ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਸਬੰਧੀ ਪਸ਼ੂ ਪਾਲਣ ਮੰਤਰੀ ਸਿੱਧੂ ਦੇ ਘਰ ਮੂਹਰੇ ਧਰਨਾ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਇੱਥੋਂ ਦੇ ਫੇਜ਼-7 ਵਿੱਚ ਸਥਿਤ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦੇ ਬਾਹਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮੁਹਾਲੀ ਦੀਆਂ ਦਾ ਲੜੀਵਾਰ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰਦਰਸ਼ਨਕਾਰੀ ਬੀਬੀਆਂ ਨੇ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਧਰਨਾਕਾਰੀ ਬੀਬੀਆਂ ਨੇ ਕੈਬਨਿਟ ਮੰਤਰੀ ਸਿੱਧੂ ਰਾਹੀਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮਾਣਭੱਤੇ ਵਿਚ ਵਾਧਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਆਪਣੇ ਖੂਨ ਨਾਲ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਪੱਤਰ ਲਿਖਿਆ ਹੈ। ਉਹਨਾਂ ਲਿਖਿਆ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਸਬੰਧ ਵਿਚ ਸੰਘਰਸ਼ ਕਰ ਰਹੀਆਂ ਹਨ ਪਰੰਤੂ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਹੈ ਕਿ ਖੂਨ ਨਾਲ ਲਿਖੇ ਇਸ ਮੰਗ ਪੱਤਰ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਛੇਤੀ ਹੀ ਕੋਈ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ, ਉਨ੍ਹਾਂ ਨੂੰ ਪੈਨਸ਼ਨ, ਗਰੈਚੁਟੀ ਅਤੇ ਦੂਜੇ ਸਾਰੇ ਲਾਭ ਦਿੱਤੇ ਜਾਣ, ਐੱਨ. ਜੀ. ਓ. ਅਧੀਨ ਚਲ ਰਹੇ ਖੂਹੀਆ ਸਰਵਰ ਅਤੇ ਬਠਿੰਡਾ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ।
ਇਸੇ ਦੌਰਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਾਰੇ ਕਾਂਗਸਰੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ ਕਰਨ ਦੇ ਅਧੀਨ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੜਤਾਲ ਦੂਜੇ ਦਿਨ ਜਾਰੀ ਰਹੀ। ਇਹ ਭੁੱਖ ਹੜਤਾਲ 19 ਮਈ ਤਕ ਜਾਰੀ ਰਹੇਗਾ। ਜ਼ਿਲਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਯੂਨੀਅਨ ਨੇ ਪਿਛਲੇ ਚਾਰ ਮਹੀਨਿਆਂ ਤੋਂ ਬਠਿੰਡਾ ਵਿਖੇ ਸਰਕਾਰ ਦੇ ਵਿਰੁੱਧ ਜ਼ੋਰਦਾਰ ਸੰਘਰਸ਼ ਚਲਾਇਆ ਹੋਇਆ ਹੈ ਪਰ ਅਜੇ ਤਕ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਉਲਟਾ ਪੰਜਾਬ ਪੁਲਸ ਨੇ ਰੋਸ ਪ੍ਰਦਰਸ਼ਨ ਕਰ ਰਹੀਆਂ ਵਰਕਰਾਂ ਤੇ ਹੈਲਪਰਾਂ ਤੇ ਕਥਿਤ ਤੌਰ ਤੇ ਤਸੱਦਦ ਕੀਤਾ ਹੈ ਅਤੇ ਗ੍ਰਿਫਤਾਰ ਕਰਕੇ ਥਾਣਿਆਂ ਵਿਚ ਵੀ ਰੱਖਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰ ਮੌਜੂਦ ਸਨ। ਜਿਨ੍ਹਾਂ ਵਿਚ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋਮਾਜਰਾ, ਜਸਵੀਰ ਕੌਰ, ਮਨਜੀਤ ਕੌਰ, ਮੇਹਰ ਕੌਰ, ਹੀਨਾਂ ਕੁਰਾਲੀ, ਸਰਬਜੀਤ ਕੌਰ, ਨੀਤੂ ਰਾਣੀ, ਰਾਜਕੁਮਾਰੀ, ਬਲਬੀਰ ਕੌਰ, ਸੁਦਰਸ਼ਨ ਕੌਰ, ਹਰਬੰਸ ਕੌਰ, ਅਕਵਿੰਦਰ ਕੌਰ, ਗੀਤਾ, ਪਰਿਤਪਾਲ ਕੌਰ ਆਦਿ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…