Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀਆਂ ਮੰਡੀਆਂ ਵਿੱਚ ਪੁੱਜੇ 1,54,812 ਮੀਟਰਿਕ ਟਨ ਝੋਨੇ ਦੀ 100 ਫੀਸਦੀ ਖਰੀਦ ਕੀਤੀ: ਡੀਸੀ ਮੰਡੀਆਂ ਵਿੱਚ 30 ਨਵੰਬਰ ਤੱਕ ਕੀਤੀ ਜਾਵੇਗੀ ਝੋਨੇ ਦੀ ਸਰਕਾਰੀ ਖ਼ਰੀਦ: ਗਿਰੀਸ਼ ਦਿਆਲਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ 11 ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 1 ਲੱਖ 54 ਹਜ਼ਾਰ 812 ਮੀਟਰਿਕ ਟਨ ਝੋਨੇ ਦੀ ਆਮਦ ਦਰਜ ਹੋਈ ਅਤੇ ਮੰਡੀਆਂ ਵਿੱਚ ਪੁੱਜੇ ਝੋਨੇ ਦੀ 100 ਫੀਸਦੀ ਖਰੀਦ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਾਲ ਅੱਜ ਦੇ ਦਿਨ ਤੱਕ ਪਿਛਲੇ ਸਾਲ ਨਾਲੋਂ 14,080 ਮੀਟਰਿਕ ਟਨ ਵੱਧ ਝੋਨਾ ਖ਼ਰੀਦਿਆ ਗਿਆ ਹੈ। ਪਿਛਲੇ ਸਾਲ 1 ਲੱਖ 40 ਹਜ਼ਾਰ 732 ਮੀਟਰਿਕ ਟਨ ਝੋਨਾ ਖ਼ਰੀਦਿਆ ਗਿਆ ਸੀ। ਸਰਕਾਰੀ ਖ਼ਰੀਦ ਏਜੰਸੀਆਂ ਦੇ ਅੰਕੜੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਪਨਗਰੇਨ ਵੱਲੋਂ 46,080 ਮੀਟਰਿਕ ਟਨ, ਮਾਰਕਫ਼ੈੱਡ ਵੱਲੋਂ 44,784 ਮੀਟਰਿਕ ਟਨ, ਪਨਸਪ ਵੱਲੋਂ 33,972 ਮੀਟਰਿਕ ਟਨ, ਪੰਜਾਬ ਰਾਜ ਗੁਦਾਮ ਨਿਗਮ ਵੱਲੋਂ 22,855 ਮੀਟਰਿਕ ਟਨ, ਐਫ਼ਸੀਆਈ ਵੱਲੋਂ 6401 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 720 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀ ਦਿਆਲਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹੁਣ ਤੱਕ 268.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕੁੱਲ ਅਦਾਇਗੀ ਦਾ 95.10 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕੁਲ ਅਦਾਇਗੀਯੋਗ ਰਕਮ 282.77 ਕਰੋੜ ਰੁਪਏ ਹੈ। ਖ਼ਰੀਦੇ ਗਏ ਝੋਨੇ ਦੀ ਚੁਕਾਈ ਸਬੰਧੀ ਸ੍ਰੀ ਦਿਆਲਨ ਨੇ ਦੱਸਿਆ ਕਿ ਮੰਡੀਆਂ ’ਚੋਂ ਅੱਜ ਤੱਕ 1 ਲੱਖ 53 ਹਜ਼ਾਰ 518 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਜਾ ਚੱੁਕੀ ਹੈ, ਜੋ ਕੁਲ ਆਮਦ ਦਾ 99.16 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘਟਨ ਦੇ ਸਨਮੁਖ ਸੂਬਾ ਸਰਕਾਰ ਵੱਲੋਂ ਖ਼ਰੀਦ ਦੀ ਮਿਆਦ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਸੂਬੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ 30 ਨਵੰਬਰ, 2019 ਤੱਕ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਕਿਸਾਨ ਨੇ ਝੋਨੇ ਦੀ ਵਿਕਰੀ ਕਰਨੀ ਬਕਾਇਆ ਹੈ ਤਾਂ ਉਹ 30 ਨਵੰਬਰ ਤੱਕ ਹਰ ਹਾਲ ਵਿੱਚ ਝੋਨਾ ਵੇਚ ਲੈਣ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਜ਼ਿਆਦਾਤਰ ਆਮਦ ਹੋ ਚੁੱਕੀ ਹੈ। ਇਸ ਲਈ ਪਿਛਲੇ ਕੁਝ ਦਿਨਾਂ ਤੋਂ ਜ਼ਿਲੇ੍ਹ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਮੰਡੀਆਂ ’ਚੋਂ ਸਾਰੀ ਫਸਲ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਦਿਆਲਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹ ਘੱਟੋ-ਘੱਟ ਸਮਰਥਨ ਮੱੁਲ (ਐਮਐਸਪੀ) ਦਾ ਲਾਭ ਲੈ ਸਕਣ। ਵਾਤਾਵਰਨ ਸੁਰੱਖਿਆ ਦੀ ਗੱਲ ਕਰਦਿਆਂ ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਉਂਕਿ ਇਸ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖੌਅ ਬਣਿਆ ਰਹਿੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ