
ਮਿਲਕਮੈਨ ਯੂਨੀਅਨ ਦੇ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀਰਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਪਿਛਲੇ ਹਫ਼ਤੇ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਕਿਉਂਕਿ ਠੰਢ ਦੇ ਮੌਸਮ ਵਿੱਚ ਪੰਜਾਬ ਦਾ ਅੰਨਦਾਤਾ ਦਿੱਲੀ ਦੀਆਂ ਸੜਕਾਂ ’ਤੇ ਰੁਲ ਰਿਹਾ ਹੈ ਅਤੇ ਅੱਜ ਇਕ ਹੋਰ ਬਜ਼ੁਰਗ ਕਿਸਾਨ ਨੇ ਦਮ ਤੋੜ ਦਿੱਤਾ ਹੈ ਜਦੋਂਕਿ ਇਸ ਤੋਂ ਪਹਿਲਾਂ ਕਈ ਕਿਸਾਨ ਧਰਨੇ ਦੌਰਾਨ ਫੌਤ ਹੋ ਚੁੱਕੇ ਹਨ।
ਸ੍ਰੀ ਭਾਗੋਮਾਜਰਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਦੇਸ਼ ਦੇ ਕਿਸਾਨ ਨੂੰ ਬਦਨਾਮ ਕਰਨ ਦੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ ਜੋ ਨਿਰਾਸ਼ਾਜਨਕ ਹਨ ਜਦੋਂਕਿ ਕਿਸਾਨ ਨੇ ਦੇਸ਼ ਲਈ ਅੰਨ ਪੈਦਾ ਕੀਤਾ ਹੈ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਢਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ ਸੁਭਾਸ਼ ਗੋਚਰ ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ ਸੁਰਿੰਦਰ ਸਿੰਘ ਬਰਿਆਲੀ ਸਾਹਬ ਸਿੰਘ ਮੋਲੀ ਅਜਾਇਬ ਨਾਡਾ ਹਰਦੀਪ ਸਿੰਘ ਮਟੌਰ ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਨਰੇਸ਼ ਨੱਗਲ ਹਾਜ਼ਰ ਸਨ।