
ਮਿਸ਼ਨ-2022: ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬੀਬੀਆਂ ਨਿਭਾਉਣਗੀਆਂ ਅਹਿਮ ਭੂਮਿਕਾ: ਬੀਬੀ ਜਗੀਰ ਕੌਰ
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਵਾਲਿਆਂ ਤੋਂ ਇਨਸਾਫ਼ ਤੇ ਵਿਕਾਸ ਦੀ ਉਮੀਦ ਨਹੀਂ:
ਆਈਏਐਸ, ਆਈਪੀਐਸ ਤੇ ਪੀਸੀਐਸ ਪ੍ਰੀਖਿਆ ਲਈ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦੇਵੇਗੀ ਐਸਜੀਪੀਸੀ
ਜੇ ਮਿਉਂਸਪਲ ਚੋਣਾਂ ’ਚ ਧੱਕੇਸ਼ਾਹੀ ਕਰਨੀ ਤਾਂ ਕਾਂਗਰਸੀ ਵਰਕਰਾਂ ਨੂੰ ਸਿੱਧੇ ਤੌਰ ’ਤੇ ਨਾਮਜ਼ਦ ਕਰ ਦਿੰਦੀ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿੰਗ ਵਿੰਗ ਦੀਆਂ ਜੁਝਾਰੂ ਬੀਬੀਆਂ ਦੀਆਂ ਬੂਥ ਪੱਧਰੀ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਬੀਬੀ ਜਗੀਰ ਕੌਰ ਅੱਜ ਇੱਥੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਜੋੜ ਮੇਲ ਅਤੇ ਗੁਰਮਤਿ ਸਮਾਗਮ ਵਿੱਚ ਹਿੱਸਾ ਲੈਣ ਆਏ ਸੀ।
ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਏਨੀ ਜ਼ਿਆਦਾ ਧੱਕੇਸ਼ਾਹੀ ਕਰਨੀ ਸੀ ਤਾਂ ਫਿਰ ਚੋਣਾਂ ਕਰਵਾਉਣ ਦੀ ਕੀ ਲੋੜ ਸੀ, ਕਾਂਗਰਸੀ ਵਰਕਰਾਂ ਨੂੰ ਸਿੱਧੇ ਤੌਰ ’ਤੇ ਨੌਮੀਨੇਟ ਕਰ ਦੇਣਾ ਸੀ। ਅਜਿਹਾ ਕਰਨ ਨਾਲ ਘੱਟੋ ਘੱਟ ਸਰਕਾਰੀ ਖਜ਼ਾਨਾ ਤਾਂ ਬਚ ਜਾਣਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਵਿੱਚ ਮੋਤੀਆਂ ਵਾਲੀ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਡੱਕਾ ਤੱਕ ਨਹੀਂ ਤੋੜਿਆ ਹੈ। ਮੌਜੂਦਾ ਸਮੇਂ ਵਿੱਚ ਜਿਹੜੇ ਵਿਕਾਸ ਪ੍ਰਾਜੈਕਟ ਜਾਂ ਹੋਰ ਕੰਮ ਚੱਲ ਰਹੇ ਹਨ, ਉਹ ਸਭ ਅਕਾਲੀ ਸਰਕਾਰ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਆੜ ਵਿੱਚ ਸਰਕਾਰ ਕੰਮ ਕਰਨ ਤੋਂ ਟਲ ਰਹੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸਿੱਖਾਂ ਦੇ ਜਥੇ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਆਗਿਆ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਨਾਤਾ ਤੋੜ ਲੈਣ ਕਾਰਨ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਮੋਦੀ ਸਰਕਾਰ ਨੇ ਜਾਣਬੁੱਝ ਕੇ ਸਿੱਖ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਆਈਏਐਸ, ਆਈਪੀਐਸ, ਪੀਸੀਐਸ ਅਤੇ ਐਨਡੀਏ ਦੀ ਪ੍ਰੀਖਿਆ ਸਬੰਧੀ ਲੋੜਵੰਦ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਸਬੰਧੀ ਤਜਰਬੇਕਾਰ ਅਧਿਆਪਕਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਜਦੋਂਕਿ ਇਸ ਤੋਂ ਪਹਿਲਾਂ ਕੋਚਿੰਗ ਦੇਣ ਲਈ ਫੀਸ ਵਸੂਲੀ ਜਾਂਦੀ ਸੀ। ਉਨ੍ਹਾਂ ਇਕ ਪਿੰਡ ਇਕ ਗੁਰਦੁਆਰਾ ਸਿਧਾਂਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਐਸਜੀਪੀਸੀ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਬੀਬੀ ਜਗੀਰ ਕੌਰ ਨੇ ਚੋਣਾਂ ਜਿੱਤਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਤੋਂ ਇਨਸਾਫ਼ ਅਤੇ ਵਿਕਾਸ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਨਾਲੋਂ ਕਈ ਗੁਣਾ ਵੱਧ ਨਸ਼ਾ ਵਿਕ ਰਿਹਾ ਹੈ ਅਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ (ਸਾਰੇ ਐਸਜੀਪੀਸੀ ਮੈਂਬਰ), ਬੀਬੀ ਹਰਜਿੰਦਰ ਕੌਰ, ਐਸਜੀਪਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ, ਅਵਤਾਰ ਸਿੰਘ ਸੈਂਪਲਾ, ਗੁਰਸੇਵ ਸਿੰਘ ਹਰਪਾਲਪੁਰ, ਪ੍ਰਚਾਰਕ ਭਾਈ ਜਤਿੰਦਰ ਸਿੰਘ ਤੇ ਭਾਈ ਰਾਜਪਾਲ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬੱਬਰਾ, ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਹਰਦੀਪ ਸਿੰਘ ਬਠਲਾਣਾ, ਪਰਮਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ, ਰਜਿੰਦਰ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ ਸਮੇਤ ਹੋਰ ਆਗੂ ਹਾਜ਼ਰ ਸਨ।