
ਪੰਜਾਬ ਵਿੱਚ ਸਿਹਤ ਢਾਂਚੇ ਵਿੱਚ ਵਿਆਪਕ ਤਬਦੀਲੀ ਆਈ: ਬਲਬੀਰ ਸਿੱਧੂ
ਸਿਹਤ ਮੰਤਰੀ ਨੇ ਪਿੰਡ ਪੱਤੋਂ ’ਚ ਫਿਰਨੀ ਦਾ ਨੀਂਹ ਪੱਥਰ ਰੱਖਿਆ, ਵਿਕਾਸ ਲਈ ਗਰਾਂਟ ਦਿੱਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਪੱਤੋਂ ਵਿੱਚ ਫਿਰਨੀ ਦਾ ਨੀਂਹ ਪੱਥਰ ਰੱਖਿਆ ਅਤੇ ਵੱਖ-ਵੱਖ ਵਿਕਾਸ ਕਾਰਜਾਂ 49.50 ਲੱਖ ਰੁਪਏ ਦੀ ਗਰਾਂਟ ਦੇ ਵੱਖੋ ਵੱਖਰੇ ਚੈੱਕ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਫਿਰਨੀ ’ਤੇ 32 ਲੱਖ ਰੁਪਏ ਖ਼ਰਚੇ ਜਾਣਗੇ ਜਦੋਂਕਿ ਵਾਲਮੀਕੀ ਭਵਨ ਦੀ ਉਸਾਰੀ ਅਤੇ ਹੋਰ ਕਾਰਜਾਂ ’ਤੇ 17.50 ਲੱਖ ਰੁਪਏ ਖਰਚਾ ਆਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੌਜੂਦਾ ਸਮੇਂ ਵਿੱਚ ਪਿੰਡਾਂ ਅੰਦਰ ਓਪਨ ਜਿੰਮ, ਪਾਰਕ, ਕਮਿਊਨਿਟੀ ਸੈਂਟਰ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਦੋਂਕਿ ਪਿਛਲੀ ਅਕਾਲੀ ਸਰਕਾਰ ਨੇ ਇਸ ਕੰਮ ਵਿੱਚ ਬੁਰੀ ਤਰ੍ਹਾਂ ਫੇਲ ਰਹੀ ਹੈ।
ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਵਿਕਸਿਤ ਮੁਲਕਾਂ ਦੇ ਹਾਣ ਦਾ ਕਰਾਰ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਵਿਭਾਗ ਦਾ ਕਾਰਜ ਸੰਭਾਲਿਆ ਹੈ, ਉਦੋਂ ਤੋਂ ਇਸ ਮਹਿਕਮੇ ਵਿੱਚ ਵਿਆਪਕ ਅਤੇ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਪੰਜਾਬ ਵੱਲੋਂ ਪੂਰੇ ਦੇਸ਼ ’ਚੋਂ ਵਧੀਆ ਤਰੀਕੇ ਨਾਲ ਨਜਿੱਠਿਆ ਗਿਆ ਹੈ ਅਤੇ ਵੈਕਸੀਨੇਸ਼ਨ ਵਿੱਚ ਵੀ ਪੰਜਾਬ ਹੋਰਨਾਂ ਸੂਬਿਆਂ ਨਾਲੋਂ ਮੋਹਰੀ ਰਿਹਾ ਹੈ। ਜ਼ਿਲ੍ਹਾ ਪੱਧਰ ’ਤੇ ਮੁਹਾਲੀ ਅੱਵਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਤੇ ਵੀ ਆਕਸੀਜਨ ਦਾ ਕੋਈ ਸੰਕਟ ਨਹੀਂ ਆਇਆ, ਸਗੋਂ ਦੇਸ਼ ਦੇ ਹੋਰ ਸੂਬਿਆਂ ਦੇ ਮਰੀਜ਼ਾਂ ਨੂੰ ਪੰਜਾਬ ਆ ਕੇ ਆਪਣਾ ਇਲਾਜ ਕਰਵਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਹਸਪਤਾਲਾਂ ਵਿੱਚ ਪੀਐਸਏ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਆਕਸੀਜਨ ਦੀ ਕਮੀ ਨਾਲ ਨਜਿੱਠਿਆ ਜਾ ਸਕੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਰੁਪਿੰਦਰ ਕੌਰ, ਸਾਬਕਾ ਸਰਪੰਚ ਕੁਲਵੰਤ ਸਿੰਘ, ਲਖਮੀਰ ਸਿੰਘ ਕਾਲਾ, ਹਰਵਿੰਦਰ ਸਿੰਘ ਬਿੱਲਾ, ਹਰਿੰਦਰ ਜਗੀਰਦਾਰ, ਬਲਬੀਰ ਸਿੰਘ, ਬਿੱਟੂ ਸਿੰਘ, ਜਸਵੀਰ ਸਿੰਘ ਸੇਵਾਮੁਕਤ ਜੱਜ, ਮੁਖ਼ਤਿਆਰ ਸਿੰਘ ਸਾਬਕਾ ਐਸਡੀਓ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ ਅਤੇ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ ਹਾਜ਼ਰ ਸਨ।