
ਮੇਅਰ ਜੀਤੀ ਸਿੱਧੂ ਨੇ ਮੁਹਾਲੀ ਪਿੰਡ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ: ਜੀਤੀ ਸਿੱਧੂ
ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੌਂਸਲਰ ਰਵਿੰਦਰ ਸਿੰਘ (ਪੰਜਾਬ ਮੋਟਰ ਵਾਲੇ) ਦੇ ਸੱਦੇ ’ਤੇ ਅੱਜ ਮੁਹਾਲੀ ਪਿੰਡ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਮੇਅਰ ਨੇ ਗਲੀ-ਮੁਹੱਲੇ ਵਿੱਚ ਜਾ ਕੇ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਬੰਧਤ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਰਵਿੰਦਰ ਸਿੰਘ ਨੇ ਮੇਅਰ ਜੀਤੀ ਸਿੱਧੂ ਨੂੰ ਪਿੰਡ ਦੀਆਂ ਗਲੀਆਂ ਵਿੱਚ ਘੁਮਾਇਆ ਅਤੇ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਹੈ ਅਤੇ ਸਫ਼ਾਈ ਵਿਵਸਥਾ ਠੀਕ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਝੱਲਣੀਆਂ ਪੈਂਦੀਆਂ ਹਨ। ਉਨ੍ਹਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫ਼ਾਈ ਕਰਵਾਉਣ ਅਤੇ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਹੀ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਸ਼ੁਰੂ ਕਰਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਕੀਤੇ ਜਾਣਗੇ। ਇਸ ਮੌਕੇ ਦਰਸ਼ਨ ਸਿੰਘ, ਰਾਕੇਸ਼ ਕੁਮਾਰ ਵਰਮਾ, ਨੰਬਰਦਾਰ ਨਛੱਤਰ ਸਿੰਘ, ਗੁਰਿੰਦਰ ਸਿੰਘ ਅਤੇ ਸਮਾਜ ਸੇਵੀ ਗੁਰਸਾਹਿਬ ਸਿੰਘ ਵੀ ਹਾਜ਼ਰ ਸਨ।