
ਨਗਰ ਨਿਗਮ ਚੋਣਾਂ: ਮੁਹਾਲੀ ਵਿੱਚ ਕਾਂਗਰਸ ਦਾ ਮੇਅਰ ਬਣੇਗਾ: ਬਲਬੀਰ ਸਿੱਧੂ
ਖੇਤੀ ਬਿੱਲਾਂ ’ਤੇ ਸੰਸਦ ਵਿੱਚ ਬਹਿਸ ਕਰਨ ਤੋਂ ਟਾਲਾ ਵੱਟ ਕੇ ਸੁਖਬੀਰ ਨੇ ਕਿਸਾਨਾਂ ਨਾਲ ਧੋਖਾ ਕੀਤਾ
ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਕਾਂਗਰਸ ਹੂੰਝਾਫੇਰ ਜਿੱਤ ਹਾਸਲ ਕਰੇਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਕਰਵਾਈਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਪੰਜਾਬ ਸੁਤੰਤਰ ਬਾਡੀ ਹੈ। ਜਿਸ ਵਿੱਚ ਸਰਕਾਰ ਕੋਈ ਵੀ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ ਹੈ। ਵਿਰੋਧੀ ਪਾਰਟੀਆਂ ਆਪਣੀ ਹਾਰ ਤੋਂ ਘਬਰਾ ਕੇ ਨਾਮਜ਼ਦਗੀ ਕਾਗਜ਼ਾਂ ਵਿੱਚ ਗਲਤੀਆਂ ਛੱਡ ਕੇ ਭੱਜਣ ਦਾ ਰਾਹ ਲੱਭ ਰਹੀਆਂ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਪ੍ਰੈੱਸ ਕਲੱਬ ਵਿਖੇ ਮੀਟ-ਦਾ-ਪ੍ਰੈੱਸ ਪ੍ਰੋਗਰਾਮ ਕੀਤਾ। ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਪ੍ਰਤੀ ਬਹਿਸ ਵਿੱਚ ਸ਼ਾਮਲ ਹੋਣ ਦੀ ਬਜਾਇ ਸੋਚੀ ਸਾਜ਼ਿਸ਼ ਤਹਿਤ ਟਾਲਾ ਵੱਟਿਆ ਹੈ। ਇਹੀ ਨਹੀਂ ਉਹ ਮੁੱਖ ਮੰਤਰੀ ਵੱਲੋਂ ਸੱਦੀ ਆਲ ਪਾਰਟੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਮੁਹਾਲੀ ਵਿੱਚ ਕਾਂਗਰਸ ਦਾ ਮੇਅਰ ਬਣੇਗਾ। ਜਦਕਿ ਮੁਹਾਲੀ ਵਰਗੇ ਸ਼ਹਿਰ ਵਿੱਚ ਅਕਾਲੀ ਦਲ ਨੂੰ ਯੋਗ ਉਮੀਦਵਾਰ ਵੀ ਨਹੀਂ ਮਿਲੇ ਅਤੇ ਭਾਜਪਾ ਨੂੰ ਵੋਟਰ ਲਾਹਨਤਾਂ ਪਾ ਕੇ ਭਜਾ ਰਹੇ ਹਨ। ਆਜ਼ਾਦ ਗਰੁੱਪ ਅਤੇ ਆਪ ਦੇ ਸੁਮੇਲ ਉੱਤੇ ਵਰ੍ਹਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਅਮੀਰ ਗਰੁੱਪ ਨਾਲ ਗੱਠਜੋੜ ਕਰਨ ਨਾਲ ਕੇਜਰੀਵਾਲ ਦਾ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ ਕਲੱਬ ਦੇ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਕੈਬਨਿਟ ਮੰਤਰੀ ਦਾ ਪ੍ਰੈਸ ਕਲੱਬ ਵਿੱਚ ਪਹੁੰਚਣ ’ਤੇ ਜੀ ਆਇਆ ਆਖਿਆ ਅਤੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਅਗਵਾਈ ਵਿੱਚ ਗਵਰਨਿੰਗ ਬਾਡੀ ਦੀ ਟੀਮ ਨੇ ਮੰਤਰੀ ਨੂੰ ਮੰਗ ਪੱਤਰ ਦਿੱਤਾ।