
ਮਿਲਕਮੈਨ ਯੂਨੀਅਨ ਵੱਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਬੇਤਹਾਸ਼ਾ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੇ ਹੁਕਮਰਾਨਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਪੈਟਰੋਲ-ਡੀਜ਼ਲ ਅਤੇ ਹੋਰ ਨਿੱਤ ਵਰਤੋਂ ਦੀਆਂ ਵਸਤੂਆਂ ਵਿੱਚ ਕੀਤੇ ਜਾਂਦੇ ਬੇਤਹਾਸ਼ਾ ਵਾਧੇ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵਰਤੋਂ ਵਿੱਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਦੇ ਰੇਟ ਅਸਮਾਨੀ ਚੜ੍ਹ ਗਏ। ਜਿਸ ਕਾਰਨ ਸਮੁੱਚੇ ਕਾਰੋਬਾਰ ਬੰਦ ਹੋਣ ਕਿਨਾਰੇ ਪਹੁੰਚ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਦੁੱਧ ਦੇ ਸਹਾਇਕ ਧੰਦਿਆਂ ਨੂੰ ਬਚਾਉਣ ਲਈ ਦੁੱਧ ਮੁੱਲ ਕਮਿਸ਼ਨ ਦਾ ਗਠਨ ਕੀਤਾ ਜਾਵੇ।
ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮਿਲਕਮੈਨ ਯੂਨੀਅਨ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਖੇਤੀ ਕਾਲੇ ਕਾਨੂੰਨਾਂ ਦਾ ਉਦੋਂ ਤੱਕ ਵਿਰੋਧ ਕਰਦੇ ਰਹਿਣਗੇ ਜਦੋਂ ਤੱਕ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ। ਉਨ੍ਹਾਂ ਐਲਾਨ ਕੀਤਾ ਕਿ ਮਿਲਕਮੈਨ ਯੂਨੀਅਨ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਤੱਕ ਕੀਤੇ ਜਾ ਰਹੇ ਪੈਦਲ ਰੋਸ ਮਾਰਚ ਵਿੱਚ ਵਧ ਚੜ੍ਹ ਕੇ ਹਿੱਸਾ ਲਵੇਗੀ।
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਹੁਲਕਾ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਸੁਰਿੰਦਰ ਸਿੰਘ ਬਰਿਆਲੀ, ਸੰਤ ਸਿੰਘ ਕੁਰੜੀ, ਜਸਬੀਰ ਸਿੰਘ ਢਕੋਰਾਂ, ਨਰਿੰਦਰ ਸਿੰਘ ਸਿਆਊ, ਸੁਭਾਸ਼ ਗੋਚਰ, ਸਾਹਿਬ ਸਿੰਘ ਮੌਲੀ, ਅਜੈਬ ਨਾਡਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਜਗਤਾਰ ਸਿੰਘ, ਅਜਮੇਰ ਸਿੰਘ, ਸਤਪਾਲ ਸਿੰਘ ਸਵਾੜਾ ਨੇ ਸੰਬੋਧਨ ਕੀਤਾ।