Share on Facebook Share on Twitter Share on Google+ Share on Pinterest Share on Linkedin ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ: ਸਿੱਖਿਆ ਮੰਤਰੀ ਪੰਜਾਬ ਸੂਬੇ ਦੇ 10 ਰਿਹਾਇਸ਼ੀ ਮੈਰੀਟੋਰੀਅਸ ਸਕੂਲਾਂ ‘ਚ ਉਪਲਬਧ ਹਨ 8346 ਬੈੱਡ: ਵਿਜੈ ਇੰਦਰ ਸਿੰਗਲਾ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਕੋਰੋਨਾਵਾਇਰਸ ‘ਤੇ ਕਾਬੂ ਪਾਉਣ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ: ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਸੰਗਰੂਰ/ਚੰਡੀਗੜ, 15 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨਾਂ ‘ਚ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਸਥਾਪਿਤ ਕੀਤੇ ਜਾ ਸਕਣ। ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ 10 ਰਿਹਾਇਸ਼ੀ ਸਕੂਲ ਮੌਜੂਦ ਹਨ ਅਤੇ ਇਨਾਂ ਸਕੂਲਾਂ ਦੇ ਹੋਸਟਲਾਂ ‘ਚ 8346 ਬਿਸਤਰੇ ਉਪਲਬਧ ਹਨ ਜੋ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਇਨਾਂ ਸਕੂਲਾਂ ‘ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ ਜਿਨਾਂ ਨੂੰ ਮੈਡੀਕਲ ਸਟਾਫ਼ ਵੱਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲਿਆਂ ‘ਚ ਸਥਿਤ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ‘ਚ ਮਦਦ ਮਿਲੇਗੀ। ਸ਼੍ਰੀ ਸਿੰਗਲਾ, ਜੋ ਕਿ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਨ, ਨੇ ਦੱਸਿਆ ਕਿ ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਬੰਧਤ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੈਰੀਟੋਰੀਅਸ ਸਕੂਲਾਂ ‘ਚ ਇਨਾਂ ਕੇਂਦਰਾਂ ਦੇ ਨਿਰਮਾਣ ਸਮੇਂ ਕਿਸੇ ਵੀ ਲੋੜ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ