
ਮਟੌਰ ਪੁਲੀਸ ਵੱਲੋਂ ਚਿੱਟੇ ਨਾਲ ਨੌਜਵਾਨ ਗ੍ਰਿਫ਼ਤਾਰ
ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ:
ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਚਿੱਟੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਪਿੰਡ ਕਾਦਰ ਵਾਲਾ (ਮੋਗਾ) ਵਜੋਂ ਹੋਈ ਹੈ, ਜੋ ਇਸ ਸਮੇਂ ਬਲੌਂਗੀ ਪੀਜੀ ਵਿੱਚ ਕਿਰਾਏ ’ਤੇ ਕਮਰਾ ਲੈ ਕੇ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਅੱਜ ਇੱਥੇ ਮਟੌਰ ਥਾਣੇ ਦੇ ਐਸਐਚਓ ਇੰਸਪੈਕਟਰ ਕੁਲਵੰਤ ਸਿੰਘ ਨੇ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਸਿਟੀ-1) ਪ੍ਰਿਥਵੀ ਸਿੰਘ ਚਹਿਲ ਦੀ ਨਿਗਰਾਨੀ ਹੇਠ ਥਾਣੇਦਾਰ ਜਸਪਾਲ ਸਿੰਘ ਨੇ ਕਮਿਊਨਿਟੀ ਸੈਂਟਰ ਸੈਕਟਰ-71 ਦੇ ਸਾਹਮਣੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਨੌਜਵਾਨ ਜੋ ਪਿੰਡ ਮਟੌਰ ਵੱਲ ਤੋਂ ਸੈਕਟਰ-71 ਵੱਲ ਜਾ ਰਿਹਾ ਸੀ। ਉਸ ਨੇ ਪੁਲੀਸ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਕਰਮਚਾਰੀਆਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 12 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਮੁਲਜ਼ਮ ਕੋਲੋਂ ਇੱਕ ਇਲੈਕਟ੍ਰੋਨਿਕ ਕੰਡਾ, ਇੱਕ ਮੋਬਾਈਲ ਫੋਨ ਅਤੇ ਦੋ ਹਜ਼ਾਰ ਨਗਦੀ ਬਰਾਮਦ ਕੀਤੀ ਗਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ 11 ਅਪਰੈਲ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਪਤਾ ਕੀਤਾ ਜਾਵੇਗਾ ਕਿ ਉਹ ਚਿੱਟਾ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਕਿੱਥੇ ਕਿੱਥੇ ਵੇਚਦਾ ਹੈ ਅਤੇ ਉਸ ਨਾਲ ਹੋਰ ਕੌਣ ਕੌਣ ਸ਼ਾਮਲ ਹਨ।