
ਮੇਅਰ ਜੀਤੀ ਸਿੱਧੂ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਵੇ: ਕੁਲਵੰਤ ਸਿੰਘ
ਭਾਜਪਾ ਵਿੱਚ ਸ਼ਾਮਲ ਹੋਣ ਨਾਲ ਬਲਬੀਰ ਸਿੱਧੂ ਦਾ ਦੋਗਲਾ ਚਿਹਰਾ ਸਾਹਮਣੇ ਆਇਆ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਟਿੱਪਣੀ ਕਰਦਿਆਂ ਮੁਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਦਾ ਦੋਗਲਾਪਣ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਸ਼ੁਰੂ ਤੋਂ ਕਹਿੰਦੇ ਆਏ ਹਨ ਕਿ ਕਾਂਗਰਸ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਉਹ ਸਾਰੀ ਉਮਰ ਕਾਂਗਰਸ ਵਿੱਚ ਹੀ ਰਹਿਣਗੇ ਪ੍ਰੰਤੂ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਨੇ ਆਪਣਾ ਦੋਗਲਾ ਚਰਿੱਤਰ ਜੱਗ ਜਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਟਿਕਟ ’ਤੇ ਚੋਣ ਜਿੱਤ ਕੇ ਮੇਅਰ ਬਣਨ ਵਾਲੇ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਵੀ ਚਾਹੀਦਾ ਹੈ ਕਿ ਉਹ ਇਖ਼ਲਾਕੀ ਤੌਰ ’ਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਨਵੇਂ ਸਿਰਿਓਂ ਕੌਂਸਲਰਾਂ ਦਾ ਭਰੋਸਾ ਹਾਸਲ ਕਰਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੱਧੂ, ਪੰਜਾਬ ਦੀ ਆਪ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕੱਸੇ ਜਾ ਰਹੇ ਸ਼ਿਕੰਜੇ ਤੋਂ ਡਰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸ਼ਾਇਦ ਉਨ੍ਹਾਂ ਨੂੰ ਲਗਦਾ ਹੋਵੇਗਾ ਕਿ ਭਾਜਪਾ ਵਿੱਚ ਜਾਣ ਨਾਲ ਉਨ੍ਹਾਂ ਜਾਂਚ ਰੁਕ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਧੂ ਜਿੱਥੇ ਮਰਜ਼ੀ ਚਲੇ ਜਾਣ ਪ੍ਰੰਤੂ ਜਾਂਚ ਉਨ੍ਹਾਂ ਦਾ ਪਿੱਛਾ ਨਹੀਂ ਛੱਡੇਗੀ। ਉਨ੍ਹਾਂ (ਸਿੱਧੂ) ਦੇ ਸਿਹਤ ਮੰਤਰੀ ਹੁੰਦਿਆਂ ਸਿਹਤ ਵਿਭਾਗ ਵਿੱਚ ਕਥਿਤ ਘਪਲਿਆਂ ਅਤੇ ਸ਼ਾਮਲਾਤ ਜ਼ਮੀਨਾਂ ਹਥਿਆਉਣ ਦੇ ਦੋਸ਼ਾਂ ਤੋਂ ਵੀ ਉਹ ਬਚ ਨਹੀਂ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਰਸੂਖਵਾਨਾਂ ਵੱਲੋਂ ਗਲਤ ਤਰੀਕੇ ਨਾਲ ਦੱਬੀਆਂ ਹੋਈਆਂ ਸ਼ਾਮਲਾਤ ਜ਼ਮੀਨਾਂ ਨੂੰ ਜਲਦੀ ਛੁਡਾਇਆ ਜਾਵੇਗਾ ਅਤੇ ਸਬੰਧਤ ਜ਼ਿੰਮੇਵਾਰ ਵਿਅਕਤੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਧਰ, ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਅਤੇ ਵਪਾਰ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਵਿਨੀਤ ਵਰਮਾ ਨੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਦੇ ਭਾਜਪਾ ਵਿੱਚ ਜਾਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦਾ ਸਾਰਾ ਕੂੜਾ ਭਾਜਪਾ ਵਿੱਚ ਚਲਾ ਗਿਆ ਹੈ। ਉਨ੍ਹਾਂ ਨੇ ਭਾਜਪਾ ਨੂੰ ਭ੍ਰਿਸ਼ਟਾਚਾਰ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਕਿਉਂਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਕਾਂਗਰਸ ਦੇ ਜ਼ਿਆਦਾਤਰ ਸਾਬਕਾ ਮੰਤਰੀਆਂ ’ਤੇ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਦੇ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਬਾਹਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸੀ ਆਗੂਆਂ ਨੂੰ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ, ਉਨ੍ਹਾਂ ਨੂੰ ਭਾਜਪਾ ਵਿੱਚ ਜਾਣ ਬਾਅਦ ਵੀ ਲੋਕਾਂ ਦਾ ਸਮਰਥਨ ਨਹੀਂ ਮਿਲੇਗਾ। ਇਸ ਲਈ ਅਜਿਹੇ ਦਲ ਬਦਲੂਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਿਹੜੇ ਲਾਹੌਰ ਮਾੜੇ ਹੁੰਦੇ ਹਨ, ਉਹ ਪਿਸ਼ੌਰ ਵੀ ਮਾੜੇ ਹੀ ਹੁੰਦੇ ਹਨ ਅਤੇ ਇਨ੍ਹਾਂ ਆਗੂਆਂ ਦੀ ਭਾਜਪਾ ਵਿੱਚ ਵੀ ਦਾਲ ਨਹੀਂ ਗਲਣ ਵਾਲੀ ਨਹੀਂ ਹੈ।