ਮੁਹਾਲੀ ਦੇ ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਕੀਤੀ ਸਮੀਖਿਆ

ਮਕੈਨੀਕਲ ਸਵੀਪਿੰਗ ਦੀ ਪ੍ਰਕਿਰਿਆ ਰੁਕੀ ਹੋਣ ਕਾਰਨ ਹੋਰ ਸਫਾਈ ਸੇਵਕ ਕੀਤੇ ਗਏ ਭਰਤੀ: ਜੀਤੀ ਸਿੱਧੂ

ਰੋਜ਼ਾਨਾ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਦੀ ਨਜ਼ਰਸਾਨੀ ਕਰਨ ਲਈ ਖ਼ੁਦ ਮੌਕਾ ਦੇਖਾਂਗੀ: ਨਵਜੋਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਨੇ ਮੰਗਲਵਾਰ ਨੂੰ ਮੁਹਾਲੀ ਵਿੱਚ ਸਫ਼ਾਈ ਦੇ ਬੰਦੋਬਸਤ ਵਧੀਆ ਢੰਗ ਨਾਲ ਕਰਨ ਸਬੰਧੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮਕੈਨੀਕਲ ਸਵੀਪਿੰਗ ਦੀ ਪ੍ਰਕਿਰਿਆ ਹਾਲੇ ਸਥਾਨਕ ਸਰਕਾਰ ਵਿਭਾਗ ਵਿਚ ਕਾਰਵਾਈ ਅਧੀਨ ਹੋਣ ਕਰਕੇ ਕੁਝ ਸਫਾਈ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ ਕੁਝ ਮਸ਼ੀਨਰੀ ਮੁਹਾਲੀ ਨਗਰ ਨਿਗਮ ਵੱਲੋਂ ਹਾਸਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮੁਹਾਲੀ ਦੇ ਸਫ਼ਾਈ ਸਬੰਧੀ ਬਣਾਏ ਗਏ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਾਫ਼-ਸਫ਼ਾਈ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੁਹਾਲੀ ਦੇ ਲੋਕਾਂ ਨੂੰ ਵੀ ਆਪਣਾ ਆਲਾ-ਦੁਆਲਾ ਸਾਫ ਰੱਖਣ ਦੀ ਬੇਨਤੀ ਕਰਦਿਆਂ ਨਗਰ ਨਿਗਮ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਮੁਹਾਲੀ ਵਿੱਚ ਸਭ ਤੋਂ ਵੱਡੀ ਸਮੱਸਿਆ ਸੜਕਾਂ ਕਿਨਾਰੇ ਸੁੱਟੇ ਗਏ ਪਲਾਸਟਿਕ ਦੇ ਲਿਫਾਫਿਆਂ ਅਤੇ ਹੋਰ ਗੰਦਗੀ ਤੋਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਲਿਫ਼ਾਫ਼ੇ ਅਤੇ ਗੰਦਗੀ ਰੋਡ ਗਲੀਆਂ ਅਤੇ ਡਰੇਨੇਜ ਸਿਸਟਮ ਵਿੱਚ ਫਸ ਜਾਂਦੇ ਹਨ ਅਤੇ ਇਸ ਨਾਲ ਡਰੇਨੇਜ ਜਾਮ ਹੋ ਜਾਂਦਾ ਹੈ ਤੇ ਪਾਣੀ ਦੀ ਨਿਕਾਸੀ ਬੰਦ ਹੋ ਜਾਂਦੀ ਹੈ। ਉਨ੍ਹਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਖਾਸ ਤੌਰ ਤੇ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਗੰਦਗੀ ਨੂੰ ਸੜਕਾਂ ਉੱਤੇ ਸੁੱਟਣ ਤੋਂ ਬਚਣ ਅਤੇ ਪਲਾਸਟਿਕ ਦੀ ਰਹਿੰਦ ਖੂੰਹਦ ਨੂੰ ਸਹੀ ਢੰਗ ਨਾਲ ਕੂੜੇਦਾਨਾਂ ਵਿੱਚ ਪਾਉਣ। ਉਨ੍ਹਾਂ ਇਸ ਮੌਕੇ ਸਮੂਹ ਸਫਾਈ ਵਿਭਾਗ ਦੇ ਚੀਫ ਇੰਸਪੈਕਟਰਾਂ, ਇੰਸਪੈਕਟਰਾਂ, ਸੁਪਰਵਾਈਜ਼ਰਾਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਰੋਜ਼ਾਨਾ ਖੁਦ ਕਿਸੇ ਨਾ ਕਿਸੇ ਇਲਾਕੇ ਵਿੱਚ ਸਫ਼ਾਈ ਸੰਬੰਧਾਂ ਦੀ ਨਜ਼ਰਸਾਨੀ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਸਫਾਈ ਸਬੰਧੀ ਕੋਈ ਕੋਤਾਹੀ ਪਾਈ ਜਾਂਦੀ ਹੈ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ। ਇਸ ਮੌਕੇ ਸਿਹਤ ਅਫਸਰ ਡਾ. ਤਮੰਨਾ ਅਤੇ ਐੱਸਈ ਹਰਕੀਰਤ ਸਿੰਘ ਸਮੇਤ ਚੀਫ਼ ਇੰਸਪੈਕਟਰ, ਇੰਸਪੈਕਟਰ, ਸੁਪਰਵਾਈਜ਼ਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…