
ਮੈਰੀਟੋਰੀਅਸ ਅਧਿਆਪਕਾਂ ਨੂੰ ਪੱਕੇ ਹੋਣ ਦੀ ਆਸ ਬੱਝੀ, ਵਿੱਤ ਮੰਤਰੀ ਨੇ ਦਿੱਤਾ ਭਰੋਸਾ
ਜੇਕਰ ਸਰਕਾਰ ਆਪਣੇ ਵਾਅਦੇ ’ਤੇ ਖਰਾ ਨਾ ਉੱਤਰੀ ਤਾਂ ਸੰਘਰਸ਼ ਵਿੱਢਿਆਂ ਜਾਵੇਗਾ: ਡਾ. ਟੀਨਾ
ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਪੰਜਾਬ ਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਨੇੜ ਭਵਿੱਖ ਵਿੱਚ ਪੱਕੇ ਹੋਣ ਦੀ ਆਸ ਬੱਝ ਗਈ ਹੈ। ਇਹ ਭਰੋਸਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ ਦੇ ਵਫ਼ਦ ਨੂੰ ਦਿੱਤਾ ਹੈ। ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨਾਲ ਅਹਿਮ ਮੀਟਿੰਗ ਹੋਈ। ਜਥੇਬੰਦੀ ਦੀ ਸੂਬਾ ਪ੍ਰਧਾਨ ਡਾ. ਟੀਨਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀ ਜਾਇਜ਼ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਈਈ ਮੇਨਜ ਦੀ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀਆਂ ਨੇ ਇਤਿਹਾਸ ਰਚਿਆ ਹੈ। ਇਹ ਸਾਰਾ ਕੁੱਝ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ, ਕਿਉਂਕਿ ਹੁਣ ਹੋਰ ਦੇਰੀ ਠੀਕ ਨਹੀਂ ਹੈ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਸੇਵਾ ਭਾਵਨਾ ਨਾਲ ਅਧਿਆਪਕ, ਕਿਰਤੀਆਂ, ਕਿਸਾਨਾਂ ਅਤੇ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਉਨ੍ਹਾਂ ਦੀਆਂ ਸੇਵਾਵਾਂ ਨੂੰ ਜਲਦੀ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨੇ ਜਲਦੀ ਹੀ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਅਤੇ ਮੈਰੀਟੋਰੀਅਸ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਵਾਰ ਜੇਈਈ ਮੇਨ ਦੇ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਮੈਰੀਟੋਰੀਅਸ ਅਧਿਆਪਕਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਿਰਫ਼ 2326 ਰੁਪਏ ਵਧੇ ਹਨ ਜਦਕਿ ਮਹਿੰਗਾਈ ਵਾਰ-ਵਾਰ ਵਧ ਰਹੀ ਹੈ। ਮੰਤਰੀਆਂ ਨੇ ਭਰੋਸਾ ਦਿੱਤਾ ਕਿ ਤਨਖ਼ਾਹ ਵਿੱਚ ਵਾਧਾ ਅਤੇ ਪਿਛਲੇ ਸਾਰੇ ਬਕਾਏ ਜਲਦ ਦਿੱਤੇ ਜਾਣਗੇ।
ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਵਾਂਗ ਲਾਰੇ-ਲੱਪੇ ਲਗਾ ਕੇ ਡੰਪ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆਂ ਜਾਵੇਗਾ। ਇਸ ਮੌਕੇ ਕੇਂਦਰੀ ਕਮੇਟੀ ਦੀ ਮੈਂਬਰ ਸਿਮਰਨਜੀਤ ਕੌਰ, ਵਿਪਨੀਤ ਕੌਰ, ਜਸਵਿੰਦਰ ਸਿੰਘ ਅਤੇ ਮੋਹਿਤ ਪੂਨੀਆ ਵੀ ਹਾਜ਼ਰ ਸਨ।