ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮਨੋਰਥ ਪੱਤਰ ਦਾ ਵਿਸਥਾਰ ਕਰਨ ਦਾ ਅਡੰਬਰ ਅਰਥਹੀਣ: ਵੜੈਚ

ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਮਿਲ ਕੇ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ ਟਰਾਂਸਪੋਰਟ ਮਾਫੀਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਜਨਵਰੀ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਵਧਾਏ ਜਾਣ ਨੂੰ ਅਡੰਬਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਚੰਡੀਗੜ੍ਹ ਦੀ ਤਰਜ਼ ਉੱਤੇ ਪੈਟ੍ਰੋਲ ਅਤੇ ਐਲਪੀਜੀ ਦੀਆਂ ਕੀਮਤਾਂ ਘੱਟ ਕਰਨ ਅਤੇ ਬਿਜਲੀ ਦੀਆਂ ਦਰਾਂ 10 ਫੀਸਦੀ ਘਟਾਉਣ ਦਾ ਐਲਾਨ ਗੁੰਮਰਾਹ ਕਰਨ ਵਾਲਾ ਅਤੇ ਅਰਥਹੀਣ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਤਰ੍ਹਾਂ ਵੋਟਾਂ ਹਾਸਲ ਨਹੀਂ ਹੋਣ ਵਾਲੀਆਂ।
ਸ੍ਰੀ ਵੜੈਚ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੈਟਰੋਲ, ਐਲਪੀਜੀ ਅਤੇ ਹੋਰ ਵਸਤੂਆਂ ਦੀਆਂ ਕੀਮਤਾਂ ਪੂਰੇ ਦੇਸ਼ ਵਿੱਚ ਆਪਣੇ ਆਪ ਬਰਾਬਰ ਹੋ ਜਾਣਗੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 5 ਸਾਲ ਦੇ ਕਾਰਜਕਾਲ ਵਿੱਚ ਇਹ ਕਹਿ ਕੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਵਾਪਸ ਲੈ ਲਿਆ ਸੀ ਅਤੇ ਦੂਜੇ ਵਰਗਾਂ ਨੂੰ ਮਿਲਣ ਵਾਲੀ ਬਿਜਲੀ ਦੀਆਂ ਦਰ੍ਹਾਂ ਵਿੱਚ ਵਾਧਾ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਖਾਲੀ ਖਜ਼ਾਨਾ ਮਿਲਿਆ ਸੀ। ਸ੍ਰੀ ਵੜੈਚ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦਣ ਦੇ ਵੱਡੇ ਘੁਟਾਲੇ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਊਂ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੀਐਸਪੀਸੀਐਲ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਮਹਿੰਗੀਆਂ ਦਰਾਂ ਉੱਤੇ ਲੋਕਾਂ ਦੇ ਪੈਸੇ ਨਾਲ ਬਿਜਲੀ ਖਰੀਦਣ ਲਈ ਅਯੋਗ ਸਮਝੌਤਿਆਂ ਉੱਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਪਲਾਂਟਾਂ ਨੂੰ ਫਾਇਦਾ ਦੇਣ ਲਈ ਬਾਦਲਾਂ ਨੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਬਣਾਉਣ ਵੇਲੇ ਕਾਂਗਰਸ ਵੱਲੋਂ ਸਾਬਕਾ ਫੌਜੀਆਂ, ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀ ਭਲਾਈ ਨੂੰ ਅੱਖੋਂ-ਪਰੋਖੇ ਕੀਤਾ ਗਿਆ। ਕੈਪਟਨ ਅਮਰਿੰਦਰ ਦੀ ਅੱਖ ਉਸ ਵੇਲੇ ਖੁੱਲੀ, ਜਦੋਂ ਸੈਨਿਕਾਂ ਵੱਲੋਂ 4 ਫਰਵਰੀ ਦੀਆਂ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਸਮਰਥਨ ਨਾ ਦੇਣ ਦਾ ਫੈਸਲਾ ਲਿਆ ਗਿਆ।
ਸ੍ਰੀ ਵੜੈਚ ਨੇ ਕਿਹਾ ਕਿ ਕਈ ਕਾਂਗਰਸੀ ਆਗੂਆਂ ਵੱਲੋਂ ਟਰਾਂਸਪੋਰਟ ਮਾਫੀਆ ਚਲਾਇਆ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਿਰਾਏ ਘੱਟ ਕਰਨ ਦੀ ਉਮੀਦ ਮੂਰਖਤਾ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ, ਅਕਾਲੀਆਂ ਅਤੇ ਭਾਜਪਾ ਵੱਲੋਂ ਮਿਲ ਕੇ ਟਰਾਂਸਪੋਰਟ ਮਾਫੀਆ ਚਲਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਆਪਣੇ ਵੱਲੋਂ ਪਿਛਲੇ 10 ਸਾਲਾਂ ਵਿੱਚ ਟਰਾਂਸਪੋਰਟ ਮਾਫੀਆ ਖ਼ਿਲਾਫ਼ ਦਿੱਤਾ ਗਿਆ ਇੱਕ ਵੀ ਬਿਆਨ ਨਹੀਂ ਦਿਖਾ ਸਕਦੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਇੱਕ ਦੂਜੇ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਇੱਕ-ਦੂਜੇ ਦੇ ਵਪਾਰਕ ਹਿੱਤਾਂ ਨੂੰ ਲੋਕ ਕਲਿਆਣ ਤੋਂ ਉੱਤੇ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਵਾਰੋ-ਵਾਰੀ ਲੋਕਾਂ ਨੂੰ ਲੁੱਟਣ ਲਈ ਸਹਿਮਤੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣ ਲਈ ਹੱਥ ਮਿਲਾਇਆ ਹੋਇਆ ਹੈ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…