ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਨੇ 29 ਵੈਟਰਨਰੀ ਇੰਸਪੈਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ

ਵੈਰੀਫਿਕੇਸ਼ਨ ਪ੍ਰਕਿਰਿਆ ਮੁਕੰਮਲ ਹੋਣ ’ਤੇ 119 ਹੋਰ ਉਮੀਦਵਾਰਾਂ ਨੂੰ ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ

ਵੈਟਰਨਰੀ ਇੰਸਪੈਕਟਰਾਂ ਦੀ ਹੋਰ ਨਵੀਂ ਭਰਤੀ ਲਈ ਛੇਤੀ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਸਬੰਧੀ ਮੁਹਾਲੀ ਦੇ ਸੈਕਟਰ-68 ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਕੀਤੇ ਜਾ ਰਹੇ 148 ਵੈਟਰਨਰੀ ਇੰਸਪੈਕਟਰਾਂ ’ਚੋਂ ਜਿਨ੍ਹਾਂ ਉਮੀਦਵਾਰਾਂ ਦੀ ਵੈਰੀਫਿਕੇਸ਼ਨ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਬਾਕੀ 119 ਹੋਰ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਸ੍ਰੀ ਭੁੱਲਰ ਨੇ ਦੱਸਿਆ ਕਿ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਜਾਰੀ ਹੈ। ਪਿਛਲੇ ਦਿਨੀਂ ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਹੈ ਅਤੇ ਛੇਤੀ ਹੀ ਇਹ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਸਟਾਫ਼ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਯੋਗਤਾ ਅਨੁਸਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਜਾਰੀ ਰੱਖਣ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਮੌਜੂਦਾ ਸਮੇਂ ਵਿੱਚ ਹੁਣ ਜਦੋਂ ਕਿਸਾਨ ਅਤੇ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਲੰਪੀ ਸਕਿਨ ਅਤੇ ਅਫ਼ਰੀਕਨ ਸਵਾਈਨ ਫ਼ੀਵਰ ਜਿਹੀਆਂ ਬੀਮਾਰੀਆਂ ਕਰਕੇ ਬਿਪਤਾ ਵਿੱਚ ਹਨ ਤਾਂ ਪਸ਼ੂ ਪਾਲਣ ਵਿਭਾਗ ਇਸ ਨਵੀਂ ਭਰਤੀ ਨਾਲ ਹੋਰ ਮਜ਼ਬੂਤ ਹੋ ਕੇ ਇਨ੍ਹਾਂ ਬੀਮਾਰੀਆਂ ਦਾ ਟਾਕਰਾ ਕਰੇਗਾ ਅਤੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲਗਨ ਨਾਲ ਕੰਮ ਕਰਨ ਦਾ ਪ੍ਰਣ ਲੈਣ ਤਾਂ ਜੋ ਵਿਭਾਗ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਸਕੇ ਅਤੇ ਕਿਸਾਨ ਤੇ ਪਸ਼ੂ ਪਾਲਕ ਵਿਭਾਗ ਦੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ, ਡਾਇਰੈਕਟਰ ਡੇਅਰੀ ਡਾ. ਕੁਲਦੀਪ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…