nabaz-e-punjab.com

ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਵਧਾ ਕੇ ਪਾਕਿਸਤਾਨ ਸਮੇਤ ਹੋਰ ਮੁਲਕਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੈਸਟੀਵਲ ਦੇ ਪ੍ਰਬੰਧਕਾਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਦਾ ਐਲਾਨ ਕਰਦਿਆਂ ਪਾਕਿਸਤਾਨ ਸਮੇਤ ਬਾਕੀ ਮੁਲਕਾਂ ਦੇ ਲੇਖਕਾਂ ਅਤੇ ਸੈਨਿਕਾਂ ਦੀ ਸ਼ਮੂਲੀਅਤ ਰਾਹੀਂ ਇਸ ਦਾ ਦਾਇਰਾ ਹੋਰ ਵਿਸ਼ਾਲ ਕਰਨ ਦਾ ਸੱਦਾ ਦਿੱਤਾ। ਚੋਣਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਬਹੁਤ ਦਿਲਚਸਪ ਹੋਵੇਗਾ ਜਦੋਂ ਇਕ ਨਵੇਂ ਮਾਹੌਲ ਵਿੱਚ 1965 ਦੇ ਜੰਗ ਦੇ ਭਾਰਤ-ਪਾਕਿ ਦੇ ਫੌਜੀ ਆਹਮੋ-ਸਾਹਮਣੇ ਹੋ ਕੇ ਆਪੋ-ਆਪਣੇ ਤਜਰਬੇ ਸਾਂਝੇ ਕਰਨਗੇ। ਮੁੱਖ ਮੰਤਰੀ ਨੇ ਇਸ ਫੈਸਟੀਵਲ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀ ਟੀਮ ਦੇ ਸਿਖਰਲੇ ਮੈਂਬਰਾਂ ਨੂੰ ਰਾਤਰੀ ਭੋਜ ’ਤੇ ਸੱਦਿਆ ਸੀ।
ਇਸ ਮੌਕੇ ਉਨ੍ਹਾਂ ਨੇ ਹਰੇਕ ਟੀਮ ਮੈਂਬਰ ਨੂੰ ਇਕ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ। ਇਸ ਫੈਸਟੀਵਲ ਦੇ ਸੰਕਲਪ ਤੋਂ ਲੈ ਕੇ ਅੰਤਿਮ ਪਲਾਂ ਤੱਕ ਦੇ ਸਫਰ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਹ ਸਮਾਗਮ ਆਮ ਲੋਕਾਂ ਖਾਸਕਰ ਨੌਜਵਾਨਾਂ ਵਿੱਚ ਭਾਰਤੀ ਰੱਖਿਆ ਸੈਨਾਵਾਂ ਬਾਰੇ ਜਾਗਰੂਕਤਾ ਅਤੇ ਸਮਝ ਕਾਇਮ ਕਰਨ ਲਈ ਢੁਕਵਾਂ ਮੰਚ ਸਿੱਧ ਹੋਵੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੈਸਟੀਵਲ ਨੌਜਵਾਨਾਂ ਦੇ ਦਿਲਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਜਗਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁਲਕ ਦੀ ਸੇਵਾ ਲਈ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਵੀ ਉਤਸ਼ਾਹਤ ਕਰੇਗਾ। ਮੁੱਖ ਮੰਤਰੀ ਨੇ ਆਖਿਆ ਕਿ ਹਥਿਆਰਬੰਦ ਸੈਨਾਵਾਂ ਦਾ ਹਿੱਸਾ ਹੋਣਾ ਹਰੇਕ ਭਾਰਤੀ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਫੈਸਟੀਵਲ ਨੌਜਵਾਨਾਂ ਦਰਮਿਆਨ ਅਜਿਹੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਸਮਾਗਮ ਨੂੰ ਹੋਰ ਵੱਡੇ ਪੱਧਰ ’ਤੇ ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗੀ। ਇਸ ਸਮਾਗਮ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਅਤੇ ਆਪਣੇ ਸਰਗਰਮ ਸਹਿਯੋਗ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਟੀ.ਐਸ. ਸ਼ੇਰਗਿੱਲ ਨੇ ਆਖਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਸੁਸਾਇਟੀ ਨੂੰ ਸਥਾਈ ਬਾਡੀ ਵਜੋਂ ਕਾਇਮ ਕੀਤਾ ਗਿਆ ਹੈ ਜੋ ਇਸ ਖੇਤਰ ਵਿੱਚ ਵਿਚਾਰਾਂ ਅਤੇ ਤਜਰਬਿਆਂ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਤ ਕਰਨ ਲਈ ਆਪਣੀਆਂ ਵੱਖ-ਵੱਖ ਸਰਗਰਮੀਆਂ ਜਾਰੀ ਰੱਖੇਗੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜੋ ਪ੍ਰਬੰਧਕੀ ਕਮੇਟੀ ਦੇ ਮੁੱਖ ਮੈਂਬਰ ਸਨ, ਵੀ ਸ਼ਾਮਲ ਹੋਈਆਂ ਸ਼ਖਸੀਅਤਾਂ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…