Share on Facebook Share on Twitter Share on Google+ Share on Pinterest Share on Linkedin ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਲਾਲ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 10 ਵਜੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਕੰਪਲੈਕਸ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੀਆਂ ਧੁਨਾਂ ਵਜਾ ਰਹੇ ਸਨ। ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਵੀ ਗੱਤਕੇ ਦੇ ਜੌਹਰ ਦਿਖਾਏ ਗਏ। ਰਸਤੇ ਵਿੱਚ ਥਾਂ ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਨੂੰ ਵਾਰਾਂ ਵਿੱਚ ਗਾ ਕੇ ਸੁਣਾਇਆ। ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਸੰਗਤ ਦੀ ਸਹੂਲਤ ਲਈ ਬ੍ਰੈੱਡ ਪਕੌੜਿਆਂ, ਬਿਸਕੁਟ, ਕੜਾਹ ਪ੍ਰਸ਼ਾਦ ਦਾ ਅਤੁੱਟ ਲੰਗਰ ਵਰਤਾਇਆ ਗਿਆ। ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ ਅਤੇ ਬੱਸਾਂ ਵਿੱਚ ਸਵਾਰ ਹੋ ਕੇ ਨਗਰ ਕੀਰਤਨ ਦੀ ਸੋਭਾ ਵਧਾਈ ਅਤੇ ਸ਼ਹੀਦਾਂ ਨੂੰ ਯਾਦ ਕੀਤਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 31 ਦਸੰਬਰ ਨੂੰ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੇਰ ਰਾਤ 12 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰੀ, ਸੰਤ ਮਹਾਂਪੁਰਸ਼ ਅਤੇ ਸਿੱਖ ਵਿਦਵਾਨ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ