ਮਜਦੂਰ-ਏਕਤਾ ਯੂਨੀਅਨ ਵੱਲੋਂ ਮੁਹਾਲੀ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ, ਚੱਕਾ ਜਾਮ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ, ਰਾਹਗੀਰ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਫਰੂਡਨਬਰਗ ਨੌਕ ਪ੍ਰਾਈਵੇਟ ਲਿਮਟਿਡ ਦੇ ਕਰਮਚਾਰੀਆਂ ਵੱਲੋਂ ਅੱਜ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ’ਤੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਚੱਕਾ ਜਾਮ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨਾਕਾਰੀਆਂ ਨੇ ਕੰਪਨੀ ਪ੍ਰਬੰਧਕਾਂ, ਠੇਕੇਦਾਰਾਂ ਅਤੇ ਲੇਬਰ ਕਮਿਸ਼ਨਰ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਸ਼ਹਿਰ ਵਾਸੀਆਂ ਅਤੇ ਬਾਹਰੀ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬਾਅਦ ਵਿੱਚ ਮੁਹਾਲੀ ਪ੍ਰਸ਼ਾਸਨ ਵੱਲੋਂ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ।
ਐਫਐਨਆਈ ਕੰਟਰੈਕਟਰ ਮਜਦੂਰ-ਏਕਤਾ ਯੂਨੀਅਨ ਦੇ ਬੈਨਰ ਹੇਠ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਏਟਕ ਦੇ ਸੀਨੀਅਰ ਆਗੂ ਵਿਨੋਦ ਚੁੱਘ ਨੇ ਕਿਹਾ ਕਿ ਫਰੂਡਨਵਰਗ ਨੌਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਕਰਮਚਾਰੀ ਆਪਣੀ ਯੂਨੀਅਨ ਨੂੰ ਰਜਿਸਟਰਡ ਕਰਵਾਉਣ ਲਈ ਪਿਛਲੇ 72 ਦਿਨਾ ਤੋਂ ਲੇਬਰ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਸਨ, ਪਰ ਅਜੇ ਤਾਈਂ ਲੇਬਰ ਕਮਿਸ਼ਨਰ ਵੱਲੋਂ ਉਨ੍ਹਾਂ ਨਾਲ ਕੋਈ ਗਲਬਾਤ ਨਹੀਂ ਕੀਤੀ ਗਈ। ਹੁਣ ਬੀਤੇ ਦੋ ਦਿਨਾਂ ਦੌਰਾਨ ਕੰਪਨੀ ਪ੍ਰਬੰਧਕਾਂ ਅਤੇ ਠੇਕੇਦਾਰਾਂ ਵਲੋੱ ਕੰਪਨੀ ਦੇ ਕਰੀਬ 800 ਕਰਮਚਾਰੀਆਂ ਨੂੰ ਬਿਨਾਂ ਨੋਟਿਸ ਦਿੱਤਿਆਂ ਕੰਪਨੀ ਵਿਚੋੱ ਬਾਹਰ ਕੱਢ ਦਿਤਾ ਹੈ ਅਤੇ ਅਨੇਕਾਂ ਕਰਮਚਾਰੀਆਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਕੰਪਨੀ ਵਿੱਚ ਠੇਕੇਦਾਰੀ ਪ੍ਰਥਾ ਲਾਗੂ ਕੀਤੀ ਹੋਈ ਹੈ ਅਤੇ ਮਜ਼ਦੂਰਾਂ ਤੋਂ ਹਰ ਤਰ੍ਹਾਂ ਦਾ ਕੰਮ ਲਿਆ ਜਾ ਰਿਹਾ ਹੈ। ਇਹੀ ਨਹੀਂ ਕੰਪਨੀ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਬਣਾਈ ਗਈ ਯੂਨੀਅਨ ਨੂੰ ਵੀ ਕੰਪਨੀ ਪ੍ਰਬੰਧਕਾਂ, ਠੇਕੇਦਾਰਾਂ ਦੇ ਦਬਾਅ ਕਾਰਨ ਲੇਬਰ ਕਮਿਸ਼ਨਰ ਵੱਲੋਂ ਰਜਿਸਟਰਡ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਕੰਪਨੀ ਵਿੱਚ ਲੇਬਰ ਕਾਨੂੰਨਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਕੰਪਨੀ ਵਰਕਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।
ਯੂਨੀਅਨ ਦੇ ਪ੍ਰਧਾਨ ਕਮਲਦੀਪ ਸੈਣੀ ਅਤੇ ਜਨਰਲ ਸਕੱਤਰ ਪ੍ਰਿੰਸ ਸ਼ਰਮਾ ਨੇ ਕਿਹਾ ਕਿ ਕੰਪਨੀ ਪ੍ਰਬੰਧਕਾਂ ਅਤੇ ਠੇਕੇਦਾਰਾਂ ਵੱਲੋਂ ਪਿਛਲੇ 12 ਸਾਲਾਂ ਤੋਂ ਕੰਮ ਕਰ ਰਹੇ ਪੁਰਾਣੇ ਵਰਕਰਾਂ ਨੂੰ ਨੌਕਰੀਆਂ ਤੋਂ ਕੱਢ ਕੇ ਨਵੇਂ ਵਰਕਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੰਪਨੀ ਵਿਚ ਜੋ ਨਵੇੱ ਵਰਕਰ ਭਰਤੀ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਮਸ਼ੀਨਾਂ ਚਲਾਉਣ ਦੀ ਜਾਣਕਾਰੀ ਨਹੀਂ ਹੈ, ਜਿਸ ਕਰਕੇ ਉਹ ਮਸ਼ੀਨਾਂ ਨੂੰ ਖ਼ਰਾਬ ਕਰ ਰਹੇ ਹਨ, ਪ੍ਰੰਤੂ ਇਸਦਾ ਦੋਸ਼ ਯੂਨੀਅਨ ਵਰਕਰਾਂ ਉੱਪਰ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਕੰਪਨੀ ’ਚੋਂ ਕੱਢੇ ਗਏ ਵਰਕਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਕੰਪਨੀ ਵਿੱਚ ਭਰਤੀ ਕੀਤੇ ਨਵੇਂ ਵਰਕਰਾਂ ਨੂੰ ਨੌਕਰੀਆਂ ਤੋਂ ਹਟਾਇਆ ਜਾਵੇ, ਲੇਬਰ ਕਮਿਸ਼ਨ ਵੱਲੋਂ ਵਰਕਰਾਂ ਦੀ ਯੂਨੀਅਨ ਨੂੰ ਤੁਰੰਤ ਰਜਿਸਟਰਡ ਕੀਤਾ ਜਾਵੇ ਅਤੇ ਕੰਪਨੀ ਪ੍ਰਬੰਧਕਾਂ ਤੇ ਠੇਕੇਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…