ਮੇਅਰ ਜੀਤੀ ਸਿੱਧੂ ਨੇ ਮਟੌਰ ਅਤੇ ਫੇਜ਼-10 ਵਿੱਚ ਸ਼ੁਰੂ ਕਰਵਾਏ ਵਿਕਾਸ ਦੇ ਕੰਮ

ਵਿਧਾਨ ਸਭਾ ਚੋਣਾਂ ਦੌਰਾਨ ਵਿਕਾਸ ਦੇ ਦਮ ’ਤੇ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਪਿੰਡ ਮਟੌਰ ਅਤੇ ਫੇਜ਼-10 ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਮੇਅਰ ਨੇ ਦੱਸਿਆ ਕਿ ਮਟੌਰ ਵਿੱਚ ਲੰਗਰ ਹਾਲ ਵਿੱਚ ਪੇਵਰ ਬਲਾਕ ਲਗਾਉਣ ਸਮੇਤ ਹੋਰ ਵੱਖ-ਵੱਖ ਕੰਮ ਕੀਤੇ ਜਾਣਗੇ ਜਦੋਂਕਿ ਫੇਜ਼-10 ਵਿੱਚ ਐਸਬੀਆਈ ਕਲੋਨੀ ਦੇ ਲੋਕਾਂ ਦੀ ਸਹੂਲਤ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਮੇਅਰ ਜੀਤੀ ਸਿੱਧੂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਉਹ ਵਿਕਾਸ ਦੇ ਦਮ ’ਤੇ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ ਜਦੋਂਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਸ਼ਹਿਰ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਸਨੀਕਾ ਦੀਆਂ ਲੋੜਾਂ ਅਨੁਸਾਰ ਹੀ ਮੁਹਾਲੀ ਵਿਚ ਕੰਮਕਾਰ ਕਰਵਾਏ ਜਾ ਰਹੇ ਹਨ ਅਤੇ ਇਹ ਕੰਮ ਪੂਰੀ ਲਗਾਤਾਰਤਾ ਵਿਚ ਹਰੇਕ ਪਾਸੇ ਹੋ ਰਹੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਵਿਕਾਸ ਕਾਰਜਾਂ ਵਿੱਚ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਵਿਕਾਸ ਕਾਰਜਾਂ ਵਾਸਤੇ ਨਿਗਮ ਕੋਲ ਫੰਡਾਂ ਦੀ ਕੋਈ ਕਮੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਹੀ ਕਾਂਗਰਸ ਪਾਰਟੀ ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਵਿੱਚ ਨਿੱਤਰੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਮੁਹਾਲੀ ਦੇ ਲੋਕ ਮੋਹਾਲੀ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਇਸ ਵਾਰ ਮੁੜ ਵਿਧਾਇਕ ਬਲਬੀਰ ਸਿੰਘ ਸਿੱਧੂ ਪਿਛਲੀ ਵਾਰ ਨਾਲੋਂ ਵੀ ਵੱਧ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।
ਇਸ ਮੌਕੇ ਸੀਨੀਅਰ ਕਾਂਗਰਸ ਆਗੂ ਪਰਦੀਪ ਸੋਨੀ ਨੇ ਮੇਅਰ ਨੂੰ ਇਲਾਕੇ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਲੰਗਰ ਹਾਲ ਵਿੱਚ ਟਾਈਲਾਂ ਲਗਵਾਈਆਂ ਜਾਣ ਜਿਸ ’ਤੇ ਮੇਅਰ ਨੇ ਅੱਜ ਕੰਮ ਸ਼ੁਰੂ ਵੀ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਅਰ ਜੀਤੀ ਸਿੱਧੂ ਨੂੰ ਗਲੀ ਦੇ ਬੰਦ ਪਏ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ। ਜਿਸ ਬਾਰੇ ਮੇਅਰ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਇਹ ਕੰਮ ਵੀ ਫੌਰੀ ਤੌਰ ’ਤੇ ਕਰਵਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ। ਸੋਨੀ ਨੇ ਮੇਅਰ ਨੂੰ ਵਿਸ਼ਵਾਸ਼ ਦੁਆਇਆ ਕਿ ਇਲਾਕੇ ਦੇ ਲੋਕ ਵਿਧਾਇਕ ਬਲਬੀਰ ਸਿੱਧੂ ਨੂੰ ਦੁਬਾਰਾ ਫਿਰ ਤੋਂ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ ਅਤੇ ਵਿਧਾਇਕ ਸਿੱਧੂ ਇਸ ਵਾਰ ਵੀ ਚੋਣ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਕਾਂਗਰਸ ਘੱਟ ਗਿਣਤੀ ਸੈੱਲ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਸੌਦਾਗਰ ਖਾਨ, ਮੱਖਣ ਸਿੰਘ, ਬਲਜਿੰਦਰ ਸਿੰਘ ਪੱਪੂ, ਬਿੰਦਾ ਮਟੌਰ, ਕਾਲਾ ਬਾਣੀਆ, ਜਸਵਿੰਦਰ ਸ਼ਰਮਾ ਅਤੇ ਡਿੰਪਲ ਸੱਭਰਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…