
ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਸਬੰਧੀ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੁਹਾਲੀ ਦੀ ਸਫ਼ਾਈ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜੀਤੀ ਸਿੱਧੂ
ਆਪੋ ਆਪਣੇ ਖੇਤਰਾਂ ਨੂੰ ਸਾਫ਼ ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਅਧਿਕਾਰੀ: ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਮੁਹਾਲੀ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਬੁੱਧਵਾਰ ਨੂੰ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਡਾ. ਕਮਲ ਗਰਗ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਸੈਨੇਟਰੀ ਇੰਸਪੈਕਟਰ ਅਤੇ ਚੀਫ਼ ਸੈਨੇਟਰੀ ਇੰਸਪੈਕਟਰ ਆਪੋ ਆਪਣੇ ਜ਼ੋਨਾਂ ਵਿੱਚ ਇਹ ਗੱਲ ਨੂੰ ਯਕੀਨੀ ਬਣਾਉਣਗੇ ਕਿ ਸ਼ਹਿਰ ਵਿੱਚ ਸਫ਼ਾਈ ਦਰੁਸਤ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪੋ ਆਪਣੇ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਦੀ ਨਜ਼ਰਸਾਨੀ ਕਰਦੇ ਹੋਏ ਤਸਵੀਰਾਂ ਖਿੱਚ ਕੇ ਗਰੁੱਪਾਂ ਵਿੱਚ ਪਾਈਆਂ ਜਾਣ।

ਮੇਅਰ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਗੰਦਗੀ ਦੇ ਢੇਰ ਅਤੇ ਦੂਰ ਤੱਕ ਕੂੜਾ ਕਰਕਟ ਖਿੱਲਰਿਆ ਨਜ਼ਰ ਆਇਆ ਤਾਂ ਸਬੰਧਤ ਇਲਾਕੇ ਦੇ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਸ਼ਹਿਰ ਦੀ ਸਫ਼ਾਈ ਰੱਖਣੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਅਧਿਕਾਰੀ ਇਸ ਪੱਖੋਂ ਕਿਸੇ ਵੀ ਤਰ੍ਹਾਂ ਨਾਲ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਮੁਹਾਲੀ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ’ਚੋਂ ਇੱਕ ਹੈ ਅਤੇ ਇੱਥੇ ਸਫ਼ਾਈ ਵਿਵਸਥਾ ਵਿੱਚ ਢਿੱਲ-ਮੱਠ ਨਹੀਂ ਵਰਤੀ ਜਾਣੀ ਚਾਹੀਦੀ। ਮੇਅਰ ਨੇ ਕਿਹਾ ਕਿ ਉਹ ਖ਼ੁਦ ਵੀ ਵੱਖ ਵੱਖ ਇਲਾਕਿਆਂ ਵਿੱਚ ਸਫ਼ਾਈ ਵਿਵਸਥਾ ਦੀ ਨਜ਼ਰਸਾਨੀ ਲਗਾਤਾਰਤਾ ਵਿੱਚ ਕਰਨਗੇ ਅਤੇ ਜੇਕਰ ਸਫ਼ਾਈ ਵਿਵਸਥਾ ਵਿੱਚ ਕਿਤੇ ਕੋਈ ਕਮੀ ਨਜ਼ਰ ਆਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਸਮੂਹ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਇੰਸਪੈਕਟਰ ਵੀ ਹਾਜ਼ਰ ਸਨ।