nabaz-e-punjab.com

ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ, ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਐਸ.ਏ.ਐਸ ਨਗਰ ਫੇਜ਼-1 ਦੀ ਮੀਟਿੰਗ ਬੀਤੇ ਦਿਨੀਂ ਸੰਸਥਾ ਦੇ ਪ੍ਰਧਾਨ ਇੰਜ: ਪੀ.ਐਸ. ਵਿਰਦੀ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਪ੍ਰਚੀਨ ਸ਼ਿਵ ਮੰਦਰ ਵਿੱਚ ਹੋਈ। ਜਿਸ ਵਿੱਚ ਫੇਜ਼-1 ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਚਰਚਾ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਚਰਨਕੰਵਲ ਸਿੰਘ ਨੇ ਦੱਸਿਆ ਕਿ ਬੀਤੀ 21 ਅਗਸਤ ਅਤੇ ਇਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੋਈ ਭਾਰੀ ਬਾਰਸ਼ ਕਾਰਨ ਸ਼ਹਿਰ ਵਿੱਚ ਮਚੀ ਤਬਾਹੀ ਅਤੇ ਲੋਕਾਂ ਦੇ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਾਜ਼ਾ ਦੇਣ ਦੀ ਮੰਗ ਕੀਤੀ।
ਸ੍ਰੀ ਵਿਰਦੀ ਨੇ ਕਿਹਾ ਕਿ ਅੰਦਰੂਨੀ ਸੜਕਾਂ ਦੀ ਮੁਰੰਮਤ ਦੌਰਾਨ ਪ੍ਰੀਮਿਕਸ ਪਾ ਕੇ ਸੜਕਾਂ ਦਾ ਲੈਵਲ ਉੱਚਾ ਚੁੱਕਣ ਕਾਰਨ ਫੇਜ਼-1 ਸਮੇਤ ਹੋਰ ਵੱਖ ਵੱਖ ਖੇਤਰਾਂ ਵਿੱਚ ਰਿਹਾਇਸ਼ੀ ਇਲਾਕਾ ਕਾਫੀ ਨੀਵਾਂ ਹੋ ਗਿਆ। ਜਿਸ ਕਾਰਨ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋ ਗਿਆ ਅਤੇ ਸ਼ਹਿਰ ਵਿੱਚ ਤਬਾਹੀ ਮੱਚ ਗਈ। ਉਨ੍ਹਾਂ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਈ ਥਾਵਾਂ ’ਤੇ 3 ਤੋਂ 4 ਫੁੱਟ ਤੱਕ ਪਾਣੀ ਜਮ੍ਹਾ ਹੋ ਗਿਆ ਅਤੇ ਕਈ ਥਾਵਾਂ ’ਤੇ ਹੜ ਵਰਗੇ ਹਾਲਾਤ ਬਣ ਗਏ ਅਤੇ ਕਾਰਾਂ ਪਾਣੀ ਵਿੱਚ ਡੁੱਬ ਗਈਆਂ। ਜਿਸ ਕਾਰਨ ਸ਼ਹਿਰ ਵਾਸੀਆਂ ਬਹੁਤ ਪ੍ਰੇਸ਼ਾਨੀ ਝੱਲਣੀ ਪਈ। ਉਨ੍ਹਾਂ ਕਿਹਾ ਕਿ ਲੋਕ ਸ਼ੁਰੂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਲੇਕਿਨ ਹੁਣ ਤੱਕ ਸਰਕਾਰਾਂ ਅਤੇ ਪ੍ਰਸ਼ਾਸਨ ਨੇ ਕੋਈ ਠੋਸ ਹੱਲ ਨਹੀਂ ਕੀਤਾ। ਹਰਬਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਸਿਸਟਮ ਚਾਰ ਦਹਾਕੇ ਪੁਰਾਣਾ ਚਲਿਆ ਆ ਰਿਹਾ ਹੈ ਜਦੋਂ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ 40 ਸਾਲ ਪਹਿਲਾਂ ਪੁਰਾਣੀ ਤਕਨੀਕ ਨਾਲ ਪਾਇਆ ਸੀਵਰੇਜ ਤੁਰੰਤ ਬਦਲਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਮੀਟਿੰਗ ਵਿੱਚ ਇਲਾਕੇ ਦੀ ਕੌਂਸਲਰ ਗੁਰਮੀਤ ਕੌਰ, ਐਮ.ਐਮ. ਚੌਪੜਾ, ਡੀ.ਡੀ. ਜੈਨ, ਸਾਧੂ ਸਿੰਘ, ਫੂਲਾ ਸਿੰਘ, ਜਸਵੰਤ ਸਿੰਘ ਸੋਹਲ, ਜਗਜੀਤ ਸਿੰਘ ਅਰੋੜਾ, ਸੋਹਨ ਲਾਲ ਸ਼ਰਮਾ, ਭੁਪਿੰਦਰ ਸਿੰਘ, ਸੰਤੋਖ ਸਿੰਘ, ਗੁਰਬਿੰਦਰ ਸਿੰਘ, ਪ੍ਰਵੀਨ ਕੁਮਾਰ ਕਪੂਰ, ਗੁਰਚਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …