
ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਦੇ ਬਾਵਜੂਦ ਮੁੱਖ ਮੰਤਰੀ ਨਾਲ ਨਾ ਹੋ ਸਕੀ ਮੀਟਿੰਗ, ਸਿੱਖਿਆ ਸਕੱਤਰ ਨੇ ਵੀ ਪੱਲਾ ਝਾੜਿਆ
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਧਰਨਾ ਜਾਰੀ
ਵੀਰਵਾਰ ਨੂੰ ਮੁਹਾਲੀ ਧਰਨੇ ਵਿੱਚ ਭੁੱਖ-ਹੜਤਾਲ ’ਤੇ ਬੈਠਣਗੀਆਂ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਅਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਕੱਚੇ ਦਫ਼ਤਰੀ ਕਾਮਿਆਂ ਦਾ ਅੱਜ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੋਸ ਧਰਨਾ ਜਾਰੀ ਰਿਹਾ। ਦਫ਼ਤਰੀ ਸਟਾਫ਼ ਨੇ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ’ਤੇ ਆਪਣੇ ਵਾਅਦੇ ਤੋਂ ਮੁਨਕਰ ਹੋਣ ਦਾ ਦੋਸ ਲਾਇਆ।
ਸੂਬਾ ਆਗੂ ਅਸੀਸ ਜੁਲਾਹਾ ਅਤੇ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਬੀਤੇ ਕੱਲ੍ਹ ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵੱਲ ਕੂਚ ਕਰਨ ਸਮੇਂ ਮੁਹਾਲੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਸਾਢੇ 12 ਵਜੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਸੀ ਪ੍ਰੰਤੂ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਡੀਐਸਪੀ ਨੇ ਵਫ਼ਦ ਦੇ ਪਾਸ ਬਣਾ ਕੇ ਉਨ੍ਹਾਂ ਨੂੰ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਲ ’ਤੇ ਭੇਜ ਦਿੱਤਾ ਸੀ ਪ੍ਰੰਤੂ ਉੱਥੇ ਜਾ ਕੇ ਪਤਾ ਲੱਗਾ ਕਿ ਮੁੱਖ ਮੰਤਰੀ ਆਪਣੇ ਦਫ਼ਤਰ ਵਿੱਚ ਹੀ ਨਹੀਂ ਆਏ। ਜਿਸ ਕਾਰਨ ਉਹ ਸਾਰਾ ਦਿਨ ਖੱਜਲ-ਖੁਆਰ ਹੁੰਦੇ ਰਹੇ। ਇਸ ਦੌਰਾਨ ਦਫ਼ਤਰੀ ਸਟਾਫ਼ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਲੇਕਿਨ ਸ਼ਾਮ ਨੂੰ ਸਿੱਖਿਆ ਸਕੱਤਰ ਅਜੋਏ ਸ਼ਰਮਾ ਨਾਲ ਮੀਟਿੰਗ ਕਰਵਾਈ ਗਈ। ਸਕੱਤਰ ਨੇ ਵੀ ਗੱਲਬਾਤ ਦੌਰਾਨ ਪੱਲਾ ਝਾੜਦਿਆਂ ਕਿਹਾ ਕਿ ਨਵੀਂ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੱਚੇ ਕਾਮਿਆਂ ਦਾ ਮਾਮਲਾ ਵਿਚਾਰਿਆ ਜਾਵੇਗਾ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਭਲਕੇ 25 ਨਵੰਬਰ ਨੂੰ ਮੁਹਾਲੀ ਧਰਨੇ ਵਿੱਚ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ ਵੱਲੋਂ 24 ਘੰਟੇ ਦੀ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਕੱਚੇ ਮੁਲਾਜ਼ਮ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੇ ਪੱਤਰ ਲੈ ਕੇ ਹੀ ਵਾਪਸ ਘਰਾਂ ਨੂੰ ਜਾਣਗੇ।