
ਮਿਸ਼ਨ ਫਤਿਹ: ਹੁਣ ਤੱਕ ਲਏ 11200 ਨਮੂਨਿਆਂ ’ਚੋਂ 10978 ਦੀ ਰਿਪੋਰਟ ਨੈਗੇਟਿਵ: ਡੀਸੀ ਗਿਰੀਸ਼ ਦਿਆਲਨ
ਮੁਹਾਲੀ ਵਿੱਚ ਹੁਣ ਤੱਕ 222 ਪਾਜ਼ੇਟਿਵ ਮਾਮਲੇ ਸਾਹਮਣੇ ਆਏ, 151 ਠੀਕ ਹੋਏ, 68 ਐਕਟਿਵ ਕੇਸ
ਕਰੋਨਾ ਦਾ ਮੁਕਾਬਲਾ ਕਰਨ ਲਈ ਸੈਂਪਲ ਲੈਣ ਤੇ ਸੰਪਰਕ ਟਰੇਸਿੰਗ ਨੂੰ ਯਕੀਨੀ ਬਣਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕਰੋਨਾਵਾਇਰਸ ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਦੀ ਵਿਸ਼ਾਲਤਾ ਤੋਂ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਬਿਮਾਰੀ ਨਾਲ ਲੜਨ ਲਈ ਸਮੇਂ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀ ਹਾਲਾਤ ਦਾ ਡਟਵਾਂ ਮੁਕਾਬਲਾ ਕਰ ਰਹੇ ਹਨ ਅਤੇ ਮਾਰਚ ਵਿੱਚ ਤਾਲਾਬੰਦੀ ਲਾਗੂ ਕੀਤੀ ਗਈ ਹੈ। ਉਸ ਸਮੇਂ ਤੋਂ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਪ੍ਰਦਾਨ ਲਈ ਫੀਲਡ ਵਿੱਚ ਕੰਮ ਕਰ ਰਹੇ ਹਨ।
ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ 11 ਹਜ਼ਾਰ 200 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ’ਚੋਂ 10978 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 222 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ 151 ਠੀਕ ਹੋ ਗਏ ਹਨ ਜਦਕਿ ਇਸ ਸਮੇਂ 68 ਮਾਮਲੇ ਐਕਟਿਵ ਹਨ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਵੀ ਕਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ 12 ਪੀੜਤ ਮਰੀਜ਼ਾਂ ਦੇ ਠੀਕ ਹੋਣ ਉਪਰੰਤ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਅਧਿਕਾਰੀਆਂ ਦਾ ਧਿਆਨ ਵਧੇਰੇ ਜੋਖ਼ਮ ਵਾਲੇ ਖੇਤਰਾਂ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਟਰੇਸਿੰਗ ਹੈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਤਿਆਰ ਕੀਤੀ ਗਈ ਰਣਨੀਤੀ ਦੇ ਇਕ ਹਿੱਸੇ ਵਜੋਂ ਮੁਹਾਲੀ ਕੌਮਾਂਤਰੀ ਅੱਡੇ ਅੱਡ ’ਤੇ ਦੂਜੇ ਸੂਬਿਆਂ ਤੋਂ ਵਾਪਸ ਆਉਣ ਵਾਲੇ ਮੁਸਾਫ਼ਿਰਾਂ ਅਤੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਸਾਵਧਾਨੀ ਵਜੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਸਿਹਤ ਵਿਭਾਗ ਦੇ ਪ੍ਰੋਟੋਕੋਲਾਂ ਜਿਵੇਂ ਬਾਹਰ ਜਾਣ ਵੇਲੇ ਮਾਸਕ ਪਹਿਨਣਾ, ਸਹੀ ਸਮਾਜਿਕ ਦੂਰੀ ਬਣਾਈ ਰੱਖਣਾ, ਜਿੰਨੇ ਵਾਰ ਸੰਭਵ ਹੋ ਸਕੇ ਸਾਬਣ ਨਾਲ ਲਗਾਤਾਰ 20 ਸਕਿੰਟ ਤੱਕ ਹੱਥ ਧੋਣ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਯਮਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।