ਮਾਪੇ-ਅਧਿਆਪਕ ਮਿਲਣੀ: ਸਕੂਲੀ ਬੱਚਿਆਂ ਦੇ ਮਾਪਿਆਂ ਨੇ ਦਿਖਾਇਆ ਭਾਰੀ ਉਤਸ਼ਾਹ

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਐਸਈ ਪਰਦੀਪ ਅਗਰਵਾਲ ਦੀ ਦੇਖ-ਰੇਖ ਅਧੀਨ ਸਰਕਾਰੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝਾ ਕਰਨ ਲਈ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਹੈ।
ਜਰਨੈਲ ਸਿੰਘ ਕਿਹਾ ਕਿ ਸਿੱਖਿਆ ਵਿਭਾਗ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਮਾਪਿਆਂ ਨਾਲ ਰਾਬਤਾ ਬਣਾਈ ਰੱਖਣ ਲਈ ਯਤਨਸ਼ੀਲ ਰਹਿੰਦਾ ਹੈ। ਇਸ ਵਾਰ ਵੀ ਮਾਪਿਆਂ ਨੇ ਇਸ ਦੋ ਰੋਜ਼ਾ ਮੀਟਿੰਗ ਵਿੱਚ ਭਾਰੀ ਉਤਸ਼ਾਹ ਦਿਖਾਇਆ ਅਤੇ ਸਰਕਾਰੀ ਸਕੂਲਾਂ ਪ੍ਰਤੀ ਭਰੋਸਾ ਪ੍ਰਗਟ ਕਰਦਿਆਂ ਵਿਭਾਗ ਦੀਆਂ ਨੀਤੀਆਂ ’ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਸਿਰ ’ਤੇ ਹਨ, ਇਸ ਲਈ ਇਹ ਮਿਲਣੀ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੇ ਉਸਾਰੂ ਸੁਝਾਵਾਂ ’ਤੇ ਵਿਭਾਗ ਪੂਰਾ ਧਿਆਨ ਦੇਵੇਗਾ।
ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਦੇ ਮਾਪਿਆਂ ਨੇ ਸਕੂਲ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਅਧਿਆਪਕਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀ ਤਰਨਦੀਪ ਕੌਰ ਦੇ ਮਾਪਿਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਉਚੇਚਾ ਧਿਆਨ ਦਿੰਦਿਆਂ ਆਨਲਾਈਨ ਕਲਾਸਾਂ ਲਗਾਉਣ ਦੇ ਨਾਲ-ਨਾਲ ਬੱਚਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਵੀ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਸਕੂਲ ਵੱਲੋਂ ਮਾਪਿਆਂ ਲਈ ਕੀਤੇ ਗਏ ਸਵਾਗਤੀ ਪ੍ਰਬੰਧਾਂ ਤੇ ਵੀ ਖੁਸ਼ੀ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ 4 ਅਤੇ 5 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਵੱਲੋਂ ਮਾਪਿਆਂ ਨੂੰ ਸ਼ਮੂਲੀਅਤ ਕਰਨ ਲਈ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵਿਸ਼ੇਸ਼ ਸੱਦਾ ਭੇਜਿਆ ਗਿਆ ਸੀ। ਇਸ ਮੰਤਵ ਲਈ ਆਕਰਸ਼ਕ ਪੋਸਟਰ ਅਤੇ ਇਨਵੀਟੇਸ਼ਨ ਕਾਰਡ ਤਿਆਰ ਕੀਤੇ ਗਏ। ਮਾਪਿਆਂ ਦੇ ਸਵਾਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ ਸਨ। ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜਿਸ ਨੂੰ ਦੇਖ ਕੇ ਮਾਪੇ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਵਿਭਾਗ ਵੱਲੋਂ ਸਕੂਲਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…