ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੱਤ ਗਰਮੀ ਦੇ ਮੱਦੇਨਜ਼ਰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਦੇ ਆਦੇਸ਼

ਦਿੱਲੀ ਤੋਂ ਆਈ ਟੀਮ ਨੇ ਮਨਜ਼ੂਰ ਕੀਤੀ ਥਾਂ ਛੇਤੀ ਸ਼ੁਰੂ ਹੋਣਗੇ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਲੋੜੀਂਦੇ ਸੁੱਕੇ ਤੇ ਹਰੇ ਚਾਰੇ ਦੀ ਵਿਵਸਥਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੇਅਰ ਨੇ ਨਿਗਮ ਮੁਲਾਜ਼ਮਾਂ ਤੋਂ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਲਈ ਅਤੇ ਰਜਿਸਟਰਾਂ ਦੀ ਜਾਂਚ ਸਮੇਤ ਪਸ਼ੂਆਂ ਦੀ ਗਿਣਤੀ ਚੈੱਕ ਕੀਤੀ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਅੱਤ ਦੀ ਗਰਮੀ ਦੇ ਮੱਦੇਨਜ਼ਰ ਗਊਸ਼ਾਲਾ ਵਿੱਚ ਪਸ਼ੂਆਂ ਲਈ ਪਾਣੀ ਦੀ ਸਪਲਾਈ ਅਤੇ ਸਾਂਭ-ਸੰਭਾਲ ਕੀਤੀ ਜਾਵੇ। ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਗਊਸ਼ਾਲਾ ਵਿੱਚ ਲੋੜ ਤੋਂ ਵੱਧ ਪਸ਼ੂ ਨਹੀਂ ਹਨ। ਜੇਕਰ ਇੱਥੇ ਪਸ਼ੂਆਂ ਦੀ ਗਿਣਤੀ ਹੋਰ ਵਧਦੀ ਹੈ ਤਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਫੌਰੀ ਸੂਚਿਤ ਕੀਤਾ ਜਾਵੇ ਤਾਂ ਜੋ ਵਾਧੂ ਪਸ਼ੂਆਂ ਨੂੰ ਬਲੌਂਗੀ ਵਿੱਚ ਬਣਾਈ ਗਈ ਨਵੀਂ ਗਊਸ਼ਾਲਾ ਵਿੱਚ ਸ਼ਿਫ਼ਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲਾਵਾਰਿਸ ਪਸ਼ੂਆਂ ਖਾਸ ਕਰਕੇ ਗਊਆਂ ਦੀ ਦੇਖਭਾਲ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਲਾਵਾਰਿਸ ਪਸ਼ੂਆਂ ਦੀਆਂ ਸਮੱਸਿਆ ਦਾ ਜਲਦੀ ਪੱਕਾ ਹੱਲ ਕੀਤਾ ਜਾਵੇਗਾ।

ਇਸ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਗਊਸ਼ਾਲਾ ਨਾਲ ਬਣੇ ਆਵਾਰਾ ਕੁੱਤਿਆਂ ਦੀ ਨਸਬੰਦੀ ਵਾਲੀ ਥਾਂ ਦਾ ਦੌਰਾ ਕਰਕੇ ਨਸਬੰਦੀ ਥੀਏਟਰ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਐਨੀਮਲ ਵੈੱਲਫੇਅਰ ਬੋਰਡ ਦੀ ਵਿਸ਼ੇਸ਼ ਟੀਮ ਇੱਥੇ ਜਾਂਚ ਪੂਰੀ ਕਰਨ ਤੋਂ ਬਾਅਦ ਇਸ ਥਾਂ ਨੂੰ ਕੁੱਤਿਆਂ ਦੀ ਨਸਬੰਦੀ ਦੇ ਅਪਰੇਸ਼ਨ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੁੱਤਿਆਂ ਦੀ ਨਸਬੰਦੀ ਦਾ ਠੇਕਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ ਛੇਤੀ ਹੀ ਇੱਥੇ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …