ਮੇਅਰ ਜੀਤੀ ਸਿੱਧੂ ਵੱਲੋਂ ਸੈਕਟਰ-91 ਤੇ ਸੈਕਟਰ-74 ਦੀ ਟਰੈਫ਼ਿਕ ਲਾਈਟਾਂ ਦਾ ਉਦਘਾਟਨ
ਸੜਕ ਹਾਦਸਿਆਂ ਤੇ ਟਰੈਫ਼ਿਕ ਸਮੱਸਿਆ ਤੋਂ ਮਿਲੇਗੀ ਨਿਜਾਤ: ਮੇਅਰ ਜੀਤੀ ਸਿੱਧੂ
ਨਬਜ਼-ਏ-ਪੰਜਾਬ, ਮੁਹਾਲੀ, 10 ਫਰਵਰੀ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ-91 ਅਤੇ ਸੈਕਟਰ-74 ਨੂੰ ਵੰਡਦੀ ਮੁੱਖ ਸੜਕ ਉੱਤੇ ਨਵੀਆਂ ਟਰੈਫ਼ਿਕ ਲਾਈਟਾਂ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ’ਤੇ 17.5 ਲੱਖ ਰੁਪਏ ਖ਼ਰਚੇ ਗਏ ਹਨ। ਲਾਲ ਬੱਤੀਆਂ ਚਾਲੂ ਹੋਣ ਨਾਲ ਸ਼ਹਿਰ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਵੇਗੀ ਅਤੇ ਟਰੈਫ਼ਿਕ ਸਮੱਸਿਆ ਤੋਂ ਨਿਜਾਤ ਮਿਲੇਗੀ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸੈਕਟਰ-91 ਦੇ ਵਸਨੀਕ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਸੀ ਕਿ ਇੱਥੇ ਟਰੈਫ਼ਿਕ ਲਾਈਟਾਂ ਲਗਾਈਆਂ ਜਾਣ। ਇਸ ਸਬੰਧੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਹਿਲਕਦਮੀ ਕਰਦਿਆਂ ਉਨ੍ਹਾਂ ਦਾ ਗਮਾਡਾ ਅਧਿਕਾਰੀਆਂ ਨਾਲ ਤਾਲਮੇਲ ਕਰਵਾ ਪਹਿਲਾਂ ਸੜਕ ਬਣਾਈ ਗਈ ਅਤੇ ਹੁਣ ਲੋਕਾਂ ਦੀ ਮੰਗ ’ਤੇ ਟਰੈਫ਼ਿਕ ਲਾਈਟਾਂ ਲਾਈਆਂ ਗਈਆਂ ਹਨ। ਮੇਅਰ ਨੇ ਉਦਘਾਟਨ ਮੌਕੇ ਹਾਜ਼ਰ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ ਪਰ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਮਾੜੀ ਹੋਣ ਕਾਰਨ ਵਿਕਾਸ ਕੰਮਾਂ ਖੜੋਤ ਆ ਰਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ। ਸੈਕਟਰ ਵਾਸੀਆਂ ਮੇਅਰ ਜੀਤੀ ਸਿੱਧੂ ਅਤੇ ਨਿਗਮ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਨਿਗਮ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।