ਮਿਸ਼ਨ-2022: ਪੰਜਾਬ ਦਾ ਹੁਣ ਚੰਗਾ ਸਮਾਂ ਆਉਣ ਵਾਲਾ, ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫ਼ਤੇ: ਕੇਜਰੀਵਾਲ

ਆਪ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਯਕੀਨੀ ਬਣਾਵਾਂਗੇ: ਕੇਜਰੀਵਾਲ

ਪੈਸੇ ਲੈ ਕੇ ਟਿਕਟਾਂ ਵੰਡਣ ਦੇ ਦੋਸ਼ ਬਿਲਕੁਲ ਬੇਬੁਨਿਆਦ, ਦੋਸ਼ ਸਾਬਤ ਹੋਣ ’ਤੇ ਉਮੀਦਵਾਰ ਬਦਲਣ ਦੀ ਗੱਲ ਕਹੀ

ਭ੍ਰਿਸ਼ਟਾਚਾਰ ਤੇ ਅਨੁਸ਼ਾਸਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਰਾਜੇਵਾਲ ਨੇ ਮੇਰੇ ਕੋਲ ਵਿੱਚ ਦੇਰ ਕਰ ਦਿੱਤੀ: ਕੇਜਰੀਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਅੱਗੇ 10 ਏਜੰਡੇ ਰੱਖਦਿਆਂ ਦਾਅਵਾ ਕੀਤਾ ਕਿ ਹੁਣ ਪੰਜਾਬ ਦਾ ਚੰਗਾ ਸਮਾਂ ਆਉਣ ਵਾਲਾ ਹੈ ਅਤੇ ਸੂਬੇ ਵਿੱਚ ਆਪ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇਗੀ ਕਿਉਂਕਿ ਮੌਜੂਦਾ ਸਮੇਂ ਵਿੱਚ ਪੰਜਾਬ ਅੰਦਰ ਕਾਨੂੰਨ ਤੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਜਾਣ ’ਤੇ ਕੇਜਰੀਵਾਲ ਨੇ ਕਿਹਾ ਕਿ ਅਗਲੇ ਹਫ਼ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੈਸੇ ਲੈ ਕੇ ਟਿਕਟਾਂ ਵੰਡਣ ਦੇ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਦੋਸ਼ ਸਾਬਤ ਹੋਣ ’ਤੇ ਸਬੰਧਤ ਉਮੀਦਵਾਰ ਨੂੰ ਚੋਣ ਮੈਦਾਨ ’ਚੋਂ ਹਟਾ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਇਹ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਨੇ ਬਾਦਲ ਪਰਿਵਾਰ ਨਾਲ ਮਿਲ ਕੇ ਪੰਜਾਬ ਨੂੰ ਲੁੱਟਣ ਦੀ ਕੋਈ ਕਸਰ ਨਹੀਂ ਛੱਡੀ। ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਆਪ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ। ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕੋਤਾਹੀ ਲਈ ਉਨ੍ਹਾਂ ਨੇ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਹਰ ਹਾਲਤ ਵਿੱਚ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਜਦੋਂਕਿ ਸਰਕਾਰ ਨੇ ਬਾਦਲਾਂ ਨਾਲ ਗੰਢ-ਤੁਪ ਹੋਣ ਕਾਰਨ 5 ਸਾਲ ਜਾਂਚ ਪੜਤਾਲਾਂ ਵਿੱਚ ਹੀ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ 16000 ਮੁਹੱਲਾ ਕਲੀਨਿਕ ਬਣਾਏ ਜਾਣਗੇ ਤਾਂ ਜੋ ਗਰੀਬ ਆਪਣੇ ਘਰ ਨੇੜੇ ਇਲਾਜ ਕਰਵਾ ਸਕਣ। ਬਿਜਲੀ ਸਸਤੀ ਤੇ 24 ਘੰਟੇ ਦਿੱਤੀ ਜਾਵੇਗੀ, ਵਪਾਰ ਨੂੰ ਵਧਾਇਆ ਜਾਵੇਗਾ ਅਤੇ ਖੇਤੀਬਾੜੀ ਸਮੱਸਿਆ ਹੱਲ ਹੋਵੇਗਾ। ਅਧਿਆਪਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਇਨਸਾਫ਼ ਮੰਗਣ ’ਤੇ ਉਨ੍ਹਾਂ ਨੂੰ ਡੰਡਿਆਂ ਨਾਲ ਕੁੱਟਿਆ ਗਿਆ।
ਆਪ ਮੁਖੀ ਨੇ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਬੱਚਿਆਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 5 ਸਾਲਾਂ ਵਿੱਚ ਰੁਜ਼ਗਾਰ ਲਈ ਬਾਹਰ ਗਏ ਬੱਚੇ ਵੀ ਪੰਜਾਬ ਆਉਣੇ ਸ਼ੁਰੂ ਹੋਣਗੇ। ਸੂਬੇ ’ਚੋਂ ਨਸ਼ਿਆਂ ਦਾ ਖ਼ਤਮ ਕੀਤਾ ਜਾਵੇਗਾ। ਜਦੋਂਕਿ ਮੌਜੂਦਾ ਸਮੇਂ ਵਿੱਚ ਸਰਕਾਰਾਂ ਦੀ ਗੰਢ-ਤੁੱਪ ਪਿੰਡਾਂ ਵਿੱਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਇੰਡਸਟਰੀ ’ਤੇ ਫੋਕਸ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ‘ਆਪ’ ਦੀ ਚੜ੍ਹਤ ਨੂੰ ਦੇਖ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸੀਆਂ ਨੂੰ ਕੰਬਣੀ ਛਿੜ ਗਈ ਹੈ ਕਿਉਂਕਿ ਲੋਕ ਆਪ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ 2017 ਵਿੱਚ ਕਈ ਗਲਤੀਆਂ ਹੋਈਆਂ ਸਨ, ਜਿਨ੍ਹਾਂ ਤੋਂ ਉਹ ਸਬਕ ਸਿੱਖ ਰਹੇ ਹਨ। ਇਸ ਮੌਕੇ ਭਗਵੰਤ ਮਾਨ ਅਤੇ ਰਾਘਵ ਚੱਡਾ ਵੀ ਮੌਜੂਦ ਸਨ।
ਉਧਰ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਦੇ ਘਰ ਮਿਲਣ ਆਏ ਸਨ, ਪਰ ਉਨ੍ਹਾਂ ਨੇ ਬਹੁਤ ਦੇਰ ਦਿੱਤੀ ਕਿਉਂਕਿ ਜਦੋਂ ਰਾਜੇਵਾਲ ਆਏ ਉਦੋਂ ਪੰਜਾਬ ਦੀਆਂ 90 ਸੀਟਾਂ ’ਤੇ ਉਮੀਦਵਾਰ ਐਲਾਨੇ ਜਾ ਚੁੱਕੇ ਸਨ। ਵੈਸੇ ਵੀ ਕਿਸਾਨ ਆਗੂ ਜ਼ਿਆਦਾ ਸੀਟਾਂ ਦੀ ਮੰਗ ਕਰ ਰਹੇ ਸੀ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…