ਕਮਿਊਨਿਟੀ ਹੈਲਥ ਅਫ਼ਸਰਾਂ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਬੇਸਿੱਟਾ, ਰੋਸ

ਕਮਿਊਨਿਟੀ ਹੈਲਥ ਅਫ਼ਸਰ ਸਿਹਤ ਸੇਵਾਵਾਂ ਠੱਪ ਕਰਨ ਲਈ ਮਜਬੂਰ: ਸੀਐਚਓ ਦੀਪਸ਼ਿਖਾ

23 ਸਤੰਬਰ ਨੂੰ ਐਨਐਚਐਮ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਪੰਜਾਬ ਭਰ ਵਿੱਚ ਐਨਐਚਐਮ ਅਧੀਨ ਪੇਂਡੂ ਖੇਤਰਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਭਾਵੇਂ ਆਮ ਲੋਕਾਂ ਨੂੰ ਘਰ-ਘਰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਪਰ ਸਰਕਾਰੀ ਅਣਦੇਖੀ ਦਾ ਸਿਕਾਰ ਸਿਹਤ ਕਾਮੇ ਖ਼ੁਦ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਇਹੀ ਨਹੀਂ ਉਹ ਆਪਣੀਆਂ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਤੋਂ ਵੀ ਅਸਮਰਥ ਹਨ। ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਹੁਣ ਉਨ੍ਹਾਂ ਨੇ ਐਨਐਚਐਮ ਦਫ਼ਤਰ ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡਾ. ਸੁਨੀਲ ਤਰਗੋਤਰਾ ਅਤੇ ਜਨਰਲ ਸਕੱਤਰ ਦੀਪਸ਼ਿਖਾ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਕਰੋਨਾ ਕਾਲ ਅਤੇ ਹੜ੍ਹਾਂ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਉਹ ਕਦੇ ਪਿੱਛੇ ਨਹੀਂ ਹਟੇ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਗਈ। ਸਿਹਤ ਸਬੰਧੀ ਪ੍ਰੋਗਰਾਮਾਂ ਨੂੰ ਪਿੰਡ-ਪਿੰਡ ਲਾਗੂ ਕਰਨ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਦਿਆਂ ਕਾਫ਼ੀ ਅੌਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਸਿਹਤ ਵਿਭਾਗ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ।
ਮੀਤ ਪ੍ਰਧਾਨ ਮਨਜੀਤ ਸਿੰਘ ਤੇ ਡਾ. ਪ੍ਰੀਤ ਮੁਖੀਜਾ ਅਤੇ ਸੰਯੁਕਤ ਸਕੱਤਰ ਨਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੀ ਮੁਲਾਕਾਤ ਕੀਤੀ ਸੀ ਪ੍ਰੰਤੂ ਉਨ੍ਹਾਂ ਨੇ ਵੀ ਹੱਥ ਪੱਲਾ ਨਹੀਂ ਫੜਾਇਆ। ਬੀਤੀ 16 ਜੁਲਾਈ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਹੋਈ ਸੀ ਪ੍ਰੰਤੂ ਇੱਕ ਦਿਨ ਪਹਿਲਾਂ ਹੀ ਮੀਟਿੰਗ ਮੁਲਤਵੀ ਕਰ ਦਿੱਤੀ। ਹੁਣ ਤੱਕ ਦੁਬਾਰਾ ਮੀਟਿੰਗ ਨਹੀਂ ਸੱਦੀ ਗਈ। ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਪਿਛਲੇ ਦਿਨੀਂ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ।
ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਤਿੰਨ ਮਹੀਨੇ ਦੇ ਇੰਨਸੈਂਟਿਵ ਵੀ ਰੋਕੇ ਗਏ ਹਨ ਜੋ ਤਨਖ਼ਾਹ ਦਾ 40 ਫ਼ੀਸਦੀ ਹਿੱਸਾ ਹੈ ਅਤੇ ਮਹਿੰਗਾਈ ਦੇ ਸਮੇਂ ਅੱਧੀ ਤਨਖ਼ਾਹ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਇਸ ਤੋਂ ਪ੍ਰੇਸ਼ਾਨ ਹੋ ਕੇ ਪੰਜਾਬ ਭਰ ਦੇ 2500 ਸੀਐੱਚਓ 19 ਸਤੰਬਰ ਤੋਂ ਸਾਰਾ ਆਨਲਾਈਨ-ਆਫ਼ ਲਾਈਨ ਕੰਮ ਠੱਪ ਕਰ ਦੇਣਗੇ ਅਤੇ 23 ਸਤੰਬਰ ਨੂੰ ਐਨਐਚਐਮ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਹੜਤਾਲ ਕਾਰਨ ਪੇਂਡੂ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਠੱਪ ਹੋ ਜਾਣਗੀਆਂ। ਜਿਸ ਦੀ ਜ਼ਿੰਮੇਵਾਰੀ ਵਿਭਾਗ ਅਤੇ ਸਰਕਾਰ ਦੀ ਹੋਵੇਗੀ।
ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ ਅਤੇ ਜ਼ਿਮਨੀ ਚੋਣਾਂ ਸਮੇਤ ਪੰਚਾਇਤ ਚੋਣਾਂ ਦੌਰਾਨ ਪੰਜਾਬ ਵਿੱਚ ਲੜੀਵਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਪਿੰਡ-ਪਿੰਡ ਜਾ ਕੇ ‘ਆਪ’ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਰਮਨਵੀਰ ਕੌਰ, ਸੰਜੀਵ ਕੁਮਾਰ, ਸੰਦੀਪ ਸਿੰਘ, ਤੇਜਿੰਦਰ ਕੌਰ, ਹਰਿੰਦਰ ਕੌਰ ਅਤੇ ਓਪੀ ਚੌਧਰੀ ਆਦਿ ਸਲਾਹਕਾਰ ਕਮੇਟੀ ਦੇ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…