
ਮੁਹਾਲੀ ਨਗਰ ਨਿਗਮ ਨੇ ਸ਼ਹਿਰ ’ਚੋਂ ਨਾਜਾਇਜ਼ ਕਬਜ਼ੇ ਹਟਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਵਿਸ਼ੇਸ਼ ਟੀਮ ਵੱਲੋਂ ਅੱਜ ਇੱਥੋਂ ਦੇ ਸੈਕਟਰ-70 ਅਤੇ ਸੈਕਟਰ-71 ਦੀ ਮਾਰਕੀਟਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਕਾਰਵਾਈ ਨੂੰ ਨਗਰ ਨਿਗਮ ਦੇ ਸੀਨੀਅਰ ਇੰਸਪੈਕਟਰ ਹਰਮੇਸ਼ ਸਿੰਘ ਅਤੇ ਵਰਿੰਦਰ ਰਾਣਾ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਅੱਗੇ ਕਥਿਤ ਨਜਾਇਜ਼ ਕਬਜ਼ੇ ਦੂਰ ਦੂਰ ਤੱਕ ਸਮਾਨ ਸਜਾ ਕੇ ਰੱਖਿਆ ਗਿਆ ਸੀ, ਉਹ ਸਾਰਾ ਸਾਮਾਨ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਲਗਾਤਾਰ ਸ਼ਿਕਾਇਤਾਂ ਮਿਲੀਆਂ ਸਨ ਕਿ ਸੈਕਟਰ-70 ਅਤੇ ਸੈਕਟਰ-71 ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ ਕਿ ਸਰਕਾਰੀ ਪ੍ਰਾਪਰਟੀ ਉੱਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਾ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਨੂੰ ਆਉਣ ਜਾਣ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪ੍ਰੰਤੂ ਦੁਕਾਨਦਾਰ ਬਾਜ ਨਹੀਂ ਆਏ। ਜਿਸ ਕਾਰਨ ਅੱਜ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਾਫ਼ੀ ਸਮਾਨ ਵੀ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।