ਮਿਸ਼ਨ ਫਤਹਿ-2: ਕਰੋਨਾ ਖ਼ਿਲਾਫ਼ ਜੰਗ ਵਿੱਚ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਅਹਿਮ: ਸਿੱਧੂ

ਸੰਤ ਨਿਰੰਕਾਰੀ ਮਿਸ਼ਨ ਨੇ ਸਿਹਤ ਮੰਤਰੀ ਨੂੰ ਸੌਂਪੇ 100 ਆਕਸੀਜ਼ਨ ਕੰਸਨਟਰੇਟਰ ਤੇ 1000 ਆਕਸੀਮੀਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਕਰੋਨਾ ਖ਼ਿਲਾਫ਼ ਜੰਗ ਵਿੱਚ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਮਨੁੱਖਤਾ ਦੀ ਸੇਵਾ ਲਈ ਅੱਗੇ ਆਈਆਂ ਇਨ੍ਹਾਂ ਸੰਸਥਾਵਾਂ ਦੀ ਧੰਨਵਾਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਮੰਡੀ ਬੋਰਡ ਵਿਖੇ ਕੀਤਾ, ਜਿੱਥੇ ਸੰਤ ਨਿਰੰਕਰੀ ਮਿਸ਼ਨ ਨੇ ਕਰੋਨਾ ਖਿਲਾਫ ਜੰਗ ਵਿੱਚ ਯੋਗਦਾਨ ਪਾਉਂਦਿਆਂ ਪੰਜਾਬ ਸਰਕਾਰ ਲਈ ਸਿਹਤ ਮੰਤਰੀ ਨੂੰ 100 ਆਕਸੀਜ਼ਨ ਕੰਸਨਟਰੇਟਰ ਅਤੇ 1000 ਆਕਸੀਮੀਟਰ ਸੌਂਪੇ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮਿਸ਼ਨ ਫਤਹਿ ਤਹਿਤ ਦਿਨ ਰਾਤ ਇਕ ਕਰ ਕੇ ਕਰੋਨਾ ਨੂੰ ਮਾਤ ਦੇਣ ਲਈ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖ-ਵੱਖ ਸਮਾਜਕ ਤੇ ਧਾਰਮਿਕ ਸੰਸਥਾਵਾਂ ਜਿੱਥੇ ਵੱਖ-ਵੱਖ ਮੈਡੀਕਲ ਸਮੱਗਰੀ ਮੁਹੱਈਆ ਕਰਵਾ ਰਹੀਆਂ ਹਨ, ਉੱਥੇ ਵੈਕਸੀਨੇਸ਼ਨ ਮੁਹਿੰਮ ਵਿੱਚ ਵੀ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਤੋਂ ਪ੍ਰੇਰਨਾ ਲੈ ਕੇ ਹੋਰਨਾਂ ਸੰਸਥਾਵਾਂ ਤੇ ਵਿਅਕਤੀਆਂ ਨੂੰ ਵੀ ਅੱਗੇ ਵੱਧ ਕੇ ਕਰੋਨਾ ਖਿਲਾਫ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕੋਰੋਨਾ ਕੇਸਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਕਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਲੋਕ ਕਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਜਿਸ ਸਬੰਧੀ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਨ੍ਹਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਪੰਜਾਬ ਸਰਕਾਰ ਨੂੰ ਸਹਿਜੋਗ ਦਿੱਤਾ ਜਾਵੇ। ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਇਨ੍ਹਾਂ ਦੇ ਨਾਲ ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਬਿਨਾਂ ਕਿਸੇ ਅਫ਼ਵਾਹ ਉਤੇ ਯਕੀਨ ਕੀਤਿਆਂ ਅੱਗੇ ਵੱਧ ਕੇ ਕੋਵਿਡ ਵੈਕਸੀਨੇਸ਼ਨ ਕਰਵਾਈ ਜਾਵੇ। ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਰੋਨਾ ਦਾ ਤੀਜਾ ਫੇਜ਼ ਆਵੇ ਚਾਹੇ ਨਾ ਆਵੇ ਪਰ ਪੰਜਾਬ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਿਹਤ ਮੰਤਰੀ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਸੰਤ ਨਿਰੰਕਾਰੀ ਮਿਸ਼ਨ ਦੇ ਸਕੱਤਰ ਜੋਗਿੰਦਰ ਸਿੰਘ ਸੁਖੀਜਾ, ਸੈਂਟਰਲ ਪਲਾਨਿੰਗ ਬੋਰਡ ਦਿੱਲੀ ਦੇ ਚੇਅਰਮੈਨ ਸੁਖਦੇਵ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…