ਡੀਸੀ ਨੇ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਦਾਲਤੀ ਕੇਸਾਂ, ਕਬਜ਼ੇ, ਆਡਿਟ ਪੈਰੇ, ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਅਦਾਲਤੀ ਕੇਸਾਂ ਬਾਰੇ ਸੰਤੁਸ਼ਟੀ ਪ੍ਰਗਟਾਈ।
ਅਮਿਤ ਤਲਵਾੜ ਨੇ ਦੱਸਿਆ ਕਿ ਮੀਟਿੰਗ ਦਾ ਮਨੋਰਥ ਰੈਵੀਨਿਊ ਵਿਭਾਗ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਮਿਲੀਆਂ ਦਰਖ਼ਾਸਤਾਂ ਨੂੰ ਮਿਥੇ ਸਮੇਂ ਵਿੱਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦੇ ਕੰਮ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਸਮੂਹ ਐਸਡੀਐਮਜ਼ ਨੂੰ ਵੀ ਇਸ ਸਬੰਧੀ ਸਮੇਂ ਸਮੇਂ ’ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫ਼ਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ। ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਅਮਰਿੰਦਰ ਕੌਰ ਬਰਾੜ, ਤਹਿਸੀਲਦਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles

Check Also

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘…