Nabaz-e-punjab.com

ਮੈਰੀਟੋਰਅਸ ਸਕੂਲ ਦੇ ਵਿਦਿਆਰਥੀ ਦੇ ਕਤਲ ਦਾ ਮਾਮਲਾ ਮੁੜ ਭਖਿਆ

ਸਬੂਤਾਂ ਨੂੰ ਖ਼ੁਰਦ ਬੁਰਦ ਕਰਨ, ਕਾਨੂੰਨ ਤੇ ਪੁਲੀਸ ਨੂੰ ਗੁੰਮਰਾਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਇੱਥੋਂ ਦੇ ਸੈਕਟਰ-70 ਦੇ ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੀਤੀ 9 ਮਾਰਚ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੀਤ ਸਿੰਘ ਦੇ ਕਤਲ ਦਾ ਮਾਮਲਾ ਮੁੜ ਭਖ ਗਿਆ ਹੈ। ਇਸ ਸਬੰਧੀ ਵਿਦਿਆਰਥੀ ਦੀ ਮੌਤ ਲਈ ਜ਼ਿੰਮੇਵਾਰ ਸਕੂਲ ਪ੍ਰਸ਼ਾਸਨ ਦੇ ਜ਼ਿੰਮੇਵਾਰ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਤੇ ਜਿੱਥੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਤੇ ਸਵਾਲ ਉੱਠ ਰਹੇ ਹਨ ਉੱਥੇ ਇਸ ਮੁੱਦੇ ਤੇ ਸਮਾਜਸੇਵੀ ਸੰਸਥਾ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਵੱਲੋਂ ਮੰਗ ਕੀਤੀ ਗਈ ਹੈ ਕਿ ਕਤਲ ਕੇਸ ਨੂੰ ਛੁਪਾਉਣ, ਸਬੂਤਾਂ ਨੂੰ ਖ਼ੁਰਦ ਬੁਰਦ ਕਰਨ, ਕਾਨੂੰਨ ਅਤੇ ਪੁਲੀਸ ਨੂੰ ਗੁੰਮਰਾਹ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਮ੍ਰਿਤਕ ਬੱਚੇ ਦੇ ਪਿੰਡ ਰਤਨਗੜ੍ਹ ਦੀ ਪੰਚਾਇਤ ਅਤੇ ਨੰਬਰਦਾਰ ਗੁਰਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਇਨਸਾਫ਼ ਲੈਣ ਲਈ ਸਿੱਖਿਆ ਵਿਭਾਗ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਲੋੜ ਪੈਣ ਦੇ ਹਾਈ ਕੋਰਟ ਦਾ ਬੂਹਾ ਖੜਕਾਉਣ ਤੋਂ ਗੁਰੇਜ਼ ਨਹੀਂ ਕੀਤੀ ਜਾਵੇਗੀ।
ਸ੍ਰੀ ਦਾਊਂ ਨੇ ਕਿਹਾ ਕਿ ਸਕੂਲ ਸਟਾਫ਼ ਇਸ ਕਤਲ ਵਿੱਚ ਆਪਣੀ ਭੂਮਿਕਾ ਨੂੰ ਹੁਣੇ ਵੀ ਛੁਪਾ ਰਿਹਾ ਹੈ ਅਤੇ ਪੁਲੀਸ ਅਤੇ ਕਾਨੂੰਨ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ 9 ਮਾਰਚ 2020 ਨੂੰ ਹੋਏ ਇਸ ਕਤਲ ਨੂੰ ਪਹਿਲਾਂ ਸਕੂਲ ਪ੍ਰਸ਼ਾਸਨ ਵੱਲੋਂ ਖ਼ੁਦਕੁਸ਼ੀ ਦਾ ਕੇਸ ਬਣਾ ਕੇ ਪੇਸ਼ ਕੀਤਾ ਗਿਆ ਸੀ। ਬਾਅਦ ਵਿੱਚ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਹਰਮਨਜੀਤ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਦਾ ਤਰਕ ਸੀ ਕਿ ਹਰਮਨਜੀਤ ਇੱਕ ਹੋਣਹਾਰ ਅਤੇ ਚੰਗੇ ਚਾਲ ਚਲਣ ਵਾਲਾ ਵਿਦਿਆਰਥੀ ਸੀ। ਇਸ ਅੰਮ੍ਰਿਤਧਾਰੀ ਬੱਚੇ ਨੂੰ ਘਰ ਅਤੇ ਸਕੂਲ ਵਿੱਚ ਕਿਸੇ ਕਿਸਮ ਦਾ ਦਬਾਓ ਨਹੀਂ ਸੀ ਅਤੇ ਨਾ ਹੀ ਕਿਸੇ ਕਿਸਮ ਦੀ ਦਿਮਾਗੀ ਪ੍ਰੇਸ਼ਾਨੀ ਸੀ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਤੱਥ ਲੁਕਾਏ ਜਾ ਰਹੇ ਹਨ।
ਸੰਸਥਾ ਦੇ ਚੇਅਰਮੈਨ ਤੇ ਸੇਵਾਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਸੀ ਕਿ ਇਸ ਬੱਚੇ ਦੇ ਸਰੀਰ ’ਤੇ ਲੱਗੀਆਂ ਸੱਟਾਂ, ਕਤਲ ਦੇ ਸਥਾਨ ਤੇ ਖਿੱਲਰਿਆ ਖੂਨ ਅਤੇ ਬਾਥਰੂਮ ਵਿੱਚ ਲੱਗਿਆ ਖੂਨ ਅਤੇ ਮੌਕੇ ਦੇ ਹਾਲਾਤ ਇਸ ਗੱਲ ਵੱਲ ਇਸ਼ਾਰਾ ਕਰਦੇ ਸਨ ਕਿ ਇਹ ਖ਼ੁਦਕੁਸ਼ੀ ਨਾ ਹੋ ਕੇ ਇੱਕ ਕਤਲ ਕੇਸ ਹੈ। ਇਸ ਸਬੰਧੀ ਪਿੰਡ ਵਾਸੀਆਂ ਅਤੇ ਮਾਪਿਆਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਸਾਥੀ ਵਿਦਿਆਰਥੀਆਂ ਅਤੇ ਪੋਸਟ ਮਾਰਟਮ ਕਰਨ ਵਾਲੇ ਡਾਕਟਰਾਂ ਨੂੰ ਜਾਂਚ ਦੇ ਘੇਰੇ ਵਿੱਚ ਲਿਆ ਜਾਵੇ ਅਤੇ ਜ਼ਿੰਮੇਵਾਰਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੁਲੀਸ, ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਜਾਂਚ ਕਮਿਸ਼ਨ ਬਿਠਾਉਣ ਤੇ ਸਕੂਲ ਪ੍ਰਸ਼ਾਸਨ, ਪ੍ਰਿੰਸੀਪਲ ਅਤੇ ਸਟਾਫ਼ ਵੀ ਦੋਸ਼ੀ ਸਾਬਤ ਹੋਏ ਪਰ ਇਸਦੇ ਬਾਵਜੂਦ ਸਿੱਖਿਆ ਵਿਭਾਗ ਅਤੇ ਪੁਲੀਸ ਵੱਲੋਂ ਸਕੂਲ ਪ੍ਰਸ਼ਾਸਨ, ਪ੍ਰਿੰਸੀਪਲ ਅਤੇ ਸਟਾਫ਼ ਦੇ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕੋਈ ਵੀ ਕਾਰਵਾਈ ਨਾ ਹੋਣਾ ਪੁਲੀਸ, ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਸ਼ੱਕ ਦੇ ਘੇਰੇ ਵਿੱਚ ਲੈ ਆਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਕੂਲ ਪ੍ਰਿੰਸੀਪਲ ਦੇ ਪਤੀ ਦੇ ਸਿੱਖਿਆ ਸਕੱਤਰ ਨਾਲ ਦੋਸਤਾਨਾ ਸਬੰਧ ਹਨ। ਜਿਸ ਕਾਰਨ ਵੀ ਇਸ ਕੇਸ ਵਿੱਚ ਹੋਈ ਕਾਰਵਾਈ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਕਿਊਰਟੀ ਕੈਮਰਿਆਂ ਦੀ ਫੂਟੇਜ਼ ਪਰਿਵਾਰ ਨੂੰ ਨਹੀਂ ਦਿੱਤੀ ਗਈ ਸੀ। ਵਾਰਦਾਤ ਤੋਂ ਬਾਅਦ ਸਕੂਲ ਪ੍ਰਸ਼ਾਸਨ ਵੱਲੋਂ ਮੌਕੇ ਤੇ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਗਿਆ। ਵਾਰਦਾਤ ਦੇ ਨਿਸ਼ਾਨਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਸਾਫ਼ ਜਾਹਰ ਹੁੰਦਾ ਹੈ ਕਿ ਸਕੂਲ ਪ੍ਰਸ਼ਾਸਨ ਕਿਸੇ ਵੱਡੀ ਵਾਰਦਾਤ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਸੰਸਥਾ ਦੇ ਵਕੀਲਾਂ ਐਡਵੋਕੇਟ ਤੇਜਿੰਦਰ ਸਿੱਧੂ, ਗਮਦੂਰ ਸਿੰਘ, ਲਵਨੀਤ ਠਾਕੁਰ, ਪੀਐਸ ਗਰੇਵਾਲ ਅਤੇ ਜਾਨਕੀ ਦਾਸ ਨੇ ਕਿਹਾ ਕਿ ਮਾਰਚ ਮਹੀਨੇ ਤੋਂ ਬਾਅਦ ਲੌਕਡਾਊਨ ਦੀ ਸਥਿਤੀ ਕਾਰਨ ਸੰਸਥਾ ਅਤੇ ਮਾਪੇ ਇਸ ਕੇਸ ਦੀ ਠੀਕ ਤਰ੍ਹਾਂ ਪੈਰਵਾਈ ਨਹੀਂ ਕਰ ਸਕੇ ਅਤੇ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਇਸ ਫਾਇਦਾ ਚੁੱਕਦੇ ਹੋਏ, ਇਸ ਕੇਸ ਨੂੰ ਛੇਤੀ ਨਿਪਟਾਉਣ ਦੀ ਕੋਸ਼ਿਸ਼ ਕਰਦੇ ਹੋਏ ਦੋ ਸਹਿ ਵਿਦਿਆਰਥੀਆਂ ਵਿਰੁੱਧ ਕਤਲ ਦਾ ਪਰਚਾ ਦਰਜ ਕਰ ਕੇ ਚਲਾਨ ਪੇਸ਼ ਕਰ ਦਿੱਤਾ ਗਿਆ। ਪ੍ਰੰਤੂ ਇਸ ਜਲਦਬਾਜ਼ੀ ਵਿੱਚ ਸਕੂਲ ਪ੍ਰਸ਼ਾਸਨ ਅਤੇ ਸਟਾਫ਼ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਸ਼ੱਕ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਸ ਸਮੇਂ ਤੱਕ ਸੰਸਥਾਵਾਂ ਅਤੇ ਮਾਪਿਆਂ ਵੱਲੋਂ ਸੰਘਰਸ਼ ਦਾ ਰਸਤਾ ਅਪਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…