nabaz-e-punjab.com

ਪਿੰਡ ਸਨੇਟਾ ਵਿੱਚ ਪਸ਼ੂ ਪਾਲਣ ਮੰਤਰੀ ਸਿੱਧੂ ਨੇ ਨੌਜਵਾਨਾਂ ਨੂੰ ਵੰਡੇ ਸਰਟੀਫਿਕੇਟ

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਰੱਖਣ ਦਾ ਵਾਅਦਾ, ਕਿਰਤੀਆਂ ਨੂੰ ਮਿਲੇਗਾ ਸਕੀਮਾਂ ਦਾ ਲਾਭ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਪੰਜਾਬ ਦੇ ਹਰੇਕ ਜਿਲ੍ਹੇ ਵਿਚ 500 ਨੌਜਵਾਨਾਂ ਨੂੰ ਪਿਗਰੀ, ਮੁਰਗੀ ਅਤੇ ਬੱਕਰੀ ਪਾਲਣ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਸ਼ੂ ਪਾਲਣ ਵਿਭਾਗ ਤੋਂ ਪਿਗਰੀ, ਬੱਕਰੀ ਤੇ ਮੁਰਗੀ ਪਾਲਣ ਦੀ ਸਿਖਲਾਈ ਲੈਣ ਵਾਲੇ 48 ਨੌਜਵਾਨਾਂ ਨੂੰ ਪਿੰਡ ਸਨੇਟਾ ਵਿੱਚ ਸਰਟੀਫਿਕੇਟ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਮਕਸਦ ਤਹਿਤ ਕਿਸਾਨਾਂ ਨੂੰ ਪਿਗਰੀ, ਬੱਕਰੀ ਤੇ ਮੁਰਗੀ ਪਾਲਣ ਦੀ ਸਿਖਲਾਈ ਦੇਣ ਲਈ ਇਸ ਜਿਲ੍ਹੇ ਨੂੰ ਪਾਇਲਟ ਪ੍ਰੋਜੈਕਟ ਵੱਜੋਂ ਚੁਣਿਆ ਗਿਆ ਅਤੇ ਪਿੰਡਾਂ ਦੇ ਕਲਸਟਰ ਬਣਾਕੇ ਸਿਖਲਾਈ ਕੈਂਪ ਲਗਾਏ ਜਾਂਦੇ ਹਨ, ਜਿਥੇ ਵਿਭਾਗ ਦੇ ਮਾਹਿਰਾਂ ਵੱਲੋਂ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਇਸ ਕੜ੍ਹੀ ਤਹਿਤ ਪਿੰਡ ਸਨੇਟਾ ਵਿੱਚ ਲਗਾਏ ਸਿਖਲਾਈ ਕੈਂਪ ਦੌਰਾਨ 48 ਉਦੱਮੀਆਂ ਨੇ ਸਿਖਲਾਈ ਪ੍ਰਾਪਤ ਕੀਤੀ ਜਿਨ੍ਹਾਂ ਨੂੰ ਅੱਜ ਦੇ ਇਸ ਸਮਾਗਮ ਵਿੱਚ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਨੇ ਸਿਖਲਾਈ ਹਾਸਲ ਕਰਨ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੀ ਪ੍ਰਾਪਤ ਕੀਤੀ ਸਿਖਲਾਈ ਦਾ ਲਾਭ ਲੈਣ ਲਈ ਆਪਣੇ ਕੰਮਕਾਜ ਸ਼ੁਰੂ ਕਰਨ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਪਸ਼ੂ ਪਾਲਣ ਅਤੇ ਡੇਅਰੀ ਜ਼ਰੀਏ ਪੰਜਾਬ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਉਨ੍ਹਾਂ ਵੱਲੋਂ ਅਹਿਮ ਯੋਗਦਾਨ ਪਾਇਆ ਜਾਵੇਗਾ। ਕਣਕ ਤੇ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿੱਚ ਫਸੇ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਨੂੰ ਖੁਸ਼ਹਾਲ ਕਰਨ ਅਤੇ ਪੰਜਾਬ ਦੀ ਚਹੁੰਮੁਖੀ ਤਰੱਕੀ ਲਈ ਪਸ਼ੂ ਪਾਲਣ ਅਤੇ ਡੇਅਰੀ ਧੰਦਾ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਸੌਂਪੇ ਗਏ ਹਨ, ਉਹ ਵਿਭਾਗ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਉਣਗੇ। ਸ. ਸਿੱਧੂ ਨੇ ਆਖਿਆ ਕਿ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਜੋ ਵਾਅਦਾ ਕੀਤਾ ਹੈ, ਉਹ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਡੇਅਰੀ ਅਤੇ ਪਸ਼ੂ ਪਾਲਣ ਅਜਿਹੇ ਧੰਦੇ ਹਨ, ਜਿਨ੍ਹਾਂ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਮੌਜੂੁਦ ਹਨ।
ਸੂਬੇ ਵਿੱਚ ਇਨ੍ਹਾਂ ਦੋਵਾਂ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਨ੍ਹਾਂ ਨੂੰ ਛੇਤੀ ਹੀ ਅਮਲੀ ਰੂਪ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਰਤੀ ਕਾਮਿਆਂ ਲਈ ਵਿਸ਼ੇਸ਼ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਤਹਿਤ ਕੀਰਤੀ ਕਾਮਿਆਂ ਦੇ ਬੱਚਿਆਂ ਦੀ ਪੜ੍ਹਾਈ ਅਤੇ ਧੀਆਂ ਦੇ ਵਿਆਹ ਸਬੰਧੀ ਸਹਾਇਤਾ ਅਤੇ ਬੀਮਾ ਆਦਿ ਦੀ ਸਹੂਲਤ ਦਿੱਤੀ ਜਾਂਦੀ ਹੈ ਇਹ ਸਹੂਲਤਾਂ ਲੈਣ ਲਈ ਰਜਿਸਟਰਡ ਹੋਣਾ ਜਰੂਰੀ ਹੈ। ਸੂਬੇ ਦੇ ਹਰ ਰਜਿਸਟਰਡ ਕਿਰਤੀ ਕਾਮੇ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪਿੰਡ ਸਨੇਟਾ ਵੱਲੋਂ ਰੱਖੀਆਂ ਮੰਗਾਂ ਨੂੰ ਪੂਰਾਂ ਕਰਨ ਦਾ ਭਰੋਸਾ ਦਿੱਤਾ ਗਿਆ। ਜਿਨ੍ਹਾਂ ਵਿੱਚ ਵਿਸ਼ੇਸ ਤੌਰ ਤੇ ਲਾਂਡਰਾਂ ਤੱਕ ਆਉਂਦੀ ਸੀ.ਟੀ.ਯੂ ਦੀ ਬੱਸ ਸੇਵਾ ਦਾ ਰੁੂਟ ਸਨੇਟੇ ਤੱਕ ਕਰਵਾਉਣਾ, ਪਿੰਡ ਸਨੇਟਾ ਦਾ ਸਰਕਾਰੀ ਹਾਈ ਸਕੂਲ ਅੱਪ ਗਰੇਡ ਕਰਕੇ +2 ਤੱਕ ਕਰਨਾ ਅਤੇ ਲੜਕੀਆਂ ਲਈ ਕਾਲਜ ਖੋਲ੍ਹਣਾ ਸ਼ਾਮਲ ਹਨ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਹਾਈ ਕੋਰਟ ਦੇ ਵਕੀਲ ਕੰਵਰਬੀਰ ਸਿੰਘ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪੰਜਾਬ ਸੋਸ਼ਲ ਸਕਿਊਰਟੀ ਬੋਰਡ ਦੇ ਡਾਇਰੈਕਟਰ ਗੁਰਚਰਨ ਸਿੰਘ ਭੰਵਰਾ, ਜੀ.ਐਸ. ਰਿਆੜ, ਪਸ਼ੂ ਪਾਲਣ ਵਿਭਾਗ ਦੇ ਡਾਇਰਕੈਟਰ ਅਮਰਜੀਤ ਸਿੰਘ, ਡਿਪਟੀ ਡਾਇਰੈਕਟਰ ਡਾ. ਪ੍ਰਮਾਤਮਾ ਸਰੂਪ, ਡਾ. ਸਰਬਦੀਪ ਸਿੰਘ ਲਾਂਡਰਾਂ ਅਤੇ ਡਾ. ਜਸਪ੍ਰੀਤ ਕੌਰ ਮਨੌਲੀ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਮੋਹਣ ਸਿੰਘ ਬਠਲਾਣਾ, ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਸਾਬਕਾ ਸਰਪੰਚ ਤੰਗੌਰੀ ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…