
ਮਿਸ਼ਨ-2022: ਆਮ ਆਦਮੀ ਪਾਰਟੀ ਛੇਤੀ ਕਰੇਗੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ: ਹਰਪਾਲ ਚੀਮਾ
ਸਾਬਕਾ ਐਮਪੀ, ਜੱਜ, ਏਡੀਸੀ, ਯੂਥ ਅਕਾਲੀ ਦਲ ਦਾ ਸਰਕਲ ਪ੍ਰਧਾਨ ਤੇ ਹੋਰ ਸਾਬਕਾ ਅਧਿਕਾਰੀ ‘ਆਪ’ ਵਿੱਚ ਸ਼ਾਮਲ
ਪੰਜਾਬ ਦੀ ਬਦਤਰ ਹਾਲਤ ਵਿੱਚ ਅਕਾਲੀ ਦਲ, ਭਾਜਪਾ ਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਇੱਥੋਂ ਦੇ ਸੈਕਟਰ-79 ਸਥਿਤ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸੇਵਾਮੁਕਤ ਏਡੀਸੀ ਦਵਿੰਦਰਪਾਲ ਸਿੰਘ ਵਾਲੀਆ, ਸਾਬਕਾ ਜੱਜ ਬਲਜਿੰਦਰ ਸਿੰਘ, ਸਾਬਕਾ ਐਮਪੀ ਤੇ ਮੁਲਾਜ਼ਮ ਆਗੂ ਚਰਨਜੀਤ ਸਿੰਘ ਵਾਲੀਆ, ਯੂਥ ਅਕਾਲੀ ਦਲ ਅਮਲੋਹ ਦੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ, ਸੇਵਾਮੁਕਤ ਜੱਜ ਵਾਈਐਸ ਮਾਟਾ, ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ, ਖੇਡ ਪ੍ਰਮੋਟਰਜ਼ ਪ੍ਰੋ. ਪਿਆਰਾ ਸਿੰਘ, ਸਾਬਕਾ ਐਕਸੀਅਨ ਜਗਮਾਲ ਸਿੰਘ, ਕੁਲਦੀਪ ਸਿੰਘ ਅਤੇ ਗੁਰਦੀਪ ਸਿੰਘ ਦੀਪੂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਸਾਰੀਆਂ ਸ਼ਖ਼ਸੀਅਤਾਂ ਦਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਨੇ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਹੁਤ ਛੇਤੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਉਸ ਦੀ ਅਗਵਾਈ ਹੇਠ ਹੀ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਹੀ ਇੱਕੋ ਇਕ ਅਜਿਹੀ ਪਾਰਟੀ ਹੋਵੇਗੀ, ਜੋ ਮੁੱਖ ਮੰਤਰੀ ਦੇ ਉਮੀਦਵਾਰ ਦੀ ਅਗਵਾਈ ਹੇਠ ਚੋਣ ਲੜੇਗੀ। ਜਦੋਂਕਿ ਦੂਜੀਆਂ ਪਾਰਟੀਆਂ ਕੋਲ ਕੋਈ ਚਿਹਰਾ ਨਹੀਂ ਹੈ। ਕਾਂਗਰਸ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਸਿਰਫ਼ ਦਲਿਤ ਵੋਟ ਬੈਂਕ ਲਈ ਵਰਤਿਆ ਹੈ ਅਤੇ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਲੀਡਰਸ਼ਿਪ ਨੇ ਚੁੱਪ ਧਾਰ ਲਈ ਹੈ।
ਸ੍ਰੀ ਚੀਮਾ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਆਦਿ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਬੇਅਦਬੀ ਮਾਮਲੇ ਅਤੇ ਮੌੜ ਬੰਬ ਧਮਾਕੇ ਦੇ ਦੋਸ਼ੀਆਂ ਨੂੰ 5 ਸਾਲ ਬੀਤ ਜਾਣ ਦੇ ਬਾਵਜੂਦ ਫੜਿਆਂ ਨਹੀਂ ਗਿਆ, ਸਜ਼ਾਵਾਂ ਦੇਣੀਆਂ ਤਾਂ ਬਹੁਤ ਦੂਰ ਦੀ ਗੱਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਪ ਨੇ 80 ਫੀਸਦੀ ਤੋਂ ਵੱਧ ਆਪ ਵਲੰਟੀਅਰਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਂਜ ਕਈ ਥਾਵਾਂ ’ਤੇ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਕੁੱਝ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਨੇ ਪੰਜਾਬ ਦੀ ਬਦਤਰ ਹਾਲਤ ਲਈ ਅਕਾਲੀ ਦਲਠ, ਭਾਜਪਾ ਅਤੇ ਕਾਂਗਰਸ ਨੂੰ ਬਰਾਬਰ ਦਾ ਜ਼ਿੰਮੇਵਾਰ ਦੱਸਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲਗਾਤਾਰ ਝੂਠ ਬੋਲ ਰਹੇ ਹਨ ਅਤੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਚੰਨੀ ਨੇ ਚਿੱਟਾ ਝੂਠ ਬੋਲਿਆ ਹੈ ਅਤੇ ਪੰਜਾਬ ਵਿੱਚ ਥਾਂ-ਥਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਸ਼ਹੂਰੀ ਬੋਰਡ ਅਤੇ ਇਸ਼ਤਿਹਾਰ ਜਾਰੀ ਕਰਕੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 14 ਫਰਵਰੀ ਨੂੰ ਆਪ ਦੇ ਹੱਕ ਵਿੱਚ ਫਤਵਾ ਦੇ ਕੇ ਕਾਂਗਰਸੀਆਂ ਨੂੰ ਝੂਠ ਬੋਠਣ ਦੀ ਸਜ਼ਾ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇੰਨਬਿੰਨ ਪਾਲਣਾ ਕੀਤੀ ਜਾਵੇਗੀ।

ਇਸ ਮੌਕੇ ਰਾਜਪੁਰਾ ਤੋਂ ਆਪ ਦੀ ਉਮੀਦਵਾਰ ਨੀਨਾ ਮਿੱਤਲ, ਸਾਬਕਾ ਮੇਅਰ ਕੁਲਵੰਤ ਸਿੰਘ, ਫੂਲਰਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਬਲਰਾਜ ਸਿੰਘ ਗਿੱਲ, ਸਰਬਜੀਤ ਸਿੰਘ ਸੋਹਲ, ਸੁਰਿੰਦਰ ਸਿੰਘ ਰੋਡਾ, ਸਰਬਜੀਤ ਸਿੰਘ ਸਮਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।