Share on Facebook Share on Twitter Share on Google+ Share on Pinterest Share on Linkedin ਸਾਬਕਾ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ, ਆਈਏਐਸ ਸ੍ਰੀਮਤੀ ਨੀਲਮਾ ਸਣੇ 10 ਅਫ਼ਸਰਾਂ ਕੇਸ ਦਰਜ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਪੰਜਾਬ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ 7 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਤਿੰਨ ਟਾਊਨ ਡਿਵੈਲਪਰਾਂ ਨੂੰ ਵੀ ਕੀਤਾ ਨਾਮਜ਼ਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਸ੍ਰੀਮਤੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ) ਦੇ 10 ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਿਤ ਕਰਨ ਦੀ ਪ੍ਰਵਾਨਗੀ ਦੇਣ ਦੇ ਗੰਭੀਰ ਦੋਸ਼ਾਂ ਹੇਠਾਂ ਮੁਹਾਲੀ ਸਥਿਤ ਵਿਜੀਲੈਂਸ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹੀ ਨਹੀਂ ਵਿਜੀਲੈਂਸ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਸੱਤ ਅਫ਼ਸਰਾਂ ਜਿਨ੍ਹਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫ਼ਸਰ, ਦਵਿੰਦਰਪਾਲ ਸਿੰਘ ਜੀਐਮ ਪਰਸੋਨਲ, ਜੇਐਸ ਭਾਟੀਆ ਚੀਫ਼ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀਏ ਅਤੇ ਸੰਦੀਪ ਸਿੰਘ ਐਸਡੀਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ’ਤੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਉਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜ਼ਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ‘ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 17 ਮਾਰਚ 2021 ਨੂੰ ਉਕਤ ਪਲਾਟ ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਪੀਐਸਆਈਡੀਸੀ ਦੇ ਐਮਡੀ ਨੂੰ ਭੇਜ ਦਿੱਤਾ। ਐਮਡੀ ਨੇ ਫਰਮ ਦੀ ਤਜਵੀਜ਼ ਦੀ ਘੋਖ ਕਰਨ ਲਈ ਵਿਭਾਗੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਐਸਪੀ ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇਐਸ ਭਾਟੀਆ ਚੀਫ਼ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਸਨ। ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਪ੍ਰਸਤਾਵ ਰਿਪੋਰਟ, ਪ੍ਰਾਜੈਕਟ ਰਿਪੋਰਟ, ਆਰਟੀਕਲ ਆਫ਼ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਹੀ ਨਹੀਂ ਵਿਭਾਗੀ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਫਾਇਰ ਬ੍ਰਿਗੇਡ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ਼ ਦੀ ਸਿਫ਼ਾਰਸ਼ ਪ੍ਰਵਾਨ ਕਰ ਦਿੱਤੀ। ਵਿਜੀਲੈਂਸ ਅਨੁਸਾਰ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਤਜਵੀਜ਼ ਦੀ ਫਾਈਲ ਵਿੱਚ ਨੋਟਿੰਗ ਦੇ ਦੋ ਪੰਨੇ ਫਾਈਲ ਵਿੱਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਕਮੇਟੀ ਨੇ ਜਾਅਲੀ ਦਸਤਾਵੇਜ਼ ਨੱਥੀ ਕੀਤੇ ਹਨ ਅਤੇ ਉਕਤ ਪ੍ਰਸਤਾਵ ਦੀ ਚੰਗੀ ਤਰ੍ਹਾਂ ਪੜਤਾਲ ਨਹੀਂ ਕੀਤੀ। ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ਼ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ। ਪੀਐਸਆਈਡੀਸੀ ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀਐਸਆਈਡੀਸੀ ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ