ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਦਾ ਮੁੱਦਾ ਮੁੱਖ ਮੰਤਰੀ ਚੰਨੀ ਕੋਲ ਚੁੱਕਿਆ

ਮੁੱਖ ਮੰਤਰੀ ਚੰਨੀ ਵੱਲੋਂ ਚੇਅਰਮੈਨ ਨਾਹਰ ਨੂੰ ਘੱਟ ਗਿਣਤੀਆਂ ਦੀ ਸਮੱਸਿਆਵਾਂ ਦਾ ਹੱਲ ਕਰਨ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇਮੈਨੁਅਲ ਨਾਹਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਪ੍ਰੋ. ਨਾਹਰ ਨੇ ਕਿਹਾ ਕਿ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕੀਤੇ ਜਾਣ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਘੱਟ ਗਿਣਤੀਆਂ ਦੇ ਬੱਚਿਆਂ ਨੂੰ ਐਸਸੀ-ਐਸਟੀ ਭਾਈਚਾਰੇ ਵਾਂਗ ਬਾਰ੍ਹਵੀਂ ਜਮਾਤ ਤੱਕ ਸਿੱਖਿਆ ਸਹੂਲਤਾਂ ਦਿੱਤੀਆਂ ਜਾਣ। ਜਿਨ੍ਹਾਂ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਕੋਲ ਆਪਣੇ ਘਰ ਨਹੀਂ ਹਨ, ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਜਿਸ ਤਹਿਤ ਸਾਰੇ ਮਿਸ਼ਨਾਂ ਜਿਵੇਂ ਚਰਚ, ਮਸਜਿਦਾਂ ਅਤੇ ਸਕੂਲਾਂ ਦੀ ਜ਼ਮੀਨ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸਾਈ ਅਤੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਦੀ ਚਾਰਦੀਵਾਰੀ ਅਤੇ ਰੱਖ-ਰਖਾਓ ਲਈ ਗਰਾਂਟ ਜਾਰੀ ਕਰਨ ਦਾ ਪ੍ਰਬੰਧ ਕੀਤਾ ਜਾਵੇ। ਘੱਟ ਗਿਣਤੀਆਂ ਲਈ ਜ਼ਿਲ੍ਹਾ ਪੱਧਰ ’ਤੇ ਇੱਕ ਕਮਿਊਨਿਟੀ ਹਾਲ ਬਣਾਇਆ ਜਾਵੇ। ਕੇਂਦਰ ਸਰਕਾਰ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਘੱਟ ਗਿਣਤੀਆਂ ਨੂੰ ਨੌਕਰੀਆਂ ਵਿੱਚ ਓਬੀਸੀ ਦੇ ਆਧਾਰ ’ਤੇ ਰਾਖਵਾਂਕਰਨ ਦਿੱਤਾ ਜਾਵੇ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਘੱਟ ਗਿਣਤੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਮੇਤ ਨੁਮਾਇੰਦਿਆਂ ਤੋਂ ਇਲਾਵਾ ਇਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਈਸਾਈ ਭਾਈਚਾਰੇ ਦੇ ਲੋਕ ਵੀ ਹਾਜ਼ਰ ਸਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…