ਦਸਵੀਂ ਦੀ ਪ੍ਰੀਖਿਆ: ਤਰਨਤਾਰਨ ਤੇ ਲੁਧਿਆਣਾ ਵਿੱਚ ਚਾਰ ਨਕਲ ਦੇ ਕੇਸ ਫੜੇ

ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਮੁਹਾਲੀ ਤੇ ਹੋਰਨਾਂ ਥਾਵਾਂ ’ਤੇ ਕੀਤੀ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ-ਪੂਈ ਤਰਨਤਾਰਨ ਦੇ ਪ੍ਰੀਖਿਆ ਕੇਂਦਰ ਦੇ ਨਿਗਰਾਨ ਅਮਲੇ ਨੂੰ ਤੁਰੰਤ ਬਦਲਿਆ

ਸਕੂਲ ਬੋਰਡ ਦੇ ਚੇਅਰਮੈਨ ਨੇ ਪ੍ਰੀਖਿਆ ਕੇਂਦਰ ਦੇ ਨਿਗਰਾਨ ਅਮਲੇ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਰ੍ਹੇ ਦਸਵੀਂ ਅਤੇ ਬਾਰ੍ਹਵੀ ਸ਼੍ਰੇਣੀ ਦੀਆਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਦਸਵੀਂ ਜਮਾਤ ਦੇ ਪੰਜਾਬੀ-ਬੀ ਅਤੇ ਪੰਜਾਬ ਦਾ ਇਤਿਹਾਸ ਅਤੇ ਸਭਿਆਚਾਰ ਵਿਸ਼ੇ ਦੀ ਪ੍ਰੀਖਿਆ ਦੌਰਾਨ ਚਾਰ ਨਕਲ ਕੇਸ ਫੜੇ ਗਏ ਹਨ। ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ-ਪੂਈ ਵਿੱਚ ਤਿੰਨ ਵਿਦਿਆਰਥੀਆਂ ਨੂੰ ਨਕਲ ਕਰਦੇ ਹੋਏ ਫੜਿਆ ਗਿਆ ਹੈ। ਇੰਝ ਹੀ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ ਵਿੱਚ ਇੱਕ ਨਕਲ ਕੇਸ ਸਾਹਮਣੇ ਆਇਆ ਹੈ। ਉਂਜ ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਨਾਲੋਂ ਐਤਕੀਂ ਨਕਲ ਦੇ ਘੱਟ ਹੀ ਕੇਸ ਸਾਹਮਣੇ ਆ ਰਹੇ ਹਨ ਜਦੋਂ ਕਿ ਪਹਿਲਾਂ ਕਾਫੀ ਮਾਤਰਾ ਵਿੱਚ ਨਕਲ ਦੇ ਕੇਸ ਫੜੇ ਜਾਂਦੇ ਸੀ।
ਸ੍ਰੀ ਢੋਲ ਨੇ ਦਾਅਵਾ ਕੀਤਾ ਕਿ ਇਸ ਸਾਲ ਬੋਰਡ ਦੀ ਸਖ਼ਤੀ ਕਾਰਨ ਬਾਰਡਰ ਏਰੀਆ ਵਿੱਚ ਨਕਲ ’ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਦੇ ਵੱਧ ਮਾਮਲੇ ਸਾਹਮਣੇ ਆਉਂਦੇ ਸਨ ਅਤੇ ਪਿਛਲੇ ਸਮੇਂ ਦੌਰਾਨ ਪੁਲੀਸ ਥਾਣਿਆਂ ਵਿੱਚ ਪ੍ਰੀਖਿਆਰਥੀਆਂ ਤੇ ਪ੍ਰੀਖਿਆ ਅਮਲੇ ਦੇ ਖ਼ਿਲਾਫ਼ ਕੇਸ ਦਰਜ ਹੋਏ ਹਨ ਪਰ ਐਤਕੀਂ ਨਕਲ ਦੇ ਰੁਝਾਨ ਵਿੱਚ ਕਾਫੀ ਕਮੀ ਆਈ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਸ੍ਰੀ ਢੋਲ ਨੇ ਦੱਸਿਆ ਕਿ ਅੱਜ 3 ਲੱਖ 63 ਹਜ਼ਾਰ 041 ਵਿਦਿਆਰਥੀਆਂ ਨੇ 2463 ਪ੍ਰੀਖਿਅ ਕੇਂਦਰਾਂ ਵਿੱਚ ਦਸਵੀਂ ਦੀ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਕਲ ਕਾਰਨ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ-ਪੂਈ ਦੇ ਸਬੰਧਤ ਪ੍ਰੀਖਿਆ ਕੇਂਦਰ ਦੇ ਨਿਗਰਾਨ ਅਮਲੇ ਨੂੰ ਤੁਰੰਤ ਪ੍ਰਭਾਵ ਨਾਲ ਇੱਥੋਂ ਬਦਲ ਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਲਈ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੇ ਇਕਨਾਮਿਕਸ ਅਤੇ ਫੰਡਾਮੈਂਟਲਜਆਫਈ ਬਿਜ਼ਨਸ ਵਿਸ਼ੇ ਦੇ 58 ਹਜ਼ਾਰ 189 ਵਿਦਿਆਰਥੀਆਂ ਨੇ 2173 ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦਿੱਤੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਬਾਰ੍ਹਵੀਂ ਦੀ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਹੈ। ਇਸ ਤੋਂ ਪਹਿਲਾਂ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਅੱਜ ਸ਼ਾਸਤਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-1, ਮੁਹਾਲੀ ਅਤੇ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ-70 ਦੇ ਬਾਰ੍ਹਵੀਂ ਸ਼੍ਰੇਣੀ ਦੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਾਰੇ ਪ੍ਰਬੰਧ ਤਸੱਲੀ ਬਖ਼ਸ਼ ਪਾਏ ਗਏ ਹਨ ਅਤੇ ਇਨ੍ਹਾਂ ਕੇਂਦਰਾਂ ਵਿੱਚ ਕੋਈ ਵੀ ਨਕਲ ਦਾ ਕੇਸ ਸਾਹਮਣੇ ਨਹੀਂ ਆਇਆ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…