
ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਨਾਜਾਇਜ਼ ਸੜਕ ਬਣਾਉਣ ਸਬੰਧੀ ਮੰਤਰੀ ਨੇ ਰਿਪੋਰਟ ਮੰਗੀ
ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਧਰਮਸੋਤ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਜੂਨ:
ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜਸ਼ੰਕਰ ਖੇਤਰ ’ਚ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਖਣਨ ਲਈ ਜੰਗਲ ਕੱਟ ਕੇ ਬਣਾਈ ਨਾਜਾਇਜ਼ ਸੜਕ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ ਨੂੰ ਇਸ ਮਾਮਲੇ ਦੀ ਜਾਂਚ ਰਿਪੋਰਟ 3 ਦਿਨਾਂ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਧਰਮਸੋਤ ਨੇ ਕਿਹਾ ਕਿ ਜੰਗਲਾਤ ਦੀ ਜ਼ਮੀਨ ਵਿੱਚੋਂ ਬਿਨ੍ਹਾਂ ਮਨਜ਼ੂਰੀ ਲਏ ਗ਼ੈਰ ਕਾਨੂੰਨੀ ਤੌਰ ’ਤੇ ਹਿਮਾਚਲ ਪ੍ਰਦੇਸ ਤੋਂ ਪੰਜਾਬ ਵੱਲ ਨੂੰ 15 ਕਿਲੋਮੀਟਰ ਸੜਕ ਜੰਗਲਾਤ ਦੇ ਦਰਖ਼ਤ ਕੱਟ ਕੇ ਬਣਾਉਣਾ ਬੜਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ’ਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਸ੍ਰੀ ਧਰਮਸੋਤ ਨੇ ਦੱਸਿਆ ਕਿ ਜੰਗਾਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪਹਿਲਾਂ ਹੀ ਜੰਗਲਾਤ ਖੇਤਰਾਂ ਦੀਆਂ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜਿਆਂ ਨੂੰ ਛੁਡਾਉਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਮਦਦ ਨਾਲ ਜੰਗਲਾਤ ਵਿਭਾਗ ਦੀ ਇੰਚ-ਇੰਚ ਜ਼ਮੀਨ ਛੁਡਾ ਲਈ ਜਾਵੇਗੀ ਅਤੇ ਇਨ੍ਹਾਂ ਜ਼ਮੀਨਾਂ ’ਤੇ ਵੱਖ-ਵੱਖ ਤਰ੍ਹਾਂ ਦੇ ਹਰੇ-ਭਰੇ ਪੌਦੇ ਲਗਾਏ ਜਾਣਗੇ। ਜੰਗਲਾਤ ਮੰਤਰੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ’ਚੋਂ ਹਰ ਤਰ੍ਹਾਂ ਦੇ ਮਾਫੀਏ ਅਤੇ ਨਾਜਾਇਜ਼ ਕਬਜਿਆਂ ਨੂੰ ਸਖ਼ਤੀ ਨਾਲ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਗ਼ੈਰ ਕਾਨੂੰਨੀ ਘਟਨਾਵਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।