਵਾਨ ਕਰਨ ਦਾ ਰਸਮੀ ਐਲਾਨ ਨਹੀਂ ਕਰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਰਮਾਕਾਂਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਜਨਰਲ ਸਕੱਤਰ ਲੱਕੀ ਕਲਸੀ, ਚੀਫ਼ ਕੋਆਡੀਨੇਟਰ ਜੱਗੀ ਧਨੋਆ, ਸਿਮਰਨਜੀਤ ਕੌਰ ਗਿੱਲ, ਅਮਰੀਕ ਸਿੰਘ ਹੈਪੀ, ਅੰਮ੍ਰਿਤ ਜੌਲੀ, ਵਿਨੀਤ ਕਾਲੀਆ, ਗੁਰਜੀਤ ਮਟੌਰ, ਵਿਕਾਸ ਬੱਬੂ, ਸੋਨੂੰ ਬੈਦਵਾਨ, ਸ਼ੁਭ ਸੇਖੋਂ, ਇਸ਼ਾਂਤ ਸ਼ਰਮਾ, ਬਰਿੰਦਰ ਸਿੰਘ, ਅਜੈ ਸ਼ਰਮਾ, ਭੋਲੂ ਸੋਹਾਣਾ, ਰਣਦੀਪ ਬੈਦਵਾਨ, ਪ੍ਰਮੋਦ ਮਿੱਤਰਾ ,ਠੇਕੇਦਾਰ ਠਾਕੁਰ ਸਿੰਘ, ਜੋਨੀ ਨਿਹੋਲਕਾ ਸਮੇਤ ਹੋਰ ਸੈਂਕੜੇ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…