
ਮਟੌਰ ਵਿੱਚ ਸਮੱਸਿਆਵਾਂ ਦੀ ਭਰਮਾਰ, ਯੂਥ ਆਫ਼ ਪੰਜਾਬ ਨੇ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਇੱਥੋਂ ਦੇ ਸੈਕਟਰ-70 ਸਥਿਤ ਪਿੰਡ ਮਟੌਰ ਦੇ ਵਸਨੀਕ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਬਰਸਾਤੀ ਅਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕ ਡਾਢੇ ਤੰਗ ਪ੍ਰੇਸ਼ਾਨ ਹਨ। ਇਸ ਸਬੰਧੀ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਇਕ ਵਫ਼ਦ ਨੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਬੰਦ ਪਈਆਂ ਸਟਰੀਟ ਲਾਈਟਾਂ ਚਾਲੂ ਕਰਵਾਈਆਂ ਜਾਣ ਅਤੇ ਖਸਤਾ ਹਾਲਤ ਗਲੀਆਂ ਦੀ ਮੁਰੰਮਤ ਕਰਵਾਈ ਜਾਵੇ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਮਟੌਰ ਵਿੱਚ ਪਾਣੀ ਦੀ ਨਿਕਾਸੀ ਅਤੇ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਹੁਣ ਬਰਸਾਤ ਦਾ ਮੌਸਮ ਸ਼ੁਰੂ ਹੋਣ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿਕਰਾਲ ਰੂਪ ਧਾਰਨ ਕਰ ਸਕਦੀ ਹੈ। ਪਿੰਡ ਵਿੱਚ ਕੁਝ ਥਾਵਾਂ ’ਤੇ ਸਫ਼ਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਦੇ ਪਾਈਪ ਬੰਦ ਹੋ ਗਈ ਹੈ। ਸੀਵਰੇਜ ਦੀਆਂ ਪਾਈਪਾਂ ਵੀ ਬੰਦ ਪਈਆਂ ਹੋਣ ਕਾਰਨ ਗੰਦਾ ਪਾਣੀ ਓਵਰਫਲੋ ਹੋ ਕੇ ਗਲੀਆਂ ਵਿੱਚ ਆ ਜਾਂਦਾ ਹੈ ਅਤੇ ਪੂਰੇ ਪਿੰਡ ਵਿੱਚ ਬਦਬੂ ਫੈਲ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਦੀਆਂ ਸਮੱਸਿਆਵਾਂ ਨੂੰ ਛੇਤੀ ਹੱਲ ਕਰਵਾਇਆ ਜਾਵੇ। ਕਮਿਸ਼ਨਰ ਨੂੰ ਮਿਲੇ ਵਫ਼ਦ ਵਿੱਚ ਨਰਿੰਦਰ ਕੁਮਾਰ, ਗੁਰਜੀਤ ਸਿੰਘ, ਮਨਵੀਰ ਸਿੰਘ, ਸੰਜੀਵ ਕੁਮਾਰ, ਰਮਨ ਬੈਦਵਾਨ, ਗੁਰਪ੍ਰੀਤ ਸਿੰਘ, ਰਵੀ ਅਰੋੜਾ, ਰਾਜੀਵ ਵਰਮਾ, ਬਲਵਿੰਦਰ ਸਿੰਘ, ਸਲੀਮ ਖਾਨ ਅਤੇ ਵਰਿੰਦਰ ਸਿੰਘ ਸ਼ਾਮਲ ਸਨ।