ਖੇਤੀ ਕਾਨੂੰਨ: ਅੰਤਰਰਾਸ਼ਟਰੀ ਪੁਆਧੀ ਮੰਚ ਦੇ ਕਾਰਕੁਨ ਭੁੱਖ-ਹੜਤਾਲ ’ਤੇ ਬੈਠੇ

ਕਿਸਾਨ ਮੋਰਚੇ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਦੇ 87ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਬੁੱਧਵਾਰ ਨੂੰ 87ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਕਾਰਕੁਨ ਪਰਮਜੀਤ ਕੌਰ ਲਾਂਡਰਾਂ, ਕਰਮਜੀਤ ਸਿੰਘ ਚਿੱਲਾ, ਗੁਰਪ੍ਰੀਤ ਸਿੰਘ ਨਿਆਮੀਆਂ, ਹਰਦੀਪ ਸਿੰਘ ਬਠਲਾਣਾ, ਗੁਰਮੀਤ ਸਿੰਘ ਬੈਦਵਾਨ, ਸਤਨਾਮ ਸਿੰਘ ਦਾਊਂ ਅਤੇ ਹੋਰ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸੰਗਠਿਤ ਤੌਰ ’ਤੇ ਇਹ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਅੌਰਤਾਂ ਤੇ ਨੌਜਵਾਨਾਂ ਦੇ ਅੱਗੇ ਆਉਣ ਨਾਲ ਕਿਸਾਨੀ ਸੰਘਰਸ਼ ਨੂੰ ਨਵੀਂ ਸੇਧ ਮਿਲੀ ਹੈ, ਪ੍ਰੰਤੂ ਇਸ ਦੇ ਬਾਵਜੂਦ ਕਿਸਾਨੀ ਅੰਦੋਲਨ ਨੂੰ ਹਾਲੇ ਹੋਰ ਵੀ ਮਜ਼ਬੂਤ ਕਰਨ ਦੀ ਲੋੜ ਹੈ।
ਗੁਰਪ੍ਰੀਤ ਸਿੰਘ ਨਿਆਮੀਆਂ, ਕਰਮਜੀਤ ਸਿੰਘ ਚਿੱਲਾ, ਹਰਦੀਪ ਸਿੰਘ ਬਠਲਾਣਾ, ਸਤਨਾਮ ਸਿੰਘ ਦਾਊਂ ਅਤੇ ਹੋਰਨਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰੀ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਜਲਦੀ ਹੀ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਪੁਆਧ ਇਲਾਕੇ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਵੀ ਸ਼ਿਰਕਤ ਕਰਨਗੇ।
ਪੇਰੈਂਟਸ ਯੂਨਿਟੀ ਫਾਰ ਜਸਟਿਸ ਚੰਡੀਗੜ੍ਹ ਤੋਂ ਵੀ ਕਾਰਕੁਨ ਭੁੱਖ ਹੜਤਾਲ ਨੂੰ ਸਮਰਥਨ ਦੇਣ ਲਈ ਪਹੁੰਚੇ। ਇੰਜ ਹੀ ਅੰਮ੍ਰਿਤਸਰ ਤੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਵਿਸ਼ੇਸ਼ ਤੌਰ ’ਤੇ ਧਰਨੇ ਵਿੱਚ ਪਹੁੰਚੇ। ਉੱਘੇ ਆਗੂ ਸੱਜਣ ਸਿੰਘ ਨੇ ਕਿਹਾ ਕਿ ਇਹ ਧਰਨਾ ਹੁਣ ਇੱਕ ਬਹੁਤ ਹੀ ਪਵਿੱਤਰ ਅਸਥਾਨ ਬਣ ਗਿਆ ਹੈ। ਇਹ ਕਿਸਾਨ ਆਗੂ ਦਿੱਲੀ ਜਾਣ ਤੋਂ ਪਹਿਲਾਂ ਇਸ ਥਾਂ ’ਤੇ ਨਤਮਸਤਕ ਹੋਣ ਲਈ ਆਏ ਹਨ। ਕਿਉਂਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਇਕ ਇਤਿਹਾਸਕ ਅਸਥਾਨ ਹੈ ਜਿੱਥੋਂ ਚੱਲਿਆ ਕੋਈ ਵੀ ਸੰਘਰਸ਼ ਸਫਲਤਾ ਪ੍ਰਾਪਤ ਕਰਦਾ ਹੈ। ਦੀਪ ਗਿੱਲ ਪਾਂਘਲੀਆ ਅਤੇ ਮੋਹਣੀ ਤੂਰ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।
ਭੁੱਖ-ਹੜਤਾਲ ਤੇ ਬੈਠੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਕਾਰਕੁਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਉਨ੍ਹਾਂ ਕੋਲ ਭਾਵੇਂ ਜ਼ਮੀਨ ਨਹੀਂ ਹੈ ਪ੍ਰੰਤੂ ਉਨ੍ਹਾਂ ਦੀ ਜ਼ਮੀਰ ਅਜੇ ਜ਼ਿੰਦਾ ਹੈ। ਜਿਸ ਕਰਕੇ ਉਹ ਕਿਸਾਨਾਂ ਦੇ ਹੱਕ ਵਿੱਚ ਇਸ ਧਰਨੇ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਿਸਾਨਾਂ ਦੇ ਹੱਕਾਂ ਲਈ ਲੜਾਈ ਜਾਰੀ ਰੱਖਣਗੇ।
ਇਸ ਮੌਕੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਸਿੱਖਿਆ ਬੋਰਡ ਦੇ ਸਾਬਕਾ ਸਹਾਇਕ ਸਕੱਤਰ ਜਸਵਿੰਦਰ ਸਿੰਘ ਸਹੋਤਾ, ਬਲਜਿੰਦਰ ਸਿੰਘ ਭਾਗੋਮਾਜਰਾ, ਕਰਮਜੀਤ ਸਿੰਘ ਨੰਬਰਦਾਰ ਮੌਲੀ, ਚਰਨ ਸਿੰਘ ਕੁੰਭੜਾ, ਹਰਵਿੰਦਰ ਸਿੰਘ ਸੋਹਾਣਾ, ਬਲਜੀਤ ਸਿੰਘ, ਕਰਮ ਸਿੰਘ, ਕੇਸਰ ਸਿੰਘ, ਦਰਸ਼ਨ ਸਿੰਘ ਚੰਦਪੁਰ, ਦਵਿੰਦਰ ਸਿੰਘ ਬੌਬੀ, ਅਮਰਜੀਤ ਸਿੰਘ ਸੁਖਗੜ੍ਹ ਗੁਰਬਚਨ ਸਿੰਘ ਨਗਾਰੀ, ਅਮਨ ਪੂਨੀਆ, ਸੋਨੀ ਬੜੀ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…