ਮਿਸ਼ਨ-2022: ਵਿਧਾਨ ਸਭਾ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ 10 ਮਾਰਚ ਨੂੰ, ਸਾਰੇ ਪ੍ਰਬੰਧ ਮੁਕੰਮਲ

ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਦੁਕਾਨਾਂ ਬੰਦ ਰੱਖਣ, ਆਵਾਜਾਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਚੋਣ ਨਤੀਜਿਆਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਦਿਲ ਦੀਆਂ ਧੜਕਣਾ ਤੇਜ਼ ਹੋ ਗਈਆਂ ਹਨ। ਭਲਕੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਦੇ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣ ਅਬਜਰਵਰਾਂ ਅਤੇ ਉਮੀਦਵਾਰ/ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਾਰੇ ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਦੁਕਾਨਾਂ ਬੰਦ ਰੱਖਣ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ, ਉਸ ਏਰੀਆ ਵਿੱਚ ਪੈਦਲ ਚੱਲਣ ਦੀ ਹੀ ਇਜਾਜ਼ਤ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਾਲੀ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ ਖੇਡ ਸਟੇਡੀਅਮ ਸੈਕਟਰ-78 ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਕੀਤੀ ਜਾਵੇਗੀ ਜਦੋਂਕਿ ਡੇਰਾਬੱਸੀ ਅਤੇ ਖਰੜ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ਹੋਵੇਗੀ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਏਰੀਆ ਵਿੱਚ ਦੁਕਾਨਾਂ ਬੰਦ ਕਰਨ, ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਕਿਸੇ ਵੀ ਵਿਅਕਤੀ ਨੂੰ ਗਿਣਤੀ ਕੇਂਦਰ ਦੇ ਅੰਦਰ ਮੋਬਾਈਲ ਫੋਨ ਅਤੇ ਪੈਨ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਹਰੇਕ ਟੇਬਲ ਲਈ ਗਿਣਤੀ ਏਜੰਟ ਨਿਯੁਕਤ ਕੀਤਾ ਜਾਵੇਗਾ ਅਤੇ ਜਿਨ੍ਹਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਪੱਧਰ ’ਤੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। ਗਿਣਤੀ ਏਜੰਟ ਨੂੰ ਆਪਣੇ ਟੇਬਲ ਤੋਂ ਇਲਾਵਾ ਕਿਸੇ ਹੋਰ ਟੇਬਲ ’ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵੱਖ-ਵੱਖ ਰਾਊਂਡ ਵਿੱਚ ਕੀਤੀ ਜਾਵੇਗੀ। ਮੁਹਾਲੀ ਹਲਕੇ ਦੇ 271 ਪੋਲਿੰਗ ਬੂਥਾਂ ਲਈ 20 ਰਾਊਂਡ ਵਿੱਚ ਗਿਣਤੀ ਕੀਤੀ ਜਾਵੇਗੀ ਜਦੋਂਕਿ ਖਰੜ ਦੇ 316 ਅਤੇ ਡੇਰਾਬੱਸੀ ਦੇ 320 ਬੂਥਾਂ ਦੀਆਂ ਵੋਟਾਂ ਲਈ 23-23 ਰਾਊਂਡ ਵਿੱਚ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿਸੇ ਵੀ ਗਿਣਤੀ ਕੇਂਦਰ ਵਿੱਚ ਮੋਬਾਈਲ ਫੋਨ, ਪੈਨ, ਪੈਨਸਲ, ਅਸਲਾ ਜਾਂ ਕੋਈ ਨਸ਼ੀਲਾ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਸ਼ਨਾਖ਼ਤੀ ਕਾਰਡ ਤੋਂ ਬਿਨਾਂ ਗਿਣਤੀ ਕੇਂਦਰ ਵਿੱਚ ਦਾਖ਼ਲਾ ਨਹੀਂ ਮਿਲੇਗਾ। ਵੋਟਾਂ ਦੀ ਗਿਣਤੀ ਦੀ ਸਮੁੱਚੀ ਕਾਰਵਾਈ ਦੀ ਵੀਡੀਓਗਰਾਫ਼ੀ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵੋਟਾਂ ਦੀ ਗਿਣਤੀ ਸਬੰਧੀ ਗਿਣਤੀ ਸਟਾਫ਼ ਫਾਈਨਲ ਰਿਹਰਸਲ ਕੀਤੀ ਗਈ ਤਾਂ ਜੋ ਅਮਲੇ ਨੂੰ ਵੋਟਾਂ ਦੀ ਗਿਣਤੀ ਵੇਲੇ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਵੀ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਇੰਤਜ਼ਾਮਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਡੀਆ ਦੀ ਸੁਵਿਧਾ ਲਈ ਰਾਊਂਡ ਵਾਈਜ਼ ਵੋਟਾਂ ਦੀ ਗਿਣਤੀ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੀਡੀਆ ਸੈਂਟਰ ਵਿੱਚ ਵੱਡੀ ਸਕਰੀਨ ਲਗਾਈ ਜਾਵੇਗੀ ਤਾਂ ਜੋ ਮੀਡੀਆ ਕਰਮੀ ਪੂਰੇ ਪੰਜਾਬ ਸਮੇਤ ਬਾਕੀ ਸੂਬਿਆਂ ਦੀ ਵੋਟਾਂ ਦੀ ਗਿਣਤੀ ਬਾਰੇ ਜਾਣਕਾਰੀ ਹਾਸਲ ਕਰ ਸਕਣ।
ਇਸ ਮੌਕੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਚੱਪੇ ਚੱਪੇ ’ਤੇ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਅੱਗ ਬੁਝਾਉਣ ਸਮੇਤ ਹਰ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਧਾਰਕ ਵਿਅਕਤੀ\ਮੀਡੀਆ ਕਰਮੀ ਨੂੰ ਗਿਣਤੀ ਕੇਂਦਰਾਂ ਤੱਕ ਜਾਣ ਦਿੱਤਾ ਜਾਵੇਗਾ। ਜਿਸ ਵਿਅਕਤੀ ਜਾਂ ਪੱਤਰਕਾਰ ਕੋਲ ਚੋਣ ਕਮਿਸ਼ਨ ਵੱਲੋਂ ਜਾਰੀ ਵਿਸ਼ੇਸ਼ ਕਾਰਡ ਨਹੀਂ ਹੋਵੇਗਾ, ਉਹ ਗਿਣਤੀ ਕੇਂਦਰ ਅੰਦਰ ਨਹੀਂ ਜਾ ਸਕੇਗਾ।
ਐਸਐਸਪੀ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ 2-2 ਐਸਪੀ ਤਾਇਨਾਤ ਕੀਤੇ ਗਏ ਹਨ। ਡਰੋਨ ਨਾਲ ਵੀਡੀਓ ਗਰਾਫ਼ੀ ਕਰਨ ’ਤੇ ਵੀ ਪਾਬੰਧੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਗਿਣਤੀ ਕੇਂਦਰਾਂ ਦੇ 500 ਮੀਟਰ ਅਤੇ 300 ਮੀਟਰ ਦੇ ਘੇਰੇ ਅੰਦਰ ਬੈਰੀਕੇਟਿੰਗ ਕੀਤੀ ਜਾਵੇਗੀ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…