ਮੇਅਰ ਜੀਤੀ ਸਿੱਧੂ ਨੇ ਵੱਡੇ ਭਰਾ ਦੀ ਮੌਜੂਦਗੀ ਵਿੱਚ ਬ੍ਰਹਮ ਮਹਿੰਦਰਾ ਨਾਲ ਕੀਤੀ ਮੁਲਾਕਾਤ

ਮੁਹਾਲੀ ਵਿੱਚ ਚੱਲ ਰਹੇ ਅਹਿਮ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਮੰਤਰੀ ਤੋਂ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੁਹਾਲੀ ਦੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਵੱਲੋਂ ਪਾਸ ਕੀਤੇ ਜਾਂਦੇ ਮਤਿਆਂ ਨੂੰ ਮਨਜ਼ੂਰੀ ਦੇਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਬ੍ਰਹਮ ਮਹਿੰਦਰਾ ਨੇ ਇਹ ਭਰੋਸਾ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਮਿਲੇ ਮੁਹਾਲੀ ਦੇ ਨਵੇਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਦਿੱਤਾ। ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗੇ ਅਧਿਕਾਰੀਆਂ ਦੇ ਪੱਧਰ ’ਤੇ ਕਿਸੇ ਕੰਮ ਵਿੱਚ ਰੁਕਾਵਟ ਆ ਰਹੀ ਹੈ ਤਾਂ ਉਹ ਸਿੱਧਾ ਉਨ੍ਹਾਂ ਨੂੰ ਕਿਸੇ ਵੀ ਸਮੇਂ ਮਿਲ ਸਕਦੇ ਹਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਸਮੇਤ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸ੍ਰੀ ਬ੍ਰਹਮ ਮਹਿੰਦਰਾ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ ਅਤੇ ਮੰਤਰੀ ਨੂੰ ਵਿਕਾਸ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁਹਾਲੀ ਪੰਜਾਬ ਦੇ ਵਧੀਆ ਢੰਗ ਨਾਲ ਵਿਕਸਿਤ ਸ਼ਹਿਰਾਂ ’ਚੋਂ ਇਕ ਹੈ ਅਤੇ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੀ ਟੀਮ ਨੂੰ ਸਥਾਨਕ ਸਰਕਾਰ ਵਿਭਾਗ ਤੋਂ ਸਹਿਯੋਗ ਦੀ ਬਹੁਤ ਲੋੜ ਹੈ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਚਾਰ ਦਹਾਕੇ ਪੁਰਾਣੀ ਸੀਵਰੇਜ ਲਾਈਨ ਅਤੇ ਪਾਣੀ ਸਪਲਾਈ ਲਈ ਮਸ਼ੀਨਾਂ ਦੇ ਨਵੀਨੀਕਰਨ ਦੇ ਦੋ ਅਹਿਮ ਪ੍ਰਾਜੈਕਟ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮੁੱਚੇ ਸ਼ਹਿਰ ਦਾ ਬਿਨਾਂ ਪੱਖਪਾਤ ਤੋਂ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉਹ ਖ਼ੁਦ ਵੀ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਕਾਂਗਰਸ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ। ਇਸ ਲਈ ਮੇਅਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਹੋਰ ਵੀ ਜ਼ਿੰਮੇਵਾਰੀ ਵੱਧ ਜਾਂਦੀ ਹੈ ਕਿ ਉਹ ਮੁਹਾਲੀ ਨੂੰ ਨੰਬਰ 1 ਸ਼ਹਿਰ ਬਣਾਉਣ ਲਈ ਕੰਮ ਕਰਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…