Nabaz-e-punjab.com

ਲੋਕ ਸਭਾ ਚੋਣਾਂ ਨਿਰਪੱਖ ਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਮੀਟਿੰਗ

ਡੀਸੀ ਅਤੇ ਐਸਐਸਪੀ ਨੇ ਸਾਂਝੀ ਮੀਟਿੰਗ ਕਰਕੇ ਲਿਆ ਲੋਕ ਸਭਾ ਚੋਣਾਂ ਸਬੰਧੀ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ

ਚੋਣ ਅਮਲਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ

ਚੋਣ ਪ੍ਰਕਿਰਿਆ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਚੋਣ ਡਿਊਟੀ ਕਟਵਾਉਣ ਤੋਂ ਕੀਤੀ ਮਨਾਹੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ। ਸ੍ਰੀਮਤੀ ਸਪਰਾ ਨੇ ਸਮੂਹ ਅਧਿਕਾਰੀਆਂ ਜ਼ੋਰ ਦੇ ਕੇ ਆਖਿਆ ਕਿ ਲੋਕ ਸਭਾ ਚੋਣਾਂ ਨਿਰਪੱਖ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਦੇ ਕੰਮ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ੍ਰੀਮਤੀ ਸਪਰਾ ਨੇ ਸ਼ਰਾਬ ਦੀ ਨਾਜਾਇਜ਼ ਵਰਤੋਂ ਨੂੰ ਰੋਕਣ ਅਤੇ ਸਟੋਰੇਜ ਸਬੰਧੀ ਚੈਕਿੰਗ ਕਰਨ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼ਰਾਬ ਬਿਨਾਂ ਪਰਮਿਟ ਤੋਂ ਲਿਜਾਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਲਾਲਚ ਦੇਣ ਲਈ ਜੇਕਰ ਸ਼ਰਾਬ ਦੀ ਵਰਤੋਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਡਣ ਦਸਤੇ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਚੱਲਦਾ ਹੈ ਤਾਂ ਉਸ ਸਬੰਧੀ ਲੋੜੀਂਦੇ ਦਸਤਾਵੇਜ਼/ਸਬੂਤ ਲਾਜ਼ਮੀ ਉਸ ਦੇ ਕੋਲ ਹੋਣੇ ਜ਼ਰੂਰੀ ਹਨ ਅਤੇ 10 ਲੱਖ ਤੋਂ ਜ਼ਿਆਦਾ ਨਕਦੀ ਬਰਾਮਦ ਹੋਣ ’ਤੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮਦਨ ਕਰ ਵਿਭਾਗ ਨੇ ਟੋਲ ਫਰੀ ਨੰਬਰ 18001804814 ਜਾਰੀ ਕੀਤਾ ਹੈ, ਜਿਸ ਉੱਤੇ ਵਿੱਤੀ ਬੇਨਿਯਮੀਆਂ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਇਸ ਮੌਕੇ ਚੋਣ ਡਿਊਟੀ ’ਚ ਲੱਗੇ ਸਮੂਹ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਮੁਲਾਜ਼ਮ ਨਾ ਟਾਲੇ ਜਾਣ ਵਾਲੇ ਕਾਰਨਾਂ ਨੂੰ ਛੱਡ ਕੇ ਚੋਣ ਡਿਊਟੀ ਕਟਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਹੁੰਚ ਨਾ ਕਰੇ, ਸਗੋਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਏ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ ਉੱਤੇ ਹੈਲਪਲਾਈਨ ਨੰਬਰ 1950 ਕਾਇਮ ਕੀਤਾ ਗਿਆ ਹੈ। ਇਸ ਹੈਲਪਲਾਈਨ ਉੱਤੇ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਆਦਰਸ਼ ਚੋਣ ਜ਼ਾਬਤੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਪੁਲੀਸ ਵੱਲੋਂ ਪੀਜੀ/ਹੋਟਲ/ਢਾਬੇ ਅਤੇ ਹੋਰ ਜਨਤਕ ਥਾਵਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੜਕਾਂ ’ਤੇ ਨਾਕਾਬੰਦੀ ਕਰਕੇ ਹਰ ਕਿਸਮ ਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਪੀ (ਐੱਚ) ਗੁਰਸੇਵਕ ਸਿੰਘ ਬਰਾੜ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੀ ਐਸਡੀਐਮ ਪੂਜਾ ਸਿਆਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ ਸਮੇਤ ਡੀਐਸਪੀ ਰੈਂਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…