
ਮਿਉਂਸਪਲ ਚੋਣਾਂ: ਮੁਹਾਲੀ ਜ਼ਿਲ੍ਹੇ ਵਿੱਚ ਅਖੀਰਲੇ ਦਿਨ 650 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਮੁਹਾਲੀ ਜ਼ਿਲ੍ਹੇ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਬੁੱਧਵਾਰ ਨੂੰ ਅਖੀਰਲੇ ਦਿਨ 650 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁਹਾਲੀ ਦੇ ਵਾਰਡ ਨੰਬਰ 1 ਤੋ 25 ਤੱਕ ਐਸਡੀਐਮ ਜਗਦੀਪ ਸਹਿਗਲ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਜਦੋਂਕਿ ਵਾਰਡ ਨੰਬਰ-26 ਤੋਂ 50 ਤੱਕ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਵਿੱਚ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ। ਜਦੋਂਕਿ ਸਬ ਡਵੀਜ਼ਨ ਪੱਧਰ ’ਤੇ ਐਸਡੀਐਮ ਦਫ਼ਤਰਾਂ ਵਿੱਚ ਪੇਪਰ ਦਾਖ਼ਲ ਕੀਤੇ ਜਾ ਰਹੇ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਤਾਜ਼ਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅਖੀਰਲੇ ਦਿਨ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 650 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਜਿਨ੍ਹਾਂ ਵਿੱਚ ਨਗਰ ਨਿਗਮ ਚੋਣਾਂ ਲਈ ਮੁਹਾਲੀ ਵਿੱਚ 138 ਉਮੀਦਵਾਰਾਂ ਨੇ ਪੇਪਰ ਦਾਖ਼ਲ ਕੀਤੇ ਹਨ ਜਦੋਂਕਿ ਨਵਾਂ ਗਾਉਂ ਵਿੱਚ 101, ਬਨੂੜ ਵਿੱਚ 27, ਕੁਰਾਲੀ ਵਿੱਚ 56, ਡੇਰਾਬੱਸੀ ਵਿੱਚ 81, ਜ਼ੀਰਕਪੁਰ ਵਿੱਚ 130, ਲਾਲੜੂ ਵਿੱਚ 26 ਅਤੇ ਖਰੜ ਵਿੱਚ 91 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤਰ੍ਹਾਂ ਬੀਤੀ 30 ਜਨਵਰੀ ਤੋਂ ਲੈ ਕੇ ਹੁਣ ਤੱਕ ਸਮੁੱਚੇ ਜ਼ਿਲ੍ਹੇ ਅੰਦਰ 1503 ਵਿਅਕਤੀਆਂ ਨੇ ਆਪਣੀ ਨਾਮਜ਼ਦਗੀ ਪੱਤਰ ਜਮ੍ਹਾ ਕਰਵਾਏ ਗਏ ਹਨ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦੋਂਕਿ 5 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਪੇਪਰ ਵਾਪਸ ਲੈਣ ਦੀ ਪ੍ਰਕਿਰਿਆ ਤੋਂ ਬਾਅਦ ਸ਼ਾਮ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਵੇਗੀ।