
ਮਿਸ਼ਨ-2022: ਲੋਕ ਇਸ ਵਾਰ ਸਹੀ ਪਾਰਟੀ ਤੇ ਸਹੀ ਨੇਤਾ ਚੁਣਨ: ਖੇਡ ਮੰਤਰੀ ਸੰਦੀਪ ਸਿੰਘ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਕਰੋਨਾ ਵੈਕਸੀਨ ਹਰ ਦੇਸ ਵਾਸੀ ਤੱਕ ਮੁਫ਼ਤ ਪਹੁੰਚੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਲੋਕਾਂ ਨੂੰ ਇੱਕ ਵਾਰ ਸਹੀ ਨੇਤਾ ਅਤੇ ਸਹੀ ਪਾਰਟੀ ਚੁਣਨੀ ਚਾਹੀਦੀ ਹੈ ਤਾਂ ਜੋ ਅਗਲੇ 5 ਸਾਲ ਉਨ੍ਹਾਂ ਨੂੰ ਕੋਈ ਪਛਤਾਵਾਂ ਨਾ ਹੋਵੇ। ਇਹ ਗੱਲ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਇੱਥੋਂ ਦੇ ਫੇਜ਼-3ਬੀ2 ਸਥਿਤ ਭਾਜਪਾ ਦੇ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਉਹ ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਸੀ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਸਭ ਜਾਣਦੇ ਹਨ ਕਿ ਚੋਣਾਂ ਵੇਲੇ ਕਈ ਸਿਆਸੀ ਪਾਰਟੀਆਂ ਦੇ ਆਗੂ ਘਰ-ਘਰ ਜਾ ਕੇ ਲੋਕਾਂ ਤੋਂ ਵੋਟਾਂ ਮੰਗਦੇ ਹੋਏ ਅਨੇਕਾਂ ਵਾਅਦੇ ਕਰਦੇ ਹਨ ਪਰ ਚੋਣਾਂ ਤੋਂ ਬਾਅਦ ਸਾਰੇ ਆਗੂ ਗਾਇਬ ਹੋ ਜਾਂਦੇ ਹਨ। ਲੋਕਾਂ ਨੂੰ ਇਲਾਕੇ ਵਿੱਚ ਕੀਤੇ ਕੰਮਾਂ ’ਤੇ ਨਜ਼ਰ ਮਾਰਨੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਫੈਸਲਾ ਲੈਣਾ ਚਾਹੀਦਾ ਹੈ, ਉਨ੍ਹਾਂ ਦੀ ਵੋਟ ਦਾ ਅਸਲ ਹੱਕਦਾਰ ਕੌਣ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਬਾਰੇ ਬੱਚਾ ਬੱਚਾ ਜਾਣਦਾ ਹੈ ਕਿ ਉਹ ਹਮੇਸ਼ਾ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸੰਜੀਵ ਵਸ਼ਿਸ਼ਟ ਨੂੰ ਵੱਡੇ ਫਰਕ ਨਾਲ ਜਿਤਾ ਕੇ ਭਾਜਪਾ ਦੇ ਹੱਥ ਮਜ਼ਬੂਤ ਕਰਨ।
ਸੰਦੀਪ ਸਿੰਘ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ 24 ਘੰਟਿਆਂ ’ਚੋਂ 18 ਘੰਟੇ ਕੰਮ ਕਰਨ ਵਾਲਾ ਪ੍ਰਧਾਨ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਰੋਨਾ ਮਹਾਮਾਰੀ ’ਤੇ ਕਾਬੂ ਪਾਉਣ ਲਈ ਸਾਰੇ ਰਾਜਾਂ ਨੂੰ ਦਿਲ ਖੋਲ੍ਹ ਕੇ ਫੰਡ ਮੁਹੱਈਆ ਕਰਵਾਏ ਹਨ ਅਤੇ ਹਰ ਦੇਸ਼ ਵਾਸੀ ਤੱਕ ਕੋਵਿਡ ਟੀਕਾਕਰਨ ਪਹੁੰਚਦਾ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਆਗੂ ਅਰੁਣ ਸ਼ਰਮਾ, ਸਾਬਕਾ ਕੌਂਸਲਰ ਤੇ ਬੂਥ ਇੰਚਾਰਜ ਅਸ਼ੋਕ ਝਾਅ, ਸੋਹਨ ਸਿੰਘ, ਵਿਵੇਕ ਕ੍ਰਿਸ਼ਨ ਜੋਸ਼ੀ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।