
ਸਵੱਛ ਸਰਵੇਖਣ: ਮੇਅਰ ਜੀਤੀ ਸਿੱਧੂ ਨੇ ਕੀਤੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਵੱਛ ਸਰਵੇਖਣ ਵਿੱਚ ਇਸ ਵਾਰ ਸ਼ਹਿਰ ਨੂੰ ਨੰਬਰ 1 ’ਤੇ ਲਿਆਉਣ ਲਈ ਨਗਰ ਨਿਗਮ ਸੀਨੀਅਰ ਅਧਿਕਾਰੀਆਂ ਅਤੇ ਸੈਨੇਟਰੀ ਸ਼ਾਖਾ ਤੇ ਇੰਜੀਨੀਅਰਿੰਗ ਵਿੰਗ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕਮਿਸ਼ਨਰ ਕਮਲ ਗਰਗ, ਸੰਯੁਕਤ ਕਮਿਸ਼ਨਰ ਹਰਜੀਤ ਕੌਰ ਵੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਵੱਛ ਸਰਵੇਖਣ-2022 ਵਿੱਚ ਅੱਵਲ ਆਉਣ ਲਈ ਹੁਣੇ ਤੋਂ ਤਿਆਰੀਆਂ ਵਿੱਢੀਆਂ ਜਾਣ ਅਤੇ ਪਿਛਲੇ ਸਮੇਂ ਦੌਰਾਨ ਜੋ ਤਰੁੱਟੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਦੂਰ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਮੁਹਾਲੀ ਨੂੰ ਨੰਬਰ 1 ’ਤੇ ਲਿਆਂਦਾ ਜਾ ਸਕੇ। ਇਸ ਕੰਮ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਵੱਛ ਸਰਵੇਖਣ ਦੀ ਜੋ ਟੂਲ ਕਿੱਟ ਜਾਰੀ ਕੀਤੀ ਗਈ ਹੈ ਉਸ ਅਨੁਸਾਰ ਹਰ ਪੱਧਰ ’ਤੇ ਕਾਰਵਾਈ ਕੀਤੀ ਜਾਵੇ। ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ, ਵਪਾਰਕ ਸੰਸਥਾਵਾਂ, ਉਦਯੋਗਿਕ, ਧਾਰਮਿਕ ਸੰਸਥਾਵਾਂ ਅਤੇ ਕੌਂਸਲਰਾਂ ਨਾਲ ਤਾਲਮੇਲ ਕਰ ਕੇ ਲੋਕਾਂ ਨੂੰ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖੋ-ਵੱਖਰਾ ਕਰਨ ਲਈ ਪ੍ਰੇਰਿਆ ਜਾਵੇ। ਇਸ ਤੋਂ ਮੁਹਾਲੀ ਨੂੰ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਵੱਡੀਆਂ ਮੁਸ਼ਕਲਾਂ ਬਾਰੇ ਜਾਗਰੂਕ ਕੀਤਾ ਜਾਵੇ। ਪਲਾਸਟਿਕ ਬਣਾਉਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਉਸਾਰੀ ਮਲਬੇ ਦਾ ਪ੍ਰਬੰਧਨ ਕਰਨ ਲਈ ਮੁਹਾਲੀ ਵਿੱਚ ਦੋ ਪੁਆਇੰਟ ਬਣਾਏ ਗਏ ਹਨ ਅਤੇ ਇਨ੍ਹਾਂ ਥਾਵਾਂ ’ਤੇ ਮਲਵਾ ਸੁੱਟਣਾ ਯਕੀਨੀ ਬਣਾਇਆ ਜਾਵੇ। ਮੇਅਰ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਏਰੀਆ ਵਿੱਚ ਸਫ਼ਾਈ ਦਾ ਧਿਆਨ ਰੱਖਣ। ਨਿਗਮ ਅਧਿਕਾਰੀਆਂ ਨੇ ਮੇਅਰ ਨੂੰ ਭਰੋਸਾ ਦਿੱਤਾ ਕਿ ਸਵੱਛ ਸਰਵੇਖਣ ਵਿੱਚ ਮੁਹਾਲੀ ਨੂੰ ਨੰਬਰ ਇੱਕ ’ਤੇ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿਹਤ ਅਫ਼ਸਰ ਡਾ. ਤਮੰਨਾ ਅਤੇ ਐਕਸੀਅਨ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।