ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਵੱਲੋਂ ਚੰਨੀ ਨੂੰ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਨਾਲ ਗੱਲਬਾਤ ਮਗਰੋਂ ਝੋਨੇ ਦੀ ਖਰੀਦ ਮਸਲੇ ਦੇ ਨਿਪਟਾਰੇ ਦਾ ਭਰੋਸਾ

ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਕੇ ਕਿਸਾਨੀ ਸੰਕਟ ਸੁਲਝਾਉਣ ਦੀ ਅਪੀਲ

ਕੋਵਿਡ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਕਾਰੀਡੋਰ ਮੁੜ ਖੋਲਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 1, ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤੱਕ ਝੋਨੇ ਦੀ ਖਰੀਦ ਪ੍ਰਕਿਰਿਆ ਅੱਗੇ ਪਾਉਣ ਦੇ ਮੱਦੇਨਜ਼ਰ ਉਨਾਂ ਨੂੰ ਇਸ ਮਸਲੇ ਦੇ ਛੇਤੀ ਨਿਪਟਾਰੇ ਦਾ ਭਰੋਸਾ ਦਿੱਤਾ ਹੈ। ਸ. ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਵਿਖੇ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੂਬੇ ਵਿੱਚ ਝੋਨੇ ਦੀ ਖਰੀਦ ਲਈ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਭਾਰਤ ਸਰਕਾਰ ਦੇ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰਾਲੇ ਦੇ ਹੁਕਮ ਕਾਰਨ ਅੱਗੇ ਪੈ ਗਈ ਹੈ, ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸ. ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਛੇਤੀ ਹੀ ਖੁਰਾਕ ਮੰਤਰਾਲੇ ਨਾਲ ਗੱਲਬਾਤ ਕਰਕੇ ਇਹ ਮਸਲਾ ਤਰਜੀਹੀ ਆਧਾਰ ’ਤੇ ਹੱਲ ਕਰਵਾਉਣਗੇ। ਕਰਤਾਰਪੁਰ ਕਾਰੀਡੋਰ ਜਿਸ ਨੂੰ ਕਿ ਬੀਤੇ ਕਈ ਮਹੀਨਿਆਂ ਤੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵੱਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ, ਬਾਰੇ ਸ. ਚੰਨੀ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਹੀ ਇਹ ਕਾਰੀਡੋਰ ਖੋਲਣ ਦੀ ਅਪੀਲ ਕੀਤੀ ਕਿਉਂ ਜੋ ਕੋਵਿਡ ਦੀ ਸਥਿਤੀ ਵਿੱਚ ਹੁਣ ਕਾਫੀ ਹੱਦ ਤੱਕ ਸੁਧਾਰ ਹੋ ਚੁੱਕਿਆ ਹੈ। ਉਨਾਂ ਕਿਹਾ ਕਿ ਇਸ ਕਦਮ ਨਾਲ ਸ਼ਰਧਾਲੂ ਗੁਰੂਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਸਮਰੱਥ ਹੋ ਸਕਣਗੇ। ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ’ਤੇ ਤਲਾਸ਼ਣ ਲਈ ਕਿਹਾ ਕਿਉਂਕਿ ਇਸ ਕਰਕੇ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ਵਿੱਚ ਖੜੋਤ ਆਈ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਹੀ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਇਹ ਖੇਤੀ ਕਾਨੂੰਨ ਰੱਦ ਕੀਤੇ ਜਾ ਸਕਣ ਅਤੇ ਇਸ ਲਈ ਉਨਾਂ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕੀਤੀ। ਆਰਗੇਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਮੰਗਦੇ ਹੋਏ, ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਣ ਪੱਖੀ ਖੇਤੀਬਾੜੀ ਦੀ ਇਸ ਵਿਧੀ ਨੂੰ ਜ਼ੋਰਸ਼ੋਰ ਨਾਲ ਪ੍ਰਚਾਰਿਤ ਕਰਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…