
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ
ਜਾਇਜ਼ ਮੰਗਾਂ ਨਾ ਮੰਨੇ ਜਾਣ ’ਤੇ 19 ਫਰਵਰੀ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਮੁਹਾਲੀ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੀ ਆਪ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ, ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਰਣਬੀਰ ਸਿੰਘ ਢਿੱਲੋਂ, ਐਨਡੀ ਤਿਵਾੜੀ, ਜਗਦੀਸ ਸਿੰਘ ਸਰਾਓ, ਜ਼ਿਲ੍ਹਾ ਕਨਵੀਨਰ ਗੁਰਵਿੰਦਰ ਸਿੰਘ, ਗੁਰਪਿਆਰ ਸਿੰਘ, ਹਜ਼ਾਰਾ ਸਿੰਘ ਚੀਮਾ, ਹਰਦਿਆਲ ਸਿੰਘ, ਮਨਦੀਪ ਸਿੰਘ, ਅਮਿਤ ਕਟੋਚ, ਕੌਂਸਲਰ ਸੁੱਚਾ ਸਿੰਘ ਕਲੌੜ, ਜੀਟੀਯੂ ਦੇ ਆਗੂ ਹਰਨੇਕ ਸਿੰਘ ਮਾਵੀ ਨੇ ਵੀ ਸੰਬੋਧਨ ਕੀਤਾ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਬਾਰੇ ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ।
ਵੱਖ-ਵੱਖ ਬੁਲਾਰਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਚੋਣਾਂ ਵਿੱਚ ਲਾਭ ਲੈਣ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਗੁਮਰਾਹ ਕੀਤਾ ਗਿਆ। ਜਦੋਂਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਮਾਮਲੇ ਨੂੰ ਠੰਢੇ ਬਸਤੇ ਵਿੱਚ ਪਾ ਕੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 19 ਫਰਵਰੀ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਜੋਗਿੰਦਰਪਾਲ, ਹਰਦਿਆਲ ਸਿੰਘ, ਸੁਲੱਖਣ ਸਿੰਘ, ਤੇਜਪਾਲ, ਬਾਬੂ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਅਜਮੇਰ ਸਿੰਘ, ਗੁਰਬਖ਼ਸ਼ ਸਿੰਘ, ਪ੍ਰੇਮ ਚੰਦ, ਰਣਜੀਤ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।