nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ
ਇੱਥੋਂ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਮਸੌਲ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਇ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਕਵੀਸ਼ਰ ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਪ੍ਰਿਤਪਾਲ ਸਿੰਘ ਜੀ, ਭਾਈ ਸੁਰਜੀਤ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਆਉਣ ਵਾਲੀ ਮਿਤੀ 23 ਜੁਲਾਈ ਨੂੰ ਅੱਠਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਭਾਈ ਬਲਬੀਰ ਸਿੰਘ ਬੀਰ ਅਤੇ ਸਮਰਾਲੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਢਾਡੀ ਜੱਥਾ ਭਾਈ ਗੁਰਦੇਵ ਸਿੰਘ ਕੋਨਾ, ਭਾਈ ਸੁਰਜੀਤ ਸਿੰਘ ਜੀ ਜੰਡਲੀ ਸਾਹਿਬ ਵਾਲੇ, ਭਾਈ ਹਰਦੀਪ ਸਿੰਘ ਜੀ ਪੰਜੋਖਰਾ ਸਾਹਿਬ ਵਾਲੇ, ਭਾਈ ਸਤਿੰਦਰ ਪਾਲ ਸਿੰਘ ਜੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …